ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਸੰਘਰਸ਼ ਦਾ ਐਲਾਨ
ਡੀ ਸੀ ਦਫ਼ਤਰਾਂ ਅੱਗੇ ਧਰਨੇ ਅਤੇ ਮੰਤਰੀਆਂ ਖ਼ਿਲਾਫ਼ ਮੋਰਚੇ ਖੋਲ੍ਹਣ ਦਾ ਫ਼ੈਸਲਾ
ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਦੇ ਸੂਬਾਈ ਆਗੂਆਂ ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕੀਤਾ ਗਿਆ। ਜਾਣਕਾਰੀ ਅਨੁਸਾਰ ਮੋਰਚੇ ਵੱਲੋਂ 25 ਅਗਸਤ ਤੋਂ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਸੰਘਰਸ਼ ਸ਼ੁਰੂ ਕਰਨ ਬਾਰੇ ਫਲੈਕਸਾਂ ਲਗਾਈਆਂ ਜਾਣਗੀਆਂ ਤੇ ਇਸ ਮਗਰੋਂ 31 ਅਗਸਤ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਮੁਜ਼ਾਹਰੇ ਕੀਤੇ ਜਾਣਗੇ। 14 ਸਤੰਬਰ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਖ਼ਿਲਾਫ਼ ਪੰਜ ਰੋਜ਼ਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਫਿਰ ਵੀ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਦਿਲਬਾਗ ਸਿੰਘ ਹਰੀਗੜ੍ਹ, ਮਨਜੀਤ ਸਿੰਘ ਨਿਆਲ, ਸੁਖਵਿੰਦਰ ਕੌਰ, ਬਲਦੇਵ ਸਿੰਘ ਜ਼ੀਰਾ ਅਤੇ ਗੁਰਅਮਨੀਤ ਸਿੰਘ ਮਾਂਗਟ ਨੇ ਕਿਹਾ ਕਿ ਸਾਲ 2022 ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ।
ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਜਾ ਰਹੇ ਭਾਰਤ-ਅਮਰੀਕਾ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ ਅਤੇ ਬੀਜ ਐਕਟ ਦੇ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਮਤਾ ਪਾਸ ਕੀਤਾ ਜਾਵੇ। ਸ਼ੰਭੂ-ਖਨੌਰੀ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਰਹਿੰਦਾ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ। ਕਿਸਾਨਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੇ ਅਧਿਕਾਰ ਅਤੇ ਹੱਕ ਬਹਾਲ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਣੇ ਹੋਰ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਗਵਰਨਰ ਦੇ ਘਰ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਕੀਤੀ। ਇਸ ਮੌਕੇ ਜੰਗ ਸਿੰਘ, ਬਲਕਾਰ ਸਿੰਘ ਬੈਂਸ, ਮਲਕੀਤ ਸਿੰਘ, ਓਂਕਾਰ ਸਿੰਘ, ਰਣਦੀਪ ਸਿੰਘ ਧਨੋਆ, ਗੁਰਦੇਵ ਸਿੰਘ ਦਸੂਹਾ, ਬਲਵੰਤ ਸਿੰਘ ਬਹਿਰਾਮਕੇ, ਸੁਖਚੈਨ ਸਿੰਘ ਤੇ ਹੋਰ ਕਿਸਾਨ ਆਗੂ ਮੌਜੂਦ ਸਨ।

