ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਦੇ ਵਿਰੋਧ ਵਿੱਚ ਇੱਥੇ ਬਿਜਲੀ ਦਫ਼ਤਰ ਦੇ ਸਾਹਮਣੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਅਤੇ ਧਰਨਾ ਦਿੱਤਾ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਮਿੱਥੇ ਪ੍ਰੋਗਰਾਮ ਦੇ ਤਹਿਤ ਇਹ ਪ੍ਰਦਰਸ਼ਨ ਹੋਇਆ। ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਸੂਰਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਕੁਲਦੀਪ ਭੋਲਾ ਅਤੇ ਕਿਸਾਨ ਯੂਨੀਅਨ ਦੇ ਤਹਿਸੀਲ ਪ੍ਰਧਾਨ ਸੁਰਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਬਿਜਲੀ ਦਫਤਰ ਦੇ ਅੱਗੇ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਇਸ ਲੋਕ ਮਾਰੂ ਫ਼ੈਸਲੇ ਦੀ ਤਿੱਖੀ ਨੁਕਤਾਚੀਨੀ ਕੀਤੀ।
ਕਿਸਾਨ ਆਗੂ ਸੁਰਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਿਜਲੀ ਸੋਧ ਬਿੱਲ ਪੇਸ਼ ਕਰਨ ਦਾ ਫੈਸਲਾ ਪੰਜਾਬ ਵਾਸੀਆਂ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਤੋਂ ਮੁਕੰਮਲ ਤੌਰ ਉੱਤੇ ਬਿਜਲੀ ਦੇ ਨਿੱਜੀਕਰਨ ਦਾ ਰਾਹ ਪੱਧਰਾ ਹੋ ਜਾਣਾ ਹੈ।
ਕਾਮਰੇਡ ਸੂਰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨਾਲ ਮਿਲਕੇ ਸੂਬਿਆਂ ਦੇ ਹੱਕਾਂ ਉੱਤੇ ਡਾਕੇ ਮਾਰਨ ਵੱਲ ਵੱਧ ਰਹੀ ਹੈ। ਕਿਰਤੀ ਆਗੂ ਕੁਲਦੀਪ ਭੋਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀਆਂ ਦੇ ਹੱਕ ਹੁਣ ਦੇਸ਼ ਵਿੱਚ ਮਸਰੂਫ਼ ਨਹੀਂ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਅੰਦਰ ਨਿੱਜੀਕਰਨ ਦਾ ਭੂਤ ਸਵਾਰ ਹੋਇਆ ਦਿਖਾਈ ਦੇ ਰਿਹਾ ਹੈ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੇਸ਼ ਦੇ ਲੋਕ ਇੱਕ ਵਾਰ ਫਿਰ ਤੋਂ ਗੁਲਾਮੀ ਵੱਲ ਵੱਧ ਰਹੇ ਹਨ।ਇਸ ਮੌਕੇ ਤੇ ਕਿਸਾਨਾਂ ਨੇ ਬਿਜਲੀ ਸੋਧ ਬਿੱਲ ਦੇ ਖਰੜੇ ਦੀਆਂ ਕਾਪੀਆਂ ਵੀ ਸਾੜੀਆ ਗਈਆ। ਕਿਸਾਨ ਆਗੂਆਂ ਨੇ ਬਿਜਲੀ ਅਧਿਕਾਰੀਆਂ ਨੂੰ ਰੋਸ ਪੱਤਰ ਵੀ ਸੌਂਪਿਆ।
