ਫ਼ਰੀਦਕੋਟ (ਜਸਵੰਤ ਜੱਸ): ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਕੈਦੀਆਂ ਦੀ ਰਿਹਾਈ ਲਈ ਕਿਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਹਥਿਆਰਬੰਦ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਇਸ ਦੌਰਾਨ ਬੁੱਧੀਜੀਵੀਆਂ ਅਤੇ ਸਿਆਸੀ ਕੈਦੀਆਂ ਦੀ ਰਿਹਾਈ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਦਰਜ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਗਈ। ਇਨ੍ਹਾਂ ਬੰਦੀਆਂ ਤੇ ਕੈਦੀਆਂ ਵਿੱਚ ਪ੍ਰੋ. ਜੀ.ਐੱਨ. ਸਾਈਬਾਬਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਉਮਰ ਖਾਲਿਦ, ਆਨੰਦ ਤੈਲਤੁੰਬੜੇ ਆਦਿ ਪ੍ਰਮੁੱਖ ਤੌਰ ’ਤੇ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਮਾਰਚ ਖ਼ਿਲਾਫ਼ ਦੀਪ ਸਿੱਧੂ ਦੇ ਸਮਰਥਕਾਂ ਨੇ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਿੱਤੀਆਂ ਹੋਈਆਂ ਸਨ ਅਤੇ ਉਹ ਅੱਜ ਮੁਜ਼ਾਹਰੇ ਨੂੰ ਰੋਕਣ ਲਈ ਸ਼ਹਿਰ ਵਿੱਚ ਵੀ ਆਏ ਪਰ ਪੁਲੀਸ ਨੇ ਉਨ੍ਹਾਂ ਨੂੰ ਭਗਤ ਸਿੰਘ ਪਾਰਕ ਨੇੜੇ ਹੀ ਰੋਕ ਲਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਜਸਵਿੰਦਰ ਸਿੰਘ ਝੰਬੇਲਵਾਲੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਕੈਦੀਆਂ, ਸਿੱਖ ਕਾਰਕੁਨਾਂ, ਬੁੱਧੀਜੀਵੀਆਂ ਅਤੇ ਲੇਖਕਾਂ ਦੀ ਰਿਹਾਈ ਲਈ ਸ਼ਾਂਤੀਪੂਰਨ ਤਰੀਕੇ ਨਾਲ ਮਾਰਚ ਕਰਨ ਦਾ ਸੱਦਾ ਦਿੱਤਾ ਸੀ ਪਰ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਅਤੇ ਦੀਪ ਸਿੱਧੂ ਦੇ ਸਮਰਥਕਾਂ ਨੇ ਇਹ ਮਾਰਚ ਰੋਕਣ ਦੀ ਚੁਣੌਤੀ ਦਿੱਤੀ ਸੀ। ਇਸੇ ਕਰਕੇ ਉਨ੍ਹਾਂ ਹਥਿਆਰਬੰਦ ਹੋ ਕੇ ਮਾਰਚ ਕੀਤਾ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਤੇ ਬੁੱਧੀਜੀਵੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਦੂਜੇ ਪਾਸੇ ਫਰੀਦਕੋਟ ਪੁਲੀਸ ਨੇ ਮੁਜ਼ਾਹਰੇ ਵਿੱਚ ਸ਼ਾਮਲ ਹੋਏ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਪੁੱਛ-ਪੜਤਾਲ ਤੋਂ ਬਾਅਦ ਰਿਹਾਅ ਕਰ ਦਿੱਤਾ।