ਜੋਗਿੰਦਰ ਸਿੰਘ ਮਾਨ/ਸੱਤ ਪ੍ਰਕਾਸ਼ ਸਿੰਗਲਾ
ਮਾਨਸਾ/ਬਰੇਟਾ, 4 ਅਕਤੂਬਰ
ਕਿਸਾਨ ਅੰਦੋਲਨ ਦੇ ਦੂਜੇ ਸ਼ਹੀਦ ਵਜ਼ੀਰ ਸਿੰਘ ਕਿਸ਼ਨਗੜ੍ਹ (70) ਦਾ ਉਨ੍ਹਾਂ ਦੇ ਜੱਦੀ ਪਿੰਡ ਕਿਸ਼ਨਗੜ੍ਹ ਦੇ ਸ਼ਮਸ਼ਾਨਘਾਟ ਵਿੱਚ ਅੱਜ ਸਸਕਾਰ ਕਰ ਦਿੱਤਾ ਗਿਆ। ਵਜ਼ੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜਦੇ ਸਾਰ ਨਾਅਰਿਆਂ ਨਾਲ ਅਸਮਾਨ ਗੂੰਜ ਉਠਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਆਪੋ ਆਪਣੀ ਜਥੇਬੰਦੀ ਦੇ ਝੰਡੇ ਸਨਮਾਨ ਵਜੋਂ ਵਜ਼ੀਰ ਸਿੰਘ ਦੀ ਦੇਹ ’ਤੇ ਪਾਏ ਗਏ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਕਾਨੂੰਨ ਬਣਾਏ ਗਏ ਹਨ ਉਸ ਖਿਲਾਫ 15 ਸਤੰਬਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਘਰ ਅੱਗੇ ਪਿੰਡ ਬਾਦਲ ਵਿੱਚ ਮੋਰਚਾ ਲਾਇਆ ਗਿਆ ਸੀ। 22 ਸਤੰਬਰ ਦੀ ਸ਼ਾਮ ਨੂੰ ਮੋਰਚੇ ਦੀ ਸਮਾਪਤੀ ਤੋਂ ਬਾਅਦ ਜਦੋਂ ਪਿੰਡ ਕਿਸ਼ਨਗੜ੍ਹ ਦੇ ਕਿਸਾਨਾਂ ਦੀ ਬੱਸ ਕੋਟਫੱਤਾ ਪਿੰਡ ਨੇੜੇ ਪੁੱਜੀ ਤਾਂ ਟਰੱਕ ਨਾਲ ਟੱਕਰ ਹੋ ਜਾਣ ਕਾਰਨ ਕਈ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਮੁਖਤਿਆਰ ਸਿੰਘ ਕਿਸ਼ਨਗੜ੍ਹ ਦੀ ਉਸੇ ਹੀ ਦਿਨ ਮੌਤ ਹੋ ਗਈ ਸੀ, ਜਦੋਂ ਕਿ ਵਜ਼ੀਰ ਸਿੰਘ ਅਤੇ ਉਸ ਦੇ ਹੋਰ ਸਾਥੀਆਂ ਦਾ ਬਠਿੰਡਾ ਦੇ ਸਿਵਲ ਹਸਪਤਾਲ ਅਤੇ ਮੈਕਸ ਹਸਪਤਾਲ ਦੇ ਵਿੱਚ ਇਲਾਜ ਚੱਲ ਰਿਹਾ ਸੀ। ਵਜ਼ੀਰ ਸਿੰਘ ਦੀ ਬੀਤੇ ਦਿਨ ਮੌਤ ਹੋ ਗਈ ਸੀ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਕਿਸਾਨਾਂ ਦਾ ਸਹੀ ਤਰੀਕੇ ਨਾਲ ਇਲਾਜ ਕਰਵਾਇਆ ਜਾਵੇ। ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ, ਮੇਜਰ ਸਿੰਘ ਗੋਬਿੰਦਪੁਰਾ, ਸੋਹਨ ਸਿੰਘ, ਅਮਰੀਕ ਸਿੰਘ ਕਿਸ਼ਨਗੜ੍ਹ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਦਲਬਾਰਾ ਸਿੰਘ ਕਿਸ਼ਨਗੜ੍ਹ ਹਾਜ਼ਰ ਸਨ।