ਪੱਤਰ ਪ੍ਰੇਰਕ
ਰੂਪਨਗਰ, 26 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਗੜੇਮਾਰੀ ਤੇ ਭਾਰੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੁਰਖਾਲੀ ਤੇ ਬਿੰਦਰਖ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਅਕਾਲੀ ਦਲ ਦੇ ਬੁਲਾਰੇ ਡਾ. ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਉਸ ਵੇਲੇ ਕੁਦਰਤ ਦੀ ਮਾਰ ਪਈ ਹੈ, ਜਦੋਂ ਦੇਸ਼ ਦੀ ਕਿਸਾਨੀ ਆਪਣੇ ਭਵਿੱਖ ਦੀ ਰਖਵਾਲੀ ਲਈ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਡਟੀ ਹੋਈ ਹੈ। ਡਾ. ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਉਹ ਗੜੇਮਾਰੀ ਤੇ ਭਾਰੀ ਬਰਸਾਤ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਗਿਰਦਾਵਰੀ ਦੇ ਹੁਕਮ ਜਾਰੀ ਕਰਨ।
ਅਮਲੋਹ (ਪੱਤਰ ਪ੍ਰੇਰਕ): ਸ਼੍ਰੋੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਬੇਮੌਸਮੀ ਬਰਸਾਤ ਨੇ ਪੰਜਾਬ ਵਿਚ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦੇਵੇ।