ਪੱਤਰ ਪ੍ਰੇਰਕ
ਟੱਲੇਵਾਲ, 5 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾਈ ਆਗੂਆਂ ਸਣੇ ਜ਼ਿਲ੍ਹਿਆਂ ਤੋਂ ਜੱਥੇਬੰਦੀ ਦੇ ਆਗੂ ਸ਼ਾਮਲ ਹੋਏ। ਮੀਟਿੰਗ ਉਪਰੰਤ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਚਿੱਪ ਵਾਲੇ ਡਿਜੀਟਲ ਮੀਟਰ ਨਾ ਲੱਗਣ ਦੇਣ, ਕੁਦਰਤੀ ਆਫ਼ਤਾਂ ਨਾਲ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਲੈਣ, ਭੂ-ਮਾਫੀਆ ਵੱਲੋਂ ਜ਼ਮੀਨਾਂ ’ਤੇ ਕੀਤੇ ਜਾ ਰਹੇ ਕਬਜ਼ਿਆਂ ਸਬੰਧੀ, ਬਿਜਲੀ ਦੀ ਨਿਰਵਿਘਨ ਸਪਲਾਈ ਲਈ, ਫਸਲਾਂ ਦੇ ਮੰਡੀਕਰਨ, ਕਿਸਾਨੀ ਕਰਜ਼ੇ, ਕਿਸਾਨ ਖ਼ੁਦਕੁਸ਼ੀਆਂ, ਔਰਤਾਂ ਦੀ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਸੀਜ਼ਨ ਲੰਘਣ ਤੋਂ ਬਾਅਦ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤੇ ਜਾਣਗੇ।