ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਅੱਜ ਕੇਂਦਰ ਤੋਂ ਬਾਕੀ ਮੰਗਾਂ ਮਨਵਾਉਣ ਅਤੇ ਪਹਿਲਵਾਨਾਂ ਤੇ ਡਾ. ਨਵਸ਼ਰਨ ਦੀ ਹਮਾਇਤ ਵਿੱਚ ਸੂਬੇ ਭਰ ‘ਚ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਵੀ ਸੌਂਪੇ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸਮੁੱਚੇ ਪੰਜਾਬ ਵਿੱਚ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਤਾਂ ਜੋ ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਉਠਾਉਣ।
ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਲੁਧਿਆਣਾ, ਬਰਨਾਲਾ, ਮਾਲੇਰਕੋਟਲਾ ਤੇ ਮੋਗਾ ‘ਚ ਰੋਸ ਪ੍ਰਦਰਸ਼ਨ ਕੀਤੇ ਅਤੇ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਮਰ ਸਿੰਘ ਦੇ ਰਾਏਕੋਟ ਵਿਚਲੇ ਦਫ਼ਤਰ ਵਿੱਚ ਉਨ੍ਹਾਂ ਦੇ ਪੀਏ ਸੁਖਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ। ਇਸੇ ਤਰ੍ਹਾਂ ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕਰਮਜੀਤ ਸਿੰਘ ਛੰਨਾਂ ਅਤੇ ਰਣਧੀਰ ਸਿੰਘ ਭੱਟੀਵਾਲ ਦੀ ਅਗਵਾਈ ਹੇਠ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਦਫ਼ਤਰ ‘ਚ ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਨੂੰ ਜਸਕਰਨ ਸਿੰਘ ਮੋਰਾਂਵਾਲੀ ਅਤੇ ਮਾਨਸਾ ਦੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਸੂਬੇ ‘ਚ ਵੱਖ ਵੱਖ ਥਾਵਾਂ ‘ਤੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਸਣੇ ਹੋਰ ਪਹਿਲਵਾਨਾਂ, ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਨਿਖੇਧੀ ਕੀਤੀ ਅਤੇ ਡਾ. ਨਵਸ਼ਰਨ ਨੂੰ ਕੇਂਦਰ ਸਰਕਾਰ ਵੱਲੋਂ ਪ੍ਰੇਸ਼ਾਨ ਕਰਨ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਪਹਿਲਵਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਕਿਸਾਨਾਂ ਵੱਲੋਂ ਚੱਕਾ ਜਾਮ
ਰਾਏਕੋਟ (ਪੱਤਰ ਪ੍ਰੇਰਕ): ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸਮੇਤ ਹੋਰ ਪਹਿਲਵਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਭਾਕਿਯੂ ਏਕਤਾ (ਡਕੌਂਦਾ) ਵੱਲੋਂ ਅੱਜ ਲੁਧਿਆਣਾ-ਬਠਿੰਡਾ ਮਾਰਗ ‘ਤੇ ਰਾਏਕੋਟ ਦੇ ਪ੍ਰਮੁੱਖ ਹਰੀ ਸਿੰਘ ਨਲੂਆ ਚੌਕ ਵਿੱਚ ਆਵਾਜਾਈ ਰੋਕੀ ਗਈ। ਇਸ ਦੌਰਾਨ ਉਨ੍ਹਾਂ ਡਾ. ਨਵਸ਼ਰਨ ਦੇ ਹੱਕ ਵਿੱਚ ਵੀ ਆਵਾਜ਼ ਬੁਲੰਦ ਕੀਤੀ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਕਿਯੂ ਏਕਤਾ (ਡਕੌਂਦਾ) ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਲੁਧਿਆਣਾ, ਬਰਨਾਲਾ, ਮਾਲੇਰਕੋਟਲਾ ਅਤੇ ਮੋਗਾ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਕਿਸਾਨ ਪਹਿਲਾਂ ਗੁਰਦੁਆਰਾ ਟਾਹਲੀਆਣਾ ਸਾਹਿਬ ਇਕੱਠੇ ਹੋਏ। ਉਪਰੰਤ ਨਾਅਰੇਬਾਜ਼ੀ ਕਰਦਿਆਂ ਉਹ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਦਫ਼ਤਰ ਵੱਲ ਰਵਾਨਾ ਹੋਏ। ਜਦੋਂ ਉਨ੍ਹਾਂ ਨੂੰ ਪਹਿਲਵਾਨ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਆਵਾਜਾਈ ਠੱਪ ਕਰ ਦਿੱਤੀ। ਮਗਰੋਂ ਕਿਸਾਨ ਆਗੂਆਂ ਨੇ ਡਾ. ਅਮਰ ਸਿੰਘ ਦੇ ਨਿੱਜੀ ਸਹਾਇਕ ਸੁਖਪਾਲ ਸਿੰਘ ਨੂੰ ਚਿਤਾਵਨੀ ਪੱਤਰ ਸੌਂਪਿਆ। ਉਧਰ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾਕਟਰ ਗੁਰਚਰਨ ਸਿੰਘ ਬੜਿੰਗ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਰਲੋਚਨ ਸਿੰਘ ਝੋਰੜਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜਸਦੇਵ ਸਿੰਘ ਲਲਤੋਂ ਤੇ ਹੋਰਨਾਂ ਨੇ ਸੁਖਪਾਲ ਸਿੰਘ ਨੂੰ ਵੱਖਰੇ ਤੌਰ ‘ਤੇ ਚਿਤਾਵਨੀ ਪੱਤਰ ਸੌਂਪਿਆ।