ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਪੰਜਾਬ ਵਿੱਚ ਪਿਛਲੇ ਸਾਢੇ ਸੱਤ ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਤੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਸਿਆਸੀ ਧਿਰਾਂ ਕਰੋਨਾ ਦੇ ਨਾਮ ਹੇਠ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੇ ਰਾਹ ਤੁਰੀਆਂ ਹੋਈਆਂ ਹਨ। ਸਟੇਜਾਂ ਤੋਂ ਪੰਜਾਬ ਤੇ ਹਰਿਆਣਾ ਦੇ ਉਨ੍ਹਾਂ ਸਿਆਸੀ ਆਗੂਆਂ ਦੇ ਬਿਆਨਾਂ ਦੀ ਨਿਖੇਧੀ ਕੀਤੀ ਗਈ, ਜਿਨ੍ਹਾਂ ਨੇ ਪਿੰਡਾਂ ’ਚ ਕਰੋਨਾ ਮਹਾਮਾਰੀ ਦੇ ਫੈਲਾਅ ਲਈ ਦਿੱਲੀ ’ਚ ਸੰਘਰਸ਼ ਕਰ ਰਹੇ ਕਿਸਾਨਾਂ ਸਿਰ ਦੋਸ਼ ਮੜ੍ਹੇ ਹਨ।
ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਗੂੰਜ ਵਿਸ਼ਵ ਪੱਧਰ ’ਤੇ ਪੈਣ ਕਾਰਨ ਕੁਝ ਸਿਆਸੀ ਪਾਰਟੀਆਂ ਨੇ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕਰਨ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਅਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਚਾਲਾਂ ਚੱਲਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਦੀ ਲੋੜ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਕਾਰਨ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਤਾਂ ਕਿਸਾਨਾਂ ’ਤੇ ਕਰੋਨਾ ਦੇ ਫੈਲਾਅ ਬਾਰੇ ਬੇਬੁਨਿਆਦ ਦੋਸ਼ ਲਗਾ ਹੀ ਰਹੇ ਸਨ, ਹੁਣ ਪੰਜਾਬ ਦੇ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਭਾਜਪਾ ਆਗੂਆਂ ਦੇ ਬਿਆਨਾਂ ਨਾਲ ਮੇਲ ਖਾਂਦਾ ਬਿਆਨ ਦਿੱਤਾ ਹੈ, ਜਿਸ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਸਿਆਸੀ ਆਗੂਆਂ ਨੂੰ ਐਨਾ ਹੀ ਫਿਕਰ ਹੈ ਤਾਂ ਕਿਸਾਨਾਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਮੋਰਚਿਆਂ ਤੋਂ ਆਉਂਦੇ ਕਿਸਾਨ ਕਰੋਨਾ ਟੈਸਟ ਜ਼ਰੂਰ ਕਰਵਾਉਣ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 26 ਮਈ ਨੂੰ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਮਨਾਏ ਜਾ ਰਹੇ ਕਾਲੇ ਦਿਨ ਲਈ ਭਰਾਤਰੀ ਜਥੇਬੰਦੀਆਂ ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 26 ਮਈ ਨੂੰ ਪੰਜਾਬ ਤੋਂ ਦਿੱਲੀ ਦੇ ਕਿਸਾਨ ਮੋਰਚਿਆਂ ਲਈ ਸੈਂਕੜੇ ਜਥੇ ਰਵਾਨਾ ਹੋਣਗੇ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੱਕੇ ਧਰਨੇ 234ਵੇਂ ਦਿਨ ਵੀ ਜਾਰੀ ਰਹੇ। ਧਰਨਿਆਂ ਵਿੱਚ ਜਲ, ਜੰਗਲ, ਜ਼ਮੀਨ ਅਤੇ ਵਾਤਾਵਰਨ ਦੀ ਰਾਖੀ ਲਈ ਤਾਉਮਰ ਜੂਝਣ ਵਾਲੇ ਸੁੰਦਰ ਲਾਲ ਬਹੁਗਣਾ ਦੇ ਵਿਛੋੜੇ ਨੂੰ ਮਨੁੱਖਤਾ ਲਈ ਵੱਡੇ ਘਾਟੇ ਵਜੋਂ ਚਿਤਵਿਆ ਗਿਆ। ਗ਼ਦਰ ਲਹਿਰ ਦੇ ਬਾਬਾ ਭਗਤ ਸਿੰਘ ਬਿਲਗਾ ਨੂੰ ਬਰਸੀ ਮੌਕੇ ਯਾਦ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ 23 ਮਈ ਨੂੰ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੂੰ ਪੰਜਾਬ ਅਤੇ ਦਿੱਲੀ ਦੇ ਕਿਸਾਨ ਮੋਰਚਿਆਂ ਵਿੱਚ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।
ਮਜ਼ਦੂਰ ਜਥੇਬੰਦੀਆਂ ਵੱਲੋਂ 26 ਮਈ ਦੇ ਪ੍ਰੋਗਰਾਮ ਦੀ ਹਮਾਇਤ
ਪੰਜਾਬ ਦੀਆਂ ਸੱਤ ਮਜ਼ਦੂਰ ਜਥੇਬੰਦੀਆਂ ’ਤੇ ਆਧਾਰਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਘੋਲ ਦੇ ਛੇ ਮਹੀਨੇ ਬੀਤਣ ਅਤੇ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ ’ਤੇ 26 ਮਈ ਨੂੰ ਸਯੁੰਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਦੇਸ਼ਿਵਆਪੀ ‘ਕਾਲੇ ਦਿਨ’ ਨੂੰ ਮਜ਼ਦੂਰ ਜਥੇਬੰਦੀਆਂ ਵੀ ਸਮਰਥਨ ਦੇਣਗੀਆਂ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਭਗਵੰਤ ਸਿੰਘ ਸਮਾਓਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਗੁਲਜ਼ਾਰ ਗੋਰੀਆਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੰਜੀਵ ਮਿੰਟੂ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੁਖਪਾਲ ਖਿਆਲੀਵਾਲਾ ਨੇ ਕਿਹਾ ਕਿ 26 ਮਈ ਨੂੰ ਪੰਜਾਬ ਭਰ ਵਿੱਚ ਮਜ਼ਦੂਰ ਜਥੇਬੰਦੀਆਂ ਕਿਸਾਨ ਮੋਰਚੇ ਦੇ ਸੱਦੇ ’ਤੇ ਜਿੱਥੇ ਕਿਸਾਨਾਂ ਨਾਲ ਪ੍ਰਦਰਸ਼ਨਾਂ ’ਚ ਹਿੱਸਾ ਲੈਣਗੀਆਂ, ਉੱਥੇ ਹੀ ਜਥੇਬੰਦੀਆਂ ਦੇ ਕਾਰਕੁਨ ਘਰਾਂ ਦੀਆਂ ਛੱਤਾਂ ’ਤੇ ਕਾਲੇ ਝੰਡੇ ਲਾ ਕੇ ਮੋਦੀ ਹਕੂਮਤ ਵਿਰੁੱਧ ਰੋਸ ਜ਼ਾਹਰ ਕਰਨਗੇ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਪਿਛਲੇ ਸੱਤ ਸਾਲਾਂ ਦੇ ਰਾਜ ਦੌਰਾਨ ਦਲਿਤਾਂ ’ਤੇ ਸਮਾਜਿਕ ਤੇ ਸਰਕਾਰੀ ਜਬਰ ਵਧਿਆ ਹੈ ਅਤੇ ਇਸ ਦੇ ਕਾਰਪੋਰੇਟ ਵਿਕਾਸ ਮਾਡਲ ਨੇ ਕਿਰਤੀਆਂ ਨੂੰ ਹਾਸ਼ੀਏ ’ਤੇ ਧੱਕ ਦਿੱਤਾ ਹੈ।