ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਜਨਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਟੌਲ ਪਲਾਜ਼ਾ ਕਾਲਾਝਾੜ ’ਤੇ ਜਾਰੀ ਧਰਨੇ ਦੌਰਾਨ ਸਿਹਤ ਖ਼ਰਾਬ ਹੋਣ ਕਾਰਨ ਕਿਸਾਨ ਹਰਬੰਸ ਸਿੰਘ (60) ਵਾਸੀ ਚੰਨੋਂ ਦੀ ਮੌਤ ਹੋ ਗਈ। ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੱਸਿਆ ਕਿ ਹਰਬੰਸ ਸਿੰਘ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਲਗਾਤਾਰ ਦਿੱਲੀ ਧਰਨੇ ਵਿਚ ਸ਼ਾਮਲ ਰਿਹਾ ਹੈ ਤੇ ਹੁਣ ਪੰਜਾਬ ਸਰਕਾਰ ਖ਼਼ਿਲਾਫ਼ ਧਰਨੇ ਵਿਚ ਹਾਜ਼ਰੀ ਲਗਵਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਕਿਸਾਨ ਹਰਬੰਸ ਸਿੰਘ ਧਰਨੇ ਦੌਰਾਨ ਸਿਹਤ ਖ਼ਰਾਬ ਹੋਣ ਮਗਰੋਂ ਘਰ ਚਲਾ ਗਿਆ, ਜਿੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਚੰਨੋਂ ਵਿੱਚ ਉਸ ਦਾ ਸਸਕਾਰ ਕੀਤਾ ਗਿਆ ਹੈ। ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਸਰਕਾਰ ਤੋਂ ਪਰਿਵਾਰ ਨੂੰ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।