ਪੱਤਰ ਪ੍ਰੇਰਕ
ਤਰਨ ਤਾਰਨ, 8 ਸਤੰਬਰ
ਇਲਾਕੇ ਦੇ ਉਸਮਾਂ ਟੌਲ ਪਲਾਜ਼ਾ ’ਤੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤਾ ਜਾ ਰਿਹਾ ਧਰਨਾ ਅੱਜ ਆਪਣੇ 337ਵੇਂ ਦਿਨ ਵਿੱਚ ਦਾਖਲ ਹੋ ਗਿਆ| ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਟੌਲ ਪਲਾਜ਼ਾ ਤੇ ਇਲਾਕੇ ਦੇ ਕਿਸਾਨਾਂ ਦੀ ਇਕੱਤਰਤਾ ਹੋਈ| ਜਥੇਬੰਦੀ ਦੀ ਅਗਾੜਾ ਪਛਾੜਾ ਜ਼ੋਨ ਇਕਾਈ ਦੇ ਯਤਨਾਂ ਨਾਲ ਕੀਤੀ ਇਕੱਤਰਤਾ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਅਜੀਤ ਸਿੰਘ ਚੰਬਾ, ਹਰਜਿੰਦਰ ਸਿੰਘ ਸ਼ਕਰੀ, ਬਲਵਿੰਦਰ ਸਿੰਘ ਚੋਹਲਾ ਸਾਹਿਬ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦੀਵਾਰ ਤੇ ਇਹ ਇਬਾਰਤ ਨੂੰ ਚੰਗੀ ਤਰ੍ਹਾਂ ਨਾਲ ਪੜ੍ਹਨ ਦੀ ਅਪੀਲ ਕੀਤੀ ਕਿ ਇਕ ਦਿਨ ਦੇਸ਼ ਦੇ ਕਿਸਾਨਾਂ ਦੀ ਜਿੱਤ ਹੋਣੀ ਹੈ ਅਤੇ ਹੰਕਾਰੀ ਬਾਦਸ਼ਾਹ ਦੀ ਹਾਰ ਹੋਣੀ ਹੈ| ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ|
ਬਲਾਚੌਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ ਤੇ ਵਾਈਸ ਪ੍ਰਧਾਨ ਹਰਵਿੰਦਰ ਸਿੰਘ ਚਾਹਲ ਦੀ ਅਗਵਾਈ ’ਚ ਟੌਲ ਪਲਾਜ਼ਾ ਬਛਵਾਂ ’ਚ ਨੁੱਕੜ ਮੀਟਿੰਗ ਹੋਈ ਤੇ ਮੀਟਿੰਗ ਦੀ ਸ਼ੁਰੂਆਤ ’ਚ ਪਵਨ ਸ਼ਰਮਾ ਮਹਿੰਦੀਪੁਰ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਸ੍ਰੀ ਔਜਲਾ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।
ਕਰਨਾਲ ਧਰਨੇ ਲਈ ਆਦਮਪੁਰ ਤੋਂ ਕਿਸਾਨ ਰਵਾਨਾ
ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਕਰਨਾਲ ਵਿੱਚ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਪੱਕੇ ਮੋਰਚੇ ਲਈ ਭਾਰਤੀ ਕਿਸਾਨ ਯੂਨੀਅਨ ਦੋਆਬਾ ਸਰਕਲ ਆਦਮਪੁਰ ਦੇ ਆਗੂ ਹਰਨੀਤ ਸਿੰਘ ਨੀਤਾ ਦੀ ਅਗਵਾਈ ’ਚ ਕਿਸਾਨਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂ ਹਰਨੀਤ ਸਿੰਘ ਨੀਤਾ ਨੇ ਹਰਿਆਣਾ ਸਰਕਾਰ ਵੱਲੋਂ ਐੱਸਡੀਐੱਮ ’ਤੇ ਕੋਈ ਕਾਰਵਾਈ ਨਾ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਖੱਟਰ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਪਹਿਲਾਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਧਮਕਾਉਣਾ ਚਾਹੁੰਦੀ ਸੀ ਪਰ ਕਰਨਾਲ ਵਿਚ ਕਿਸਾਨਾਂ ਦੀ ਗਿਣਤੀ ਦੇਖ ਕੇ ਉਹ ਘਬਰਾ ਗਈ ਤੇ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਲਈ ਮਜਬੂਰ ਹੋਣਾ ਪਿਆ।