ਸਰਬਜੀਤ ਸਿੰਘ ਭੰਗੂ
ਪਟਿਆਲਾ, 21 ਜੂਨ
ਕੇਂਦਰ ਸਰਕਾਰ ਵੱਲੋਂ ਮੰਡੀਕਰਨ ਨਾਲ ਸਬੰਧਿਤ ਜਾਰੀ ਕੀਤੇ ਗਏ ਤਿੰਨਾਂ ਆਰਡੀਨੈਂਸਾਂ ਨੂੰ ਅਰਥਸ਼ਾਸਤਰੀ ਪ੍ਰੋਫੈਸਰ ਸਰਦਾਰਾ ਸਿੰਘ ਜੌਹਲ ਵੱਲੋਂ ਕਿਸਾਨ ਪੱਖੀ ਦੱਸਣ ਦੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਜੌਹਲ ਨੇ ਕੁਝ ਕਿਸਾਨ ਪੱਖੀ ਕੰਮ ਵੀ ਕੀਤੇ ਹਨ ਪਰ ਆਰਡੀਨੈਂਸਾਂ ਸਬੰਧੀ ਉਨ੍ਹਾਂ ਦੇ ਤਾਜ਼ਾ ਬਿਆਨ ਨੇ ਕਿਸਾਨ ਭਾਈਚਾਰੇ ਨੂੰ ਬੇਹੱਦ ਨਿਰਾਸ਼ ਕੀਤਾ ਹੈ। ਜਗਮੋਹਣ ਪਟਿਆਲਾ ਨੇ ਕਿਹਾ ਕਿ ਡਾ. ਜੌਹਲ ਨੇ ਇਸ ਗੱਲ ’ਤੇ ਮਾਣ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਦੇ ਵਿਦਿਆਰਥੀ ਅਤੇ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਦੀ ਅਗਵਾਈ ਵਿੱਚ ਇਹ ਆਰਡੀਨੈਂਸ ਜਾਰੀ ਹੋਏ ਹਨ। ਇਸ ਸਬੰਧੀ ਕਿਸਾਨ ਯੂਨੀਅਨ ਡਕੌਂਦਾ ਨੇ ਰਮੇਸ਼ ਚੰਦ ਤੋਂ ਨੈਤਿਕਤਾ ਦੇ ਆਧਾਰ ’ਤੇ ਅਸਤੀਫੇ ਦੀ ਮੰਗ ਵੀ ਕੀਤੀ ਹੈ।
ਕਿਸਾਨੀ ਮੁੱਦਿਆਂ ’ਤੇ ਦਸ ਜਥੇਬੰਦੀਆਂ ਦੀ ਮੀਟਿੰਗ 24 ਨੂੰ
ਦੇਸ਼ ਦੀਆਂ 250 ਜਥੇਬੰਦੀਆਂ ’ਤੇ ਅਧਾਰਿਤ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਨੁਮਾਇੰਦੇ ਅਤੇ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਆਰਡੀਨੈਂਸ ਜਾਰੀ ਕਰਨ ਸਮੇਤ ਰੋਜ਼ਾਨਾ ਹੀ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਜਾ ਰਿਹਾ ਹੈ। ਇਥੇ ਜਾਰੀ ਬਿਆਨ ਰਾਹੀਂ ਉਨ੍ਹਾਂ ਦੱਸਿਆ ਕਿ ਕਿਸਾਨੀ ਮੁੱਦਿਆਂ ’ਤੇ ਸੰਘਰਸ਼ਾਂ ਦੀ ਰੂਪ-ਰੇਖਾ ਉਲੀਕਣ ਲਈ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਪੰਜਾਬ ਇਕਾਈ ਨਾਲ ਸਬੰਧਿਤ ਦਸ ਕਿਸਾਨ ਜਥੇਬੰਦੀਆਂ ਨੇ 24 ਜੂਨ ਨੂੰ ਹੰਗਾਮੀ ਮੀਟਿੰਗ ਸੱਦੀ ਹੈ।