ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

ਪੰਜਾਬ ਨੂੰ ਪੁਲੀਸ ਰਾਜ ਨਹੀਂ ਬਣਨ ਦਿੱਤਾ ਜਾਵੇਗਾ: ਉਗਰਾਹਾਂ
Advertisement

ਨਿੱਜੀ ਪੱਤਰ ਪ੍ਰੇਰਕ

ਫ਼ਰੀਦਕੋਟ, 2 ਜੁਲਾਈ

Advertisement

ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹ ਪੰਜਾਬ ਨੂੰ ਪੁਲੀਸ ਰਾਜ ਨਹੀਂ ਬਣ ਦੇਣਗੇ ਅਤੇ ਕਿਸਾਨ-ਮਜ਼ਦੂਰ ਅਤੇ ਹੋਰ ਭਰਾਤਰੀ ਜਥੇਬੰਦੀਆਂ ਇਕੱਠੀਆਂ ਹੋ ਕੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਲੜਨਗੀਆਂ ਅਤੇ 25 ਜੁਲਾਈ ਨੂੰ ਸੰਗਰੂਰ ’ਚ ਇਸ ਬਾਰੇ ਭਰਵੀਂ ਰੈਲੀ ਕੀਤੀ ਜਾਵੇਗੀ। ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜੋਗਿੰਦਰ ਸਿੰਘ ਉਗਰਾਹਾਂ, ਲਛਮਣ ਸਿੰਘ ਸੇਵੇਵਾਲਾ, ਗੁਰਵਿੰਦਰ ਸਿੰਘ ਬੌੜਾ, ਹਰਮੇਸ਼ ਮਾਲੜੀ ਤੇ ਮੰਗਾ ਵੈਰੋਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰਦੇ ਲੋਕਾਂ ਉੱਪਰ ਤਸ਼ੱਦਦ ਕੀਤਾ ਜਾ ਰਿਹਾ ਹੈ। ਪੰਜਾਬ ਅੰਦਰ ਪੁਲੀਸ ਨੂੰ ਵੱਧ ਅਧਿਕਾਰ ਦਿੱਤੇ ਹੋਏ ਹਨ। ਸੰਘਰਸ਼ ਕਰ ਰਹੇ ਲੋਕਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਉਨ੍ਹਾਂ ’ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸੰਗਰੂਰ ਵਿੱਚ ਬੇਗਮਪੁਰਾ ਦੀ ਉਸਾਰੀ ਲਈ ਜਾ ਰਹੇ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਜੇਲਾਂ ਵਿੱਚ ਡੱਕਿਆ ਗਿਆ ਹੈ ਅਤੇ ਹਾਲੇ ਵੀ 14 ਮਜ਼ਦੂਰ ਦੋ ਔਰਤਾਂ ਸਮੇਤ ਜੇਲ੍ਹਾਂ ਵਿੱਚ ਬੰਦ ਹਨ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੰਗਰੂਰ ਵਿੱਚ ਸਰਗਰਮੀ ’ਤੇ ਪਾਬੰਦੀ ਲਾਈ ਹੋਈ ਹੈ।

ਜਥੇਬੰਦੀਆਂ ਨੇ ਮੰਗ ਕੀਤੀ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗ੍ਰਿਫ਼ਤਾਰ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਮਜ਼ਦੂਰਾਂ ਦੇ ਸੰਘਰਸ਼ ਕਰਨ ’ਤੇ ਲਗਾਈ ‌ਪਾਬੰਦੀ ਖਤਮ ਕੀਤੀ ਜਾਵੇ, ਜ਼ਮੀਨ ਹੱਦਬੰਦੀ ਕਾਨੂੰਨ ਸਖ਼ਤੀ ਨਾਲ ਲਾਗੂ ਕੀਤਾ ਜਾਵੇ, ਪੰਚਾਇਤੀ ਜ਼ਮੀਨ ’ਚੋਂ ਤੀਜੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣੀ ਯਕੀਨੀ ਬਣਾਈ ਜਾਵੇ ਅਤੇ ‌ਪੰਜਾਬ ਨੂੰ ਪਲੀਸ ਰਾਜ ਵਿੱਚ ਬਦਲਣ ਦੀਆਂ ਕੋਸ਼ਿਸ਼ਾਂ ’ਤੇ ਤੁਰੰਤ ਪਾਬੰਦੀ ਲਾਈ ਜਾਵੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਮਨਜੀਤ ਸਿੰਘ ਧਨੇਰ, ਜਮਹੂਰੀ ਕਿਸਾਨ ਸਭਾ ਦੇ ਬਲਰਾਜ ਸਿੰਘ ਕੋਟ ਉਮਰਾ, ਕਿਰਤੀ ਕਿਸਾਨ ਮੋਰਚਾ ਦੇ ਬੀਰ ਸਿੰਘ ਵਡਵਾ, ਕੁੱਲ ਹਿੰਦ ਕਿਸਾਨ ਸਭਾ ਦੇ ਜਗਜੀਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜਗਰਾਜ ਸਿੰਘ ਦੱਦਾਹੂਰ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਹਰਮਨ ਤੇ ਪੇਂਡੂ ਮਜ਼ਦੂਰ ਯੂਨੀਅਨ ਕ੍ਰਾਂਤੀਕਾਰੀ ਦੇ ਲਖਬੀਰ ਸਿੰਘ ਸਿੰਘਾਂਵਾਲਾ ਆਦਿ ਨੇ ਵੀ ਸੰਬੋਧਨ ਕੀਤਾ।

Advertisement