ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਜਨਵਰੀ
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਵਲੋਂ ਅੱਜ ਡੀ.ਸੀ. ਕੰਪਲੈਕਸ ਦਾ ਅਣਮਿਥੇ ਸਮੇਂ ਲਈ ਘਿਰਾਓ ਸ਼ੁਰੂ ਕਰ ਦਿੱਤਾ ਹੈ। ਦੁਪਹਿਰ 12 ਵਜੇ ਕੰਪਲੈਕਸ ਦੇ ਤਿੰਨੋਂ ਮੁੱਖ ਗੇਟਾਂ ਉਪਰ ਕਿਸਾਨ ਡਟ ਗਏ ਹਨ। ਪਿਛਲੇ 15 ਦਿਨਾਂ ਤੋਂ ਡੀ.ਸੀ. ਦਫ਼ਤਰ ਅੱਗੇ ਪੱਕੇ ਮੋਰਚੇ ’ਤੇ ਡਟੇ ਕਿਸਾਨ ਚੰਨੀ ਸਰਕਾਰ ਦੀ ਵਾਅਦਾਖ਼ਿਲਾਫ਼ੀ ਅਤੇ ਬਹਾਨੇਬਾਜ਼ੀ ਤੋਂ ਖਫ਼ਾ ਹਨ। ਅੱਜ ਵੱਡੀ ਤਾਦਾਦ ’ਚ ਕਿਸਾਨ ਬੀਬੀਆਂ ਅਤੇ ਕਿਸਾਨਾਂ ਨੇ ਰੋਸ ਧਰਨੇ ’ਚ ਸ਼ਾਮਲ ਹੋ ਕੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸਤੋਂ ਇਲਾਵਾ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਜ਼ਿਲ੍ਹੇ ਦੇ ਲਗਪਗ 200 ਪਿੰਡਾਂ ਵਿਚ ਮੋਦੀ ਹਕੂਮਤ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ। ਪੰਜਾਬ ਦੌਰੇ ’ਤੇ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ 5 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ।
ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਨੇ ਰੋਸ ਧਰਨੇ ’ਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 23 ਦਸੰਬਰ ਦੀ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਇੱਕ ਹਫ਼ਤੇ ਅੰਦਰ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਰੋਸ ਧਰਨੇ ਨੂੰ ਬੀਬੀ ਪਾਲ ਕੌਰ, ਬੀਬੀ ਬਲਜੀਤ ਕੌਰ ਕਿਲਾਭਰੀਆਂ, ਕਰਨੈਲ ਸਿੰਘ ਗਨੋਟਾ, ਸਰੂਪ ਚੰਦ ਕਿਲਾਭਰੀਆਂ, ਜਸਵੀਰ ਸਿੰਘ ਗੱਗੜਪੁਰ, ਜਸਵੰਤ ਸਿੰਘ ਤੋਲਾਵਾਲ, ਦਰਸ਼ਨ ਸਿੰਘ ਸ਼ਾਦੀਹਰੀ, ਸਤਨਾਮ ਸਿੰਘ ਮਾਣਕ ਮਾਜਰਾ, ਅਮਰਜੀਤ ਸਿੰਘ, ਚਰਨਜੀਤ ਸਿੰਘ ਹਥਨ, ਕੁਲਵਿੰਦਰ ਸਿੰਘ ਭੂਦਨ, ਕਿਰਪਾਲ ਸਿੰਘ ਧੂਰੀ, ਅਜੈਬ ਸਿੰਘ ਜਖੇਪਲ, ਸੁਖਪਾਲ ਸਿੰਘ ਮਾਣਕ ਆਦਿ ਨੇ ਵੀ ਸੰਬੋਧਨ ਕੀਤਾ।