ਵਿਦਿਆਰਥੀਆਂ ਦੇ ਹੱਕ ’ਚ ਕਿਸਾਨਾਂ ਦੇ ਕਾਫ਼ਲੇ ਦਿੱਲੀ ਜਾਣਗੇ
ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵਿਦਿਆਰਥੀ ਸੰਘਰਸ਼ ਦੀ ਹਮਾਇਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਵਿੱਚ ਚੱਲ ਰਹੇ ਵਿਦਿਆਰਥੀ ਸੰਘਰਸ਼ ਦੀ ਖੁੱਲ੍ਹੀ ਹਮਾਇਤ ਕਰਦਿਆਂ 27 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਾਫਲੇ ਬੰਨ੍ਹ ਕੇ ਦਿੱਲੀ ਪਹੁੰਚਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾਈ ਅਹੁਦੇਦਾਰਾਂ ਦੀ ਬੈਠਕ ਤੋਂ ਬਾਅਦ ਟੀਚਰਜ਼ ਹੋਮ ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਲੜਿਆ ਜਾ ਰਿਹਾ ਸੰਘਰਸ਼ ਪੂਰੀ ਤਰ੍ਹਾਂ ਹੱਕੀ ਅਤੇ ਵਾਜਬ ਹੈ, ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਥਾਂ ਜਬਰ ਦਾ ਰਾਹ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਿਰਫ਼ ਪ੍ਰੀਖਿਆਵਾਂ ਅਤੇ ਭਰਤੀ ਟੈਸਟਾਂ ਵਿੱਚ ਹੋ ਰਹੇ ਘਪਲਿਆਂ ਤੋਂ ਹੀ ਪੀੜਤ ਨਹੀਂ ਹਨ, ਸਗੋਂ ਮਹਿੰਗੀ ਹੋ ਰਹੀ ਸਿੱਖਿਆ ਅਤੇ ਵਧਦੀ ਬੇਰੁਜ਼ਗਾਰੀ ਨੇ ਵੀ ਨੌਜਵਾਨਾਂ ਦਾ ਭਵਿੱਖ ਅਸੁਰੱਖਿਅਤ ਬਣਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੀ ਕੇ ਯੂ (ਉਗਰਾਹਾਂ) ਦਿੱਲੀ ਪਹੁੰਚ ਕੇ ਵਿਦਿਆਰਥੀਆਂ ਦੀਆਂ ਮੰਗਾਂ ਦੇ ਸਮਰਥਨ ਦੇ ਨਾਲ-ਨਾਲ ਪ੍ਰਾਈਵੇਟ ਕੋਚਿੰਗ ਸੈਂਟਰਾਂ ਦੇ ਵਪਾਰੀਕਰਨ ’ਤੇ ਰੋਕ, ਸਿੱਖਿਆ ਦੇ ਨਿੱਜੀਕਰਨ ਅਤੇ ਵਪਾਰੀਕਰਨ ਨੂੰ ਖ਼ਤਮ ਕਰਨ, ਕੌਮੀ ਸਿੱਖਿਆ ਨੀਤੀ-2020 ਨੂੰ ਰੱਦ ਕਰਨ ਅਤੇ ਰੁਜ਼ਗਾਰ ਮੁਖੀ ਆਰਥਿਕ ਨੀਤੀਆਂ ਲਾਗੂ ਕਰਨ ਦੀ ਮੰਗ ਵੀ ਉਭਾਰੇਗੀ। ਉਨ੍ਹਾਂ ਪੰਜਾਬ ਦੇ ਵਿਦਿਆਰਥੀਆਂ, ਨੌਜਵਾਨਾਂ ਅਤੇ ਮਿਹਨਤਕਸ਼ ਲੋਕਾਂ ਨੂੰ ਅਪੀਲ ਕੀਤੀ ਕਿ ਉਹ 27 ਜੁਲਾਈ ਦੇ ਦਿੱਲੀ ਕਾਫਲੇ ਵਿੱਚ ਸ਼ਾਮਲ ਹੋ ਕੇ ਵਿਦਿਆਰਥੀ ਸੰਘਰਸ਼ ਨਾਲ ਏਕਤਾ ਦਾ ਪ੍ਰਗਟਾਵਾ ਕਰਨ। ਇਸ ਮੌਕੇ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਵੀ ਹਾਜ਼ਰ ਸਨ।

