ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ , 7 ਨਵੰਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਟੌਲ ਪਲਾਜ਼ਾ ਕਾਲਾਝਾੜ, ਟੌਲ ਪਲਾਜ਼ਾ ਮਾਝੀ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ 38ਵੇਂ ਦਿਨ ਵੀ ਧਰਨੇ ਜਾਰੀ ਰਹੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਨੂੰ ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਅੰਗਰੇਜ ਸਿੰਘ, ਸੁਰਜੀਤ ਕੌਰ ਮਾਝੀ, ਕੁਲਵੰਤ ਕੌਰ ਨਕਟੇ, ਜੀਤ ਸਿੰਘ ਮਾਝੀ ਅਤੇ ਨਛੱਤਰ ਸਿੰਘ ਨੇ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨਿਆਂ ਨੂੰ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ ਅਤੇ ਹਰਜੀਤ ਸਿੰਘ ਮਹਿਲਾਂ ਨੇ ਸੰਬੋਧਨ ਕੀਤਾ। ਇਸ ਮੌਕੇ ਕਿਸਾਨ ਬੀਬੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।