ਝਨੇੜੀ ’ਚ ਜ਼ਹਿਰੀਲੀ ਦਵਾਈ ਪੀਣ ਵਾਲੇ ਕਿਸਾਨ ਦੀ ਮੌਤ
ਮੇਜਰ ਸਿੰਘ ਮੱਟਰਾਂ
ਇੱਥੋਂ ਨੇੜਲੇ ਪਿੰਡ ਝਨੇੜੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਬਲਵਿੰਦਰ ਸਿੰਘ (37) ਨੇ ਕੁਝ ਦਿਨ ਪਹਿਲਾਂ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਸਿਰਫ਼ 4 ਵਿੱਘੇ ਜ਼ਮੀਨ ਹੈ ਅਤੇ ਉਸ ਦਾ ਪਤੀ ਕੁਝ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ ਅਤੇ ਖੇਤੀ ਮੋਟਰਾਂ ਠੀਕ ਕਰਨ ਦਾ ਵੀ ਕੰਮ ਕਰਦਾ ਸੀ। ਪਿਛਲੇ ਸਾਲਾਂ ਤੋਂ ਫ਼ਸਲ ਵਿੱਚੋਂ ਕੋਈ ਬੱਚਤ ਨਹੀਂ ਹੋ ਰਹੀ ਸੀ। ਉਨ੍ਹਾਂ ਦੇ ਚਾਰ ਧੀਆਂ ਹਨ। ਇਸ ਕਾਰਨ ਉਨ੍ਹਾਂ ’ਤੇ ਸਰਕਾਰੀ ਅਤੇ ਗੈਰ-ਸਰਕਾਰੀ 5 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ। ਕਰਜ਼ੇ ਕਾਰਨ ਉਸ ਦਾ ਪਤੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਦੋ ਸਤੰਬਰ ਨੂੰ ਜ਼ਹਿਰੀਲੀ ਦਵਾਈ ਪੀ ਲਈ ਸੀ। ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬਾਅਦ ਦੁਪਹਿਰ ਉਸ ਦਾ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਘਰਾਚੋਂ, ਸਤਵਿੰਦਰ ਸਿੰਘ ਘਰਾਚੋਂ ਅਤੇ ਸਾਬਕਾ ਸਰਪੰਚ ਗੁਰਤੇਜ ਸਿੰਘ ਝਨੇੜੀ ਨੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਅਤੇ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਏ ਐੱਸ ਆਈ ਮੇਹਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।