ਦਵਿੰਦਰ ਪਾਲ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਰੇਲਵੇ ਸਟੇਸ਼ਨਾਂ, ਭਾਜਪਾ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਅੱਗੇ ਅੰਦੋਲਨਕਾਰੀਆਂ ਨੇ ਵਰ੍ਹਦੇ ਮੀਂਹ ’ਚ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ੀ ਮੋਰਚੇ ਭਖ਼ਾਈ ਰੱਖੇ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਮੋਰਚੇ ਦੇ ਗਿਆਰਾਂ ਮਹੀਨੇ ਮੁਕੰਮਲ ਹੋਣ ’ਤੇ 26 ਅਕਤੂਬਰ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰੀ ਪ੍ਰਦਰਸ਼ਨਾਂ ਲਈ ਪੰਜਾਬ ਭਰ ’ਚ ਲਾਮਬੰਦੀ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾਵੇਗੀ।
ਇਸੇ ਦੌਰਾਨ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਅਸਥੀ ਕਲਸ਼ ਯਾਤਰਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚੀ। ਪੰਜਾਬ ਭਰ ਤੋਂ ਹਾਸਲ ਹੋਈਆਂ ਰਿਪੋਰਟਾਂ ਮੁਤਾਬਕ ਮਾਝਾ, ਮਾਲਵਾ ਅਤੇ ਦੋਆਬਾ ਤਿੰਨੋਂ ਖੇਤਰਾਂ ਵਿੱਚ ਅਲੱਗ ਅਲੱਗ ਯਾਤਰਾਵਾਂ ਕੱਢੀਆਂ ਗਈਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਭਾਜਪਾ ਤੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ।
ਇਸੇ ਤਰ੍ਹਾਂ ਅੱਜ ਸੰਘਰਸ਼ੀ ਅਖਾੜਿਆਂ ਤੋਂ ਸ਼ਹੀਦ ਭਗਤ ਸਿੰਘ ਦੇ ਨੇੜਲੇ ਸਾਥੀ ਜੈਦੇਵ ਕਪੂਰ ਦਾ ਜਨਮ ਦਿਨ ਮਨਾਇਆ ਗਿਆ। ਅੱਜ ਦੇ ਦਿਨ ਸੰਨ 1908 ਵਿੱਚ ਜਨਮੇ ਜੈਦੇਵ ਨੇ ਭਗਤ ਸਿੰਘ ਤੇ ਬੀਕੇ ਦੱਤ ਲਈ ਦਿੱਲੀ ਅਸੈਂਬਲੀ ਲਈ ਪਾਸ ਦਾ ਇੰਤਜ਼ਾਮ ਕੀਤਾ ਸੀ ਅਤੇ ਬੰਬ ਫਟਣ ਤੋਂ ਕੁੱਝ ਮਿੰਟ ਪਹਿਲਾਂ ਹੀ ਅਸੈਂਬਲੀ ਹਾਲ ਵਿੱਚੋਂ ਬਾਹਰ ਆ ਗਏ ਸਨ। ਬੁਲਾਰਿਆਂ ਨੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਭਾਵਪੂਰਤ ਸਿਜਦਾ ਕੀਤਾ।
ਆਗੂਆਂ ਨੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਸਾਮਰਾਜੀ ਪੂੰਜੀਪਤੀਆਂ ਦੀ ਚੌਕੀਦਾਰੀ ਕਰ ਰਹੀ ਮੋਦੀ ਹਕੂਮਤ ਦੀਆਂ ਜਾਬਰ ਤੇ ਫਿਰਕੂ ਸਾਜ਼ਿਸ਼ੀ ਚਾਲਾਂ ਨੂੰ ਪਹਿਲਾਂ ਵਾਂਗ ਮਿੱਟੀ ਵਿੱਚ ਰੋਲਦਿਆਂ ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਘੋਲ ਨੂੰ ਹੋਰ ਵਿਸ਼ਾਲ ਤੇ ਮਜਬੂਤ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਫਿਰਕੂ ਚਾਲਾਂ ਦਾ ਖਹਿੜਾ ਛੱਡ ਕੇ ਕਿਸਾਨਾਂ ਦੀਆਂ ਬਿਲਕੁਲ ਹੱਕੀ ਮੰਗਾਂ ਨੂੰ ਪ੍ਰਵਾਨ ਕਰੇ। ਬੁਲਾਰਿਆਂ ਨੇ ਡੀਏਪੀ ਖਾਦ ਦੀ ਕਿੱਲਤ ’ਤੇ ਅੱਜ ਮੁੜ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਡੀਲਰ ਹਾਲਾਤ ਦਾ ਨਾਜਾਇਜ਼ ਉਠਾ ਰਹੇ ਹਨ ਅਤੇ ਖ਼ਰੀਦਦਾਰਾਂ ਨੂੰ ਖਾਦ ਦੇ ਨਾਲ ਹੋਰ ਬੇਲੋੜੀਆਂ ਵਸਤਾਂ ਖ਼ਰੀਦਣ ਲਈ ਮਜਬੂਰ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ 1200 ਰੁਪਏ ਦੀ ਕੀਮਤ ਵਾਲੇ ਥੈਲੇ ਲਈ ਕਿਸਾਨਾਂ ਨੂੰ 1400 ਰੁਪਏ ਦੇਣੇ ਪੈ ਰਹੇ ਹਨ। ਉਧਰ, ਖੇਤੀ ਮਾਹਿਰਾਂ ਨੇ ਡੀਏਪੀ ਖਾਦ ਦੇ ਉਲਟੇ ਸਿੱਧੇ ਬਦਲ ਸੁਝਾਉਣੇ ਸ਼ੁਰੂ ਕਰ ਦਿੱਤੇ ਹਨ। ਡੀਏਪੀ ਦੀ ਬਜਾਏ ਐੱਨਪੀਕੇ ਖਾਦ ਵਰਤਣ ਲਈ ਕਿਹਾ ਜਾ ਰਿਹਾ ਹੈ, ਜਿਸ ਦੇ ਭਾਅ ਕੇਂਦਰ ਸਰਕਾਰ ਨੇ ਪਹਿਲਾਂ ਹੀ 1180 ਰੁਪਏ ਤੋਂ ਵਧਾ ਕੇ 1450 ਰੁਪਏ ਕਰ ਦਿੱਤੇ ਹਨ। ਆਗੂਆਂ ਨੇ ਜਿੱਥੇ ਸਰਕਾਰ ਨੂੰ ਕਿੱਲਤ ਦੂਰ ਕਰਨ ਲਈ ਤੁਰੰਤ ਕਦਮ ਉਠਾਉਣ ਲਈ ਕਿਹਾ ਉਥੇ ਦੂਜੀ ਤਰਫ਼ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਖਾਦ ਦੀ ਜ਼ਖੀਰੇਬਾਜ਼ੀ ਨਾ ਕਰਨ।
ਝੱਖੜ ਕਾਰਨ ਨੁਕਸਾਨੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਸਰਕਾਰ ਤੋਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ-ਝੱਖੜ ਕਾਰਨ ਨੁਕਸਾਨੀ ਫ਼ਸਲ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਬੇਸ਼ੱਕ ਸਭ ਤੋਂ ਵੱਧ ਨੁਕਸਾਨ ਖੇਤਾਂ ਵਿੱਚ ਝੋਨੇ ਦੀ ਪੱਕੀ ਫ਼ਸਲ ਦਾ ਹੋਇਆ ਹੈ ਪਰ ਸਬਜ਼ੀਆਂ ਤੇ ਹੋਰ ਫ਼ਸਲਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਬਹੁਤੇ ਥਾਈਂ ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿੱਚ ਪਏ ਝੋਨੇ ਤੇ ਨਰਮੇ ਦਾ ਨੁਕਸਾਨ ਵੀ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੇਸ਼ੱਕ ਕੇਂਦਰ ਤੇ ਪੰਜਾਬ ਸਰਕਾਰ ਲਗਾਤਾਰ ਕਿਸਾਨਾਂ ਦੀਆਂ ਅਹਿਮ ਮੰਗਾਂ ਨੂੰ ਅਣਸੁਣਿਆ ਕਰ ਰਹੀ ਹੈ ਤੇ ਉੱਤੋਂ ਕੁਦਰਤ ਵੀ ਕਿਸਾਨਾਂ ਦਾ ਇਮਤਿਹਾਨ ਲੈ ਰਹੀ ਹੈ ਪਰ ਕਿਸਾਨ ਹਰ ਬਿਪਤਾ ਦਾ ਟਾਕਰਾ ਸਿਦਕ ਸਿਰੜ ਭਰੇ ਸੰਘਰਸ਼ ਰਾਹੀਂ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਰਵਾਨਾ ਕੀਤੇ ਗਏ ਹਨ। ਆਗੂਆਂ ਨੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਪਰਿਵਾਰਾਂ ਸਮੇਤ ਮੋਰਚਿਆਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।