ਖੇਤ ਪਾਣੀ ਲਾਉਣ ਗਏ ਪਿੰਡ ਸੰਧਵਾਂ ਦੇ ਕਿਸਾਨ ਦਾ ਕਤਲ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 7 ਜੁਲਾਈ
Punjab news ਕੋਟਕਪੂਰਾ ਦੇ ਪਿੰਡ ਸੰਧਵਾਂ ਵਿੱਚ ਖੇਤਾਂ ਨੂੰ ਪਾਣੀ ਲਾਉਣ ਗਏ ਇੱਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਸੰਧਵਾਂ ਦੇ ਜਗਮੋਹਨ ਸਿੰਘ(47) ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਚਾਚਾ ਬਲਦੇਵ ਸਿੰਘ ਨੇ ਦੱਸਿਆ ਕਿ ਜਗਮੋਹਨ ਸਿੰਘ, ਮੰਡੀਕਰਨ ਬੋਰਡ ਵਿੱਚ ਇਲੈਕਟ੍ਰੀਸ਼ੀਅਨ ਵਜੋਂ ਕੰਮ ਕਰਦਾ ਸੀ ਅਤੇ ਨਾਲ ਨਾਲ ਖੇਤੀਬਾੜੀ ਵੀ ਕਰ ਰਿਹਾ ਸੀ। ਦੇਰ ਰਾਤ ਤਕਰੀਬਨ 2 ਵਜੇ ਉਹ ਆਪਣੇ ਘਰ ਤੋਂ ਖੇਤ ਨੂੰ ਪਾਣੀ ਲਾਉਣ ਵਾਸਤੇ ਗਿਆ ਸੀ। ਜਦੋਂ ਕਾਫੀ ਸਮੇਂ ਤੱਕ ਉਹ ਘਰ ਵਾਪਸ ਨਹੀਂ ਪਰਤਿਆ ਤਾਂ ਪਰਿਵਾਰ ਦੇ ਲੋਕਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲਿਆਂ ਨੂੰ ਬਾਅਦ ਵਿੱਚ ਉਹ ਖੇਤ ’ਚੋਂ ਲਹੂ ਲੁਹਾਨ ਹਾਲਤ ਵਿਚ ਮਿਲਿਆ। ਉਸ ਨੂੰ ਤੁਰੰਤ ਕੋਟਕਪੂਰਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਕੋਟਕਪੂਰਾ ਦੇ ਡੀਐੱਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ ਅਤੇ ਤਫਤੀਸ਼ ਸ਼ੁਰੂ ਕਰ ਦਿੱਤੀ। ਉਨ੍ਹਾਂ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲੈਣ ਦਾ ਭਰੋਸਾ ਦਿੱਤਾ ਹੈ।