ਪੰਜਾਬ ਤੇ ਹਰਿਆਣਾ ਤੋਂ ਕਿਸਾਨਾਂ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ

ਪੰਜਾਬ ਤੇ ਹਰਿਆਣਾ ਤੋਂ ਕਿਸਾਨਾਂ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ

ਖਨੌਰੀ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੁੰਦੇ ਹੋਏ ਕਿਸਾਨਾਂ-ਮਜ਼ਦੂਰਾਂ ਦੇ ਕਾਫ਼ਲੇ।

ਆਤਿਸ਼ ਗੁਪਤਾ

ਚੰਡੀਗੜ੍ਹ, 23 ਮਈ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਵਿੱਚ 200 ਦੇ ਕਰੀਬ ਥਾਵਾਂ ’ਤੇ ਚੱਲ ਰਹੇ ਪੱਕੇ ਧਰਨੇ ਅੱਜ ਵੀ ਜਾਰੀ ਰਹੇ। ਉਧਰ, ਦੋਵਾਂ ਸੂਬਿਆਂ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ-ਮਜ਼ਦੂਰਾਂ ਦੇ ਕਾਫ਼ਲਿਆਂ ਨੇ ਦਿੱਲੀ ਵੱਲ ਵਹੀਰਾਂ ਘੱਤੀਆਂ, ਜੋ 26 ਮਈ ਨੂੰ ਕਾਲੇ ਝੰਡੇ ਫੜ ਕੇ ਕੇਂਦਰ ਸਰਕਾਰ ਵਿਰੁੱਧ ਗਰਜਣਗੇ। ਪੰਜਾਬ ਵਿੱਚ 26 ਮਈ ਨੂੰ ‘ਕਾਲਾ ਦਿਨ’ ਮਨਾਉਂਦਿਆਂ ਕਿਸਾਨਾਂ ਅਤੇ ਕਿਸਾਨ ਹਮਾਇਤੀਆਂ ਵੱਲੋਂ ਆਪਣੇ ਘਰਾਂ, ਦੁਕਾਨਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ ਜਾਣਗੇ।

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਕਾਨੂੰਨ ਕਰੋਨਾ ਨਾਲੋਂ ਵੱਧ ਘਾਤਕ ਹਨ, ਜੋ ਖੇਤੀਬਾੜੀ ਅਤੇ ਕਿਸਾਨੀ ਨੂੰ ਤਬਾਹ ਕਰ ਦੇਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਨੌਜਵਾਨ ਵਰਗ ਦੀ ਸ਼ਮੂਲੀਅਤ ਨੇ ਨੌਜਵਾਨ ਏਕਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਨੌਜਵਾਨਾਂ ਵਿੱਚ ਜੋਸ਼ ਕਾਇਮ ਰੱਖਣ ਲਈ ਨਾਟਕ ਟੀਮਾਂ, ਕਲਾਕਾਰਾਂ ਤੇ ਗੀਤਕਾਰਾਂ ਵੱਲੋਂ ਯੋਗਦਾਨ ਪਾਇਆ ਜਾ ਰਿਹਾ ਹੈ। ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਨੂੰ ਸਰਕਾਰ ਦੇ ਪੁਤਲੇ ਫੂਕਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਸਾਨਾਂ ਵਿੱਚ ਕੇਂਦਰ ਸਰਕਾਰ ਦੇ ਅੜੀਅਲ ਰਵੱਈਏੇ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ। ਇਸੇ ਕਰਕੇ ਪੰਜਾਬ ਤੋਂ ਇਲਾਵਾ ਰਾਜਸਥਾਨ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕੇਰਲ, ਬਿਹਾਰ, ਪੱਛਮੀ ਬੰਗਾਲ ਤੇ ਕਰਨਾਟਕ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕਰਨਾਲ ਅਤੇ ਪਾਣੀਪਤ ਤੋਂ ਵੱਡੀ ਗਿਣਤੀ ਕਿਸਾਨਾਂ ਦੇ ਕਾਫ਼ਲੇ ਦਿੱਲੀ ਪੁੱਜ ਗਏ ਹਨ। ਸ੍ਰੀ ਚੜੂਨੀ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਟਰੈਕਟਰ ਮਾਰਚ ਕੱਢੇ। ਮਾਰਚਾਂ ਵਿੱਚ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। ਇਸ ਤੋਂ ਇਲਾਵਾ ਵੀ ਸੂਬੇ ਤੋਂ ਰੋਜ਼ਾਨਾ ਕਿਸਾਨ ਜਥੇਬੰਦੀਆਂ ਦੇ ਕਾਫ਼ਲੇ ਦਿੱਲੀ ਪੁੱਜ ਰਹੇ ਹਨ।

ਮਹਾਮਾਰੀ ਦੇ ਖ਼ੌਫ਼ ਨਾਲ ਮੋਰਚੇ ਨੂੰ ਤੋੜਨ ਦਾ ਸਰਕਾਰ ਨੂੰ ਭਰਮ: ਉਗਰਾਹਾਂ

ਸੰਗਰੂਰ (ਗੁਰਦੀਪ ਸਿੰਘ ਲਾਲੀ): ਖੇਤੀ ਕਾਨੂੰਨ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਅੱਜ ਕਿਸਾਨ ਬੀਬੀਆਂ, ਨੌਜਵਾਨਾਂ, ਕਿਸਾਨਾਂ ਤੇ ਮਜ਼ਦੂਰਾਂ ਦਾ ਵੱਡਾ ਕਾਫ਼ਲਾ ਖਨੌਰੀ ਬਾਰਡਰ ਤੋਂ ਦਿੱਲੀ ਦੀ ਟਿਕਰੀ ਹੱਦ ਲਈ ਜੈਕਾਰਿਆਂ ਤੇ ਕੇਂਦਰ ਸਰਕਾਰ ਵਿਰੋਧੀ ਨਾਅਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ ਦੀ ਅਗਵਾਈ ਹੇਠ ਕਾਫ਼ਲੇ ਨੂੰ ਰਵਾਨਾ ਕਰਨ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਨਿਆਲ, ਬਹਾਲ ਸਿੰਘ ਢੀਂਡਸਾ ਪੁੱਜੇ ਤੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਮਰਾਜੀ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਪ੍ਰਣਾਈ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨ ਦੀ ਥਾਂ ਕਰੋਨਾ ਮਹਾਮਾਰੀ ਦਾ ਖ਼ੌਫ਼ ਪੈਦਾ ਕਰ ਕੇ ਕਿਸਾਨ ਮੋਰਚੇ ਦੇ ਖਿੰਡ ਜਾਣ ਦਾ ਭਰਮ ਪਾਲ਼ ਰਹੀ ਹੈ ਪਰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਚੁੱਕੇ ਕਿਸਾਨ-ਮਜ਼ਦੂਰ ਖੇਤੀ ਕਾਨੂੰਨਾਂ ਰਾਹੀਂ ਹੋਣ ਵਾਲੀ ਵਿਆਪਕ ਤਬਾਹੀ ਨੂੰ ਕਰੋਨਾ ਨਾਲੋਂ ਵੱਧ ਖ਼ਤਰਨਾਕ ਮੰਨ ਕੇ ਪਿਛਲੇ ਛੇ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ ਤੇ ਕੇਂਦਰ ਸਰਕਾਰ ਦੇ ਸਾਰੇ ਭਰਮ ਭੁਲੇਖਿਆਂ ਨੂੰ ਦੂਰ ਕਰ ਰਹੇ ਹਨ। ਸ੍ਰੀ ਉਗਰਾਹਾਂ ਨੇ ਐਲਾਨ ਕੀਤਾ ਕਿ ਤਿੰਨੇ ਖੇਤੀ ਕਾਨੂੰਨ, ਬਿਜਲੀ ਬਿੱਲ, ਪਰਾਲੀ ਆਰਡੀਨੈਂਸ ਰੱਦ ਕਰਾਉਣ ਅਤੇ ਐੱਮਐੱਸਪੀ ’ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਸਮੇਤ ਪੂਰੇ ਦੇਸ਼ ਵਿੱਚ ਹਰ ਗ਼ਰੀਬ ਲਈ ਜਨਤਕ ਵੰਡ ਪ੍ਰਣਾਲੀ ਲਾਗੂ ਕਰਾਉਣ ਦੀਆਂ ਮੁੱਖ ਮੰਗਾਂ ਮੰਨੇ ਜਾਣ ਤੱਕ ਸਾਂਝਾ ਕਿਸਾਨ ਘੋਲ ਜਾਰੀ ਰੱਖਿਆ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ 26 ਮਈ ਨੂੰ ਟਿਕਰੀ ਮੋਰਚੇ ਸਮੇਤ ਪੂਰੇ ਪੰਜਾਬ ਦੇ 39 ਪੱਕੇ ਮੋਰਚਿਆਂ ਅਤੇ ਹਰ ਪਿੰਡ ਵਿੱਚ ‘ਕਾਲ਼ਾ ਦਿਨ’ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਚੋਣ ਵਾਅਦੇ ਪੂਰੇ ਕਰਾਉਣ ਅਤੇ ਕਰੋਨਾ ਮਹਾਮਾਰੀ ਦੌਰਾਨ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਆਦਿ ਮੰਗਾਂ ਸਬੰਧੀ 28, 29 ਅਤੇ 30 ਮਈ ਨੂੰ ਪੁੱਡਾ ਮੈਦਾਨ ਪਟਿਆਲਾ ਵਿੱਚ ਦਿਨ-ਰਾਤ ਦਾ ਪੱਕਾ ਧਰਨਾ ਲਗਾਇਆ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All