ਇਸ ਮੌਕੇ ਬੀ ਕੇ ਯੂ (ਉਗਰਾਹਾਂ), ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਅਤੇ ਬੀ ਕੇ ਯੂ (ਡਕੌਂਦਾ) ਦੇ ਆਗੂਆਂ ਵੱਲੋਂ ਲੰਘੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ’ਤੇ ਹੋਏ ਕਥਿਤ ਜਬਰ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ’ਤੇ ਕਾਬਜ਼ ਭਾਜਪਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਆਪਣੀ ਹੀ ਰਾਜਧਾਨੀ ਵਿੱਚ ਦਾਖ਼ਲਾ ਰੋਕ ਕੇ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਨੂੰ ਕੁਚਲਿਆ ਹੈ।
ਗੌਰਤਲਬ ਹੈ ਕਿ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 15 ਮਈ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਜਦੋਂ ਕਿਸਾਨ ਜਥੇਬੰਦੀਆਂ ਚੰਡੀਗੜ੍ਹ ਸਥਿਤ ਰਾਜ ਭਵਨ ਵੱਲ ਜਾ ਰਹੀਆਂ ਸਨ, ਤਾਂ ਰਸਤੇ ਵਿੱਚ ਚੰਡੀਗੜ੍ਹ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਕਿਸਾਨਾਂ ਨੂੰ ਰੋਕ ਲਿਆ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਕਥਿਤ ਤੌਰ 'ਤੇ ਪਾਣੀ ਦੀਆਂ ਬੁਛਾੜਾਂ (ਵਾਟਰ ਕੈਨਨ), ਅੱਥਰੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ।

