ਸੰਜੀਵ ਬੱਬੀ
ਚਮਕੌਰ ਸਾਹਿਬ, 3 ਦਸੰਬਰ
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਸੂਬੇ ਭਰ ਵਿੱਚੋਂ ਹਜ਼ਾਰਾਂ ਕਿਸਾਨ ਦਿੱਲੀ ਜਾਣ ਲਈ ਪਹੁੰਚੇ ਹੋਏ ਹਨ, ਉੱਥੇ ਹੀ ਚਮਕੌਰ ਸਾਹਿਬ ਤੋਂ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰੇਰਨਾ ਸਦਕਾ ਇੱਕ ਹੋਰ ਜਥਾ ਦਿੱਲੀ ਲਈ ਰਵਾਨਾ ਹੋਇਆ, ਜਿਸ ਨੂੰ ਹਰੀ ਝੰਡੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਵੱਲੋਂ ਦਿੱਤੀ ਗਈ। ਸ੍ਰੀ ਮਾਂਗਟ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਦੂਜੇ ਪਾਸੇ ਕਮਾਲਪੁਰ ਟੌਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ 51ਵੇਂ ਦਿਨ ਵੀ ਧਰਨਾ ਜਾਰੀ ਹੈ। ਸਾਬਕਾ ਸਰਪੰਚ ਗੁਰਦੀਪ ਸਿੰਘ ਰਾਜੀ, ਛੋਟਾ ਸਿੰਘ ਅਤੇ ਦਰਸ਼ਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿਲ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਧਰਨਾ ਤੇ ਮੁਜ਼ਾਹਰੇ ਕੀਤੇ ਜਾਣਗੇ ਅਤੇ ਅੱਜ ਸੂਬੇ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਬੰਦਸ਼ਾਂ ਕਾਰਨ ਹਰ ਹੀਲੇ ਦਿੱਲੀ ਵਿਚ ਪਹੁੰਚਣਗੇ।
ਮੋਰਿੰਡਾ (ਸੰਜੀਵ ਤੇਜਪਾਲ): ਪਿੰਡ ਓਇੰਦ ਤੋਂ ਦਿੱਲੀ ਵਿਚ ਧਰਨਾ ਦੇ ਰਹੇ ਕਿਸਾਨਾਂ ਲਈ ਰਾਸ਼ਨ ਭੇਜਿਆ ਗਿਆ। ਨੰਬਰਦਾਰ ਮੇਜਰ ਸਿੰਘ ਨੇ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਅਤੇ ਐੱਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਦੂਜੀ ਵਾਰੀ ਪਿੰਡ ਓਇੰਦ ਤੋਂ ਕਿਸਾਨਾਂ ਲਈ ਰਾਸ਼ਨ ਭੇਜਿਆ ਗਿਆ ਹੈ। ਉਹਨਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਕਿਸਾਨਾਂ ਦੀ ਮਦਦ ਜਾਰੀ ਰੱਖਣਗੇ। ਇਸੇ ਦੌਰਾਨ ਮੋਰਿੰਡਾ ਇਲਾਕੇ ਦੇ ਲੋਕਾਂ ਵੱਲੋਂ ਵੀ ਕਿਸਾਨਾਂ ਲਈ ਆਰਥਿਕ ਸਹਾਇਤਾ ਭੇਜੀ ਗਈ। ਮੋਰਿੰਡਾ ਵਾਸੀ ਜਸਪਾਲ ਸਿੰਘ ਕੰਗ ਸਾਬਕਾ ਪ੍ਰਧਾਨ ਦੀ ਬਾਗਾਂਵਾਲਾ ਸਹਿਕਾਰੀ ਸਭਾ ਮੋਰਿੰਡਾ ਨੇ 22 ਹਜ਼ਾਰ ਰੁਪਏ, ਸੁੱਚਾ ਸਿੰਘ ਬਾਜਵਾ ਸਾਬਕਾ ਖੇਤੀਬਾੜੀ ਬਾਗਬਾਨੀ ਅਫਸਰ ਵੱਲੋਂ 11 ਹਜ਼ਾਰ ਰੁਪਏ, ਜਸਵਿੰਦਰ ਸਿੰਘ ਭੰਗੂ ਵੱਲੋਂ 5 ਹਜ਼ਾਰ ਰੁਪਏ ਤੇ ਅਧਿਆਪਕ ਗੁਰਵਿੰਦਰ ਸਿੰਘ ਕੰਗ ਵੱਲੋਂ 51 ਸੌ ਰੁਪਏ ਦੀ ਆਰਥਿਕ ਸਹਾਇਤਾ ਭੇਜੀ ਗਈ।
ਫਤਹਿਗੜ੍ਹ ਸਾਹਿਬ (ਅਜੇ ਮਲਹੋਤਰਾ): ਦਿੱਲੀ ਵਿਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਚ ਅਖੰਡ ਪਾਠ ਦੇ ਭੋਗ ਪੁਾਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਗਏ ਮਿਸ਼ਨ ਦੀ ਪ੍ਰਾਪਤੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਭੱਟੀ ਨੇ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੇ ਮਾਰੂ ਕਿਸਾਨਾਂ ਨੂੰ ਲੈ ਕੇ ਕੇਂਦਰ ਸਰਕਾਰ ਕੋਲੋਂ ਫਤਹਿ ਪ੍ਰਾਪਤੀ ਲਈ ਅਖੰਡ ਪਾਠ ਦੇ ਭੋਗ ਪਾਏ ਗਏ ਹਨ ਤੇ ਅਰਦਾਸ ਰਖਵਾਈ ਗਈ ਹੈ ਸੋ ਕਿਸਾਨ ਆਪਣੇ ਮਿਸ਼ਨ ਵਿੱਚ ਜੇਤੂ ਹੋ ਕੇ ਪੰਜਾਬ ਪਰਤਣ।
ਕੁਰਾਲੀ (ਮਿਹਰ ਸਿੰਘ): ਅਕਾਲੀ ਦਲ (1920) ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ ਅਨੁਸਾਰ ਖੇਤੀ ਸੁਧਾਰ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਰੀ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਕੰਧੋਲਾ ਤੇ ਹੋਰਨਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਆਪਣੀ ਚਰਮ ਸੀਮਾ ’ਤੇ ਹੈ ਅਤੇ ਇਹ ਸੰਘਰਸ਼ ਹੋਰ ਵੀ ਤੇਜ਼ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਮਨ ਕੀ ਬਾਤ’ ਤਿਆਗ ਕੇ ਕਿਸਾਨਾਂ ਦੇ ਮੁੱਦਿਆਂ ਦੀ ਗੱਲ ਕਰਨੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਕੇਵਲ ਪੰਜਾਬ ਦੇ ਕਿਸਾਨਾਂ ਦਾ ਨਹੀਂ ਰਿਹਾ ਸਗੋਂ ਦੇਸ਼ ਵਿਆਪੀ ਸੰਘਰਸ਼ ਬਣਦਾ ਜਾ ਰਿਹਾ ਹੈ, ਜਿਸ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ।
ਘਨੌਲੀ (ਜਗਮੋਹਨ ਸਿੰਘ): ਅੱਜ ਇੱਥੋਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਘਨੌਲੀ ਵਿਚ ਕੁਦਰਤ ਦੇ ਸਭ ਬੰਦੇ ਗਰੁੱਪ ਘਨੌਲੀ ਵੱਲੋਂ ਦਿੱਲੀ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ। ਹੈੱਡ ਗ੍ਰੰਥੀ ਗਿਆਨੀ ਜ਼ੈਲ ਸਿੰਘ ਤੋਂ ਕਰਵਾਈ ਅਰਦਾਸ ਦੌਰਾਨ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ਸਮੇਤ ਇਲਾਕੇ ਦੇ ਵੱਡੀ ਗਿਣਤੀ ਨੌਜਵਾਨ ਸ਼ਾਮਲ ਹੋਏ। ਅਰਦਾਸ ਉਪਰੰਤ ਸ੍ਰੀ ਧੀਮਾਨ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰੀ ਤਰੀਕੇ ਨਾਲ ਕਿਸੇ ਨੂੰ ਵੀ ਆਪਣੀ ਗੱਲ ਸਰਕਾਰ ਅੱਗੇ ਰੱਖਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅੰਨਦਾਤਾ ਨੂੰ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕੜਾਕੇ ਦੀ ਸਰਦੀ ਵਿੱਚ ਰਾਜਧਾਨੀ ਦੀਆਂ ਸੜਕਾਂ ਉਪਰ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ।
ਐੱਸਏਐੱਸ ਨਗਰ (ਪੱਤਰ ਪ੍ਰੇਰਕ): ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀਰਵਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਪਿਛਲੇ ਹਫ਼ਤੇ ਤੋਂ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਮੰਗਾਂ ਮੰਨਣ ਦੀ ਮੰਗ ਕੀਤੀ।
ਤਿਵਾੜੀ ਵੱਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ
ਰੂਪਨਗਰ (ਬਹਾਦਰਜੀਤ ਸਿੰਘ): ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਤੋਂ ਕੇਂਦਰ ਦੇ ਭੱਜਣ ਉੱਪਰ ਸਵਾਲ ਖੜ੍ਹੇ ਕੀਤੇ ਹਨ। ਤਿਵਾੜੀ ਨੇ ਟਵੀਟ ਰਾਹੀਂ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਤੁਰੰਤ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਹੈ ਕਿ ਜੇ ਸਟੈਂਡਿੰਗ ਕਮੇਟੀਆਂ ਅਤੇ ਸੰਯੁਕਤ ਸੰਸਦੀ ਕਮੇਟੀਆਂ ਦੀ ਮੀਟਿੰਗ ਰੋਜ਼ਾਨਾ ਹੋ ਸਕਦੀ ਹੈ ਤਾਂ ਅਜਿਹੇ ਵਿਚ ਸਰਦ ਰੁੱਤ ਇਜਲਾਸ ਕਿਉਂ ਨਹੀਂ ਸੱਦਿਆ ਜਾ ਸਕਦਾ। ਉਨ੍ਹਾਂ ਕਿਹਾ ਹੈ ਕਿ ਪਹਿਲੀ ਵਾਰ ਹੋ ਰਿਹਾ ਹੈ ਕਿ ਸੰਸਦ ਸਰਦ ਰੁੱਤ ਇਜਲਾਸ ਨਹੀਂ ਬੁਲਾਇਆ ਜਾ ਰਿਹਾ। ਇਸੇ ਤਰ੍ਹਾਂ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਨੂੰ ਦੁਹਰਾਉਂਦਿਆਂ ਤਿਵਾੜੀ ਨੇ ਇੱਕ ਹੋਰ ਟਵੀਟ ਰਾਹੀਂ ਕਿਹਾ ਹੈ ਕਿ ਕਿਸਾਨਾਂ ਨੇ ਦਿੱਲੀ ਨੂੰ ਘੇਰ ਲਿਆ ਹੈ, ਅਧਿਕਾਰਕ ਤੌਰ ’ਤੇ ਆਰਥਿਕਤਾ ਗਿਰਾਵਟ ਵਿੱਚ ਹੈ, ਚੀਨ ਲਗਾਤਾਰ ਸਾਡੀ ਜ਼ਮੀਨ ’ਤੇ ਕਬਜ਼ਾ ਕਰ ਰਿਹਾ ਹੈ, ਕਰੋਨਾ ਦੇ ਕੇਸ 95 ਲੱਖ ਨੂੰ ਪਹੁੰਚ ਗਏ ਹਨ ਤੇ 8 ਮਹੀਨਿਆਂ ਦੌਰਾਨ 1.38 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ ਵਿੱਚ ਸਰਕਾਰ ਨੂੰ ਬਿਨਾਂ ਕੋਈ ਦੇਰੀ ਕੀਤੇ ਜਲਦ ਤੋਂ ਜਲਦ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣਾ ਚਾਹੀਦਾ ਹੈ।
ਭਾਜਪਾ ਦੀ ਅਸਲੀਅਤ ਸਾਹਮਣੇ ਆਈ: ਡਾ. ਅਮਰ
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਵਿਚ ਚੱਲ ਰਿਹਾ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਰਿਹਾ ਸਗੋਂ ਹਰ ਪੰਜਾਬੀ ਦਾ ਸੰਘਰਸ਼ ਬਣ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਦੇ ਹਰ ਵਰਗ ਦਾ ਸਮਰਥਨ ਮਿਲਿਆ ਹੈ, ਲੋਕ ਰਾਜਨੀਤਿਕ ਅਤੇ ਆਰਥਿਕ ਮਤਭੇਦਾਂ ਤੋਂ ਉਪਰ ਉੱਠ ਕੇ ਕਿਸਾਨੀ ਸੰਘਰਸ਼ ਵਿਚ ਹਿੱਸਾ ਲੈ ਰਹੇ ਹਨ।
ਨੁੱਕੜ ਨਾਟਕਾਂ ਤੇ ਗੀਤਾਂ ਰਾਹੀਂ ਯੋਗਦਾਨ
ਐੱਸਏਐੱਸ ਨਗਰ (ਕਰਮਜੀਤ ਸਿੰਘ ਚਿੱਲਾ): ਇਪਟਾ ਦੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਅਤੇ ਜਨਰਲ ਸਕੱਤਰ ਇੰਦਰਜੀਤ ਰੂਪੋਵਾਲੀ ਨੇ ਆਖਿਆ ਕਿ ਇਪਟਾ ਦੇ ਪੰਜਾਬ ਭਰ ਤੋਂ ਕਾਰਕੁਨ ਕਿਸਾਨ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਉਹ ਖੁਦ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਪਹੁੰਚੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਨੌਜਵਾਨਾ ਦੀ ਭਰਵੀਂ ਗਿਣਤੀ ਵਿੱਚ ਕਿਸਾਨ ਧਰਨੇ ਵਿੱਚ ਸ਼ਮੂਲੀਅਤ ਸ਼ੁੱਭ ਸ਼ਗਨ ਹੈ। ਉਨ੍ਹਾਂ ਦੱਸਿਆ ਕਿ ਇਪਟਾ ਦੇ ਸੂਬਾ ਸੱਕਤਰ ਇੰਦਰਜੀਤ ਮੋਗਾ, ਮੁਕੰਦ ਸਿੰਘ, ਵਿੱਕੀ ਮਹੇਸਰੀ ਤੇ ਨੀਰਜ ਕੌਸ਼ਲ ਦੀ ਰਹਿਨੁਮਾਈ ਹੇਠ ਰਮਇੰਦਰ ਦੀਪ, ਇਕਬਾਲ ਚੜਕ, ਕਰਨਇੰਦਰ ਸੰਧੂ, ਸੁਖਜਿੰਦਰ ਮਹੇਸਰੀ, ਗੁਰਤੇਜ ਸਫਰੀ, ਪ੍ਰਵੀਨ ਅਵਾਰਾ, ਰਣਜੋਧ ਸਿੰਘ, ਯੂਸਫ, ਗੁਰਜੀਤ ਭੰਗੂ, ਦੀਪਕ ਨਿਆਜ਼, ਬੱਗਾ ਚੀਮਾ ਵਰਗੇ ਬੇਹਤਰੀਨ ਰੰਗਕਰਮੀਆਂ ਵੱਲੋਂ ਅਦਕਾਰੀ ਤੇ ਗਾਇਕੀ ਰਾਹੀਂ ਨੁਕੜ ਨਾਟਕਾਂ ਤੇ ਗਾਇਕੀ ਜ਼ਰੀਏ ਕਿਸਾਨੀ ਮਸਲੇ ਉਜਾਗਰ ਕੀਤੇ ਜਾ ਰਹੇ ਹਨ।