ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਪਿੰਡ ਦਿਆਲਪੁਰਾ ਮਿਰਜ਼ਾ ਦੇ ਕੌਮੀ ਪੱਧਰ ਦੇ ਰੱਸਾਕਸ਼ੀ ਖਿਡਾਰੀ ਗੁਰਲਾਭ ਸਿੰਘ (22) ਜਿਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ, ਦਾ ਸਸਕਾਰ ਅੱਜ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ। ਗੁਰਲਾਭ ਸਿੰਘ ਦਿੱਲੀ ਵਿੱਚ ਚੱਲ ਰਹੇ ਕਿਸਾਨ ਮੋਰਚੇ ਵਿੱਚ ਕਰੀਬ ਤਿੰਨ ਹਫ਼ਤੇ ਠਹਿਰਣ ਮਗਰੋਂ ਦੋ ਦਿਨ ਪਹਿਲਾਂ ਹੀ ਆਪਣੇ ਪਿੰਡ ਪਰਤਿਆ ਸੀ ਅਤੇ ਬੀਤੇ ਦਿਨ ਉਸ ਨੇ ਖ਼ੁਦਕੁਸ਼ੀ ਕਰ ਲਈ ਸੀ। ਪਰਮਾਤਮਾ ਸਿੰਘ ਹਮੀਰਗੜ੍ਹ, ਸ਼ਵਿੰਦਰ ਸਿੰਘ, ਗੁਰਲਾਲ ਅਤੇ ਰਮਨਦੀਪ ਧਾਲੀਵਾਲ ਕੈਨੇਡਾ ਨੇ ਗੁਰਲਾਭ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਤੇ ਦੁੱਖ ਤਕਲੀਫਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀ ਕਾਨੂੰਨ ਵਾਪਸ ਲਵੇ। ਬੀਕੇਯੂ (ਕ੍ਰਾਂਤੀਕਾਰੀ) ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ, ਬਲਾਕ ਪ੍ਰਧਾਨ ਬਲਜਿੰਦਰ ਕਾਲਾ, ਗੁਰਪ੍ਰੀਤ ਭਗਤਾ ਅਤੇ ਲੋਕ ਸੰਗਰਾਮ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਬਲਵੰਤ ਮਹਿਰਾਜ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ, 10 ਲੱਖ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।