ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕਾਂ ਨੂੰ ਮੁਕੰਮਲ ਤੌਰ ’ਤੇ ਹਟਾਉਣ ਤੋਂ ਇਨਕਾਰ ਕਰਨ ’ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਨਾਲ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਦੀ ਰਫ਼ਤਾਰ ਥੰਮ੍ਹ ਗਈ ਹੈ ਅਤੇ ਬਹੁਤ ਵੱਡੇ ਪੱਧਰ ’ਤੇ ਪ੍ਰੇਸ਼ਾਨੀਆਂ ਦੇ ਨਾਲ-ਨਾਲ ਵਿੱਤੀ ਘਾਟਾ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਪੰਜਾਬ ਦੇ ਹਿੱਤ ਵਿੱਚ ਖਾਸ ਕਰਕੇ ਇਸ ਮੁੱਦੇ ’ਤੇ ਸੂਬਾ ਸਰਕਾਰ ਦੀ ਡਟਵੀਂ ਹਮਾਇਤ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦਾ ਰਾਹ ਤੋਰਨ ਦੇ ਫੈਸਲੇ ਦੇ ਮੱਦੇਨਜ਼ਰ ਕਿਸਾਨ ਯੂਨੀਅਨਾਂ ਆਪਣੀ ਦ੍ਰਿੜ ਪਹੁੰਚ ਤੋਂ ਪਿੱਛੇ ਹਟ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁਸਾਫ਼ਰ ਰੇਲਗੱਡੀਆਂ ਰੋਕਣ ਦੇ ਸਬੰਧ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਫੈਸਲਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਰੇਲ ਆਵਾਜਾਈ ਜੇਕਰ ਇਸੇ ਤਰ੍ਹਾਂ ਮੁਅੱਤਲ ਰਹੀ ਤਾਂ ਸੂਬਾ ਡੂੰਘੇ ਸੰਕਟ ਵਿੱਚ ਫਸ ਜਾਵੇਗਾ ਅਤੇ ਕੋਈ ਵੀ ਸਰਕਾਰ ਅਜਿਹੀ ਸਥਿਤੀ ਸਹਿਣ ਨਹੀਂ ਕਰ ਸਕਦੀ।