ਪੱਤਰ ਪ੍ਰੇਰਕ
ਕੁਰਾਲੀ, 26 ਸਤੰਬਰ
ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ’ਤੇ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਦਿਆਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਬਾਜ਼ਾਰ ਬੰਦ ਰੱਖ ਕੇ ਬੰਦ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਸੋਮਵਾਰ ਨੂੰ ਆਪਣੇ ਕੰਮ ਬੰਦ ਕਰਕੇ ਕਿਸਾਨ ਸੰਘਰਸ਼ ਨਾਲ ਜੁੜਨ ਦੀ ਅਪੀਲ ਕਰਦਿਆਂ ਉਨ੍ਹਾਂ ਖੇਤੀ ਦੇ ਮਾਰੂ ਅਸਰਾਂ ਬਾਰੇ ਜਾਗਰੂਕ ਕੀਤਾ।
ਲਾਲੜੂ (ਪੱਤਰ ਪ੍ਰੇਰਕ): ਟੋਲ ਪਲਾਜ਼ਾ ਦੱਪਰ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ। ਆਗੂਆਂ ਵੱਲੋਂ ਸਮੂਹ ਐਸੋਸੀਏਸ਼ਨਾਂ ਸਰਕਾਰੀ, ਗ਼ੈਰ- ਸਰਕਾਰੀ, ਕਰਮਚਾਰੀ ਯੂਨੀਅਨਾਂ, ਵਿੱਦਿਅਕ ਅਦਾਰੇ, ਟਰਾਂਸਪੋਰਟ ਯੁੂਨੀਅਨਾਂ, ਵਪਾਰ ਮੰਡਲ ਸਮੇਤ ਹਰ ਵਰਗ ਨੂੰ ਭਾਰਤ ਬੰਦ ਕਰਨ ਲਈ ਸਹਿਯੋਗ ਦੀ ਅਪੀਲ ਕੀਤੀ ਗਈ। ਆਗੂਆਂ ਮੁਤਾਬਕ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਟੋਲ ਪਲਾਜ਼ਾ ਦੱਪਰ ਵਿਖੇ ਧਰਨਾ ਦਿੱਤਾ ਜਾਵੇਗਾ। ਦਵਾਈ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ, ਐਮਰਜੇਂਸੀ ਸੇਵਾਵਾਂ ਤੇ ਐਂਬੁੂਲੈਂਸਾਂ ਨੂੰ ਨਹੀ ਰੋਕਿਆ ਜਾਵੇਗਾ।
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਆਗੂ ਜਤਿੰਦਰ ਸਿੰਘ ਗੋਗੀ ਨੇ ਇਲਾਕੇ ਦੇ ਕਿਸਾਨਾਂ ਵੱਲੋਂ ਚਮਕੌਰ ਸਾਹਿਬ ਨਹਿਰ ਪੁਲ ਤੇ ਸਵੇਰੇ 6 ਵਜੇ ਤੋਂ ਸ਼ਾਮੀ 4 ਵਜੇ ਤੱਕ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਜਾਵੇਗਾ।
ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਮਾਨਸਾ ਨੇ ਕਿਹਾ ਕਿ ਫੈਕਲਟੀ ਸਹਾਇਕ ਪ੍ਰੋਫੈਸਰ ਆਪਣੇ ਆਪਣੇ ਇਲਾਕੇ ਵਿੱਚ ਬੰਦ ਨੂੰ ਸਫਲ ਬਣਾਉਣ ਲਈ ਵਧ ਚੜ੍ਹ ਕੇ ਹਿੱਸਾ ਲੈਣਗੇ।
ਬਨੂੜ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਨੂੜ ਦੇ ਬਾਜ਼ਾਰਾਂ ਵਿੱਚ 27 ਸਤੰਬਰ ਦੇ ਬੰਦ ਸਬੰਧੀ ਪ੍ਰੇਰਿਆ ਗਿਆ। ਦੁਕਾਨਦਾਰਾਂ ਨੇ ਬੰਦ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ। ਕਿਸਾਨ ਆਗੂ ਕਿਰਪਾਲ ਸਿੰਘ ਸਿਆਊ ਤੇ ਹੋਰਨਾਂ ਨੇ ਦੱਸਿਆ ਕਿ ਅਜ਼ੀਜ਼ਪੁਰ ਟੌਲ ਪਲਾਜ਼ੇ ’ਤੇ, ਬਨੂੜ ਬੈਰੀਅਰ ’ਤੇ ਓਵਰਬਰਿੱਜ ਦੇ ਥੱਲੇ ਅਤੇ ਬਨੂੜ-ਲਾਂਡਰਾਂ ਮਾਰਗ ਉੱਤੇ ਪਿੰਡ ਸਨੇਟਾ ਵਿਖੇ ਵੀ ਜਾਮ ਲਾਇਆ ਜਾਵੇਗਾ। ਬਨੂੜ ਦੇ ਟੈਕਸੀ ਚਾਲਕਾਂ ਵੱਲੋਂ ਵੀ ਬੰਦ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਹੁਲਕਾ ਮੁਤਾਬਕ ਸਹਿਕਾਰੀ ਸੁਸਾਇਟੀਆਂ ਬੰਦ ਰਹਿਣਗੀਆਂ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਵਪਾਰ ਮੰਡਲ ਦੀ ਅੰਬਾਲਾ ਇਕਾਈ ਦੇ ਪ੍ਰਧਾਨ ਨੀਰੂ ਵਡੇਰਾ ਨੇ ਵਪਾਰ ਮੰਡਲ ਨਾਲ ਜੁੜੇ ਵੱਖ ਵੱਖ ਵਪਾਰੀ ਸੰਗਠਨਾਂ ਨੂੰ ਸ਼ਾਂਤੀਪੂਰਨ ਬੰਦ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਐੱਸਐੱਸਪੀ ਅੰਬਾਲਾ ਹਾਮਿਦ ਅਖ਼ਤਰ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।
ਆਪ’ ਵਰਕਰ ਕਿਸਾਨੀ ਧਰਨੇ ’ਚ ਸ਼ਾਮਲ ਹੋਣ: ਸੰਦੋਆ
ਨੂਰਪੁਰ ਬੇਦੀ (ਪੱਤਰ ਪ੍ਰੇਰਕ): ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ‘ਆਪ’ ਵਰਕਰਾਂ ਨੂੰ 27 ਸਤੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਖੜ੍ਹੀ ਰਹੇਗੀ।
ਸੀਟੂ ਵੱਲੋਂ ਭਾਰਤ ਬੰਦ ਦੀ ਹਮਾਇਤ
ਰੂਪਨਗਰ (ਪੱਤਰ ਪ੍ਰੇਰਕ): ਸੀਟੂ ਨੇ ਭਾਰਤ ਬੰਦ ਦੀ ਹਮਾਇਤ ਕੀਤੀ ਹੈ। ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ ਸੀਟੂ ਨਾਲ ਸਬੰਧਤ ਸਮੂਹ ਮਜ਼ਦੂਰਾਂ, ਮੁਲਾਜ਼ਮਾਂ ਨੂੰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਵੱਲੋਂ ਰੇਲਵੇ ਸਟੇਸ਼ਨ ਦੇ ਨੇੜੇ ਰੇਲਵੇ ਫਾਟਕਾਂ ਦੇ ਕਿਸਾਨ ਮੋਰਚੇ ਵੱਲੋਂ ਲਾਏ ਜਾ ਰਹੇ ਜਾਮ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।