ਪੱਤਰ ਪ੍ਰੇਰਕ
ਹੰਢਿਆਇਆ, 10 ਅਗਸਤ
ਸਥਾਨਕ ਕੋਠੇ ਔਲਖ ਦੇ ਇੱਕ ਕਿਸਾਨ ਬਲਦੇਵ ਸਿੰਘ ਪੁੱਤਰ ਹਰਬੰਸ ਸਿੰਘ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਿਛਲੇ ਦਿਨੀਂ ਪਏ ਮੀਂਹ ਮਗਰੋਂ ਝੋਨੇ ਦੀ ਫ਼ਸਲ ਡੁੱਬ ਜਾਣ ਕਾਰਨ ਬਲਦੇਵ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਦੇਵ ਸਿੰਘ ਨੇ ਘਰ ਆ ਕੇ ਦੱਸਿਆ ਕਿ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਇਸ ਮਗਰੋਂ ਉਨ੍ਹਾਂ ਗੁਆਂਢੀਆਂ ਦੀ ਮਦਦ ਨਾਲ ਤੁਰੰਤ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਲਿਆਂਦਾ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਾਹਰਲੇ ਹਸਪਤਾਲ ਭੇਜ ਦਿੱਤਾ, ਪਰ ਉਥੇ ਪੁੱਜਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਜਾਂਚ ਅਧਿਕਾਰੀ ਅਨੁਸਾਰ ਬਲਦੇਵ ਸਿੰਘ ਦੀ ਮਾਤਾ ਸ਼ਿੰਦਰ ਕੌਰ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।