ਦਵਿੰਦਰ ਪਾਲ
ਚੰਡੀਗੜ੍ਹ, 10 ਦਸੰਬਰ
ਪੰਜਾਬ ਵਿੱਚ ਪਿਛਲੇ ਸਵਾ ਦੋ ਮਹੀਨਿਆਂ ਦੇ ਵੱਧ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਕਰਦਿਆਂ ਜੇਲ੍ਹਾਂ ’ਚ ਡੱਕੇ ਲੇਖਕਾਂ ਬੁੱਧੀਜੀਵੀਆਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੜਾਈ ਲੜ ਰਹੇ ਕਾਰਕੁਨਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਕਿਸਾਨ ਜਥੇਬੰਦੀਆਂ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਤੇ ਭੈਅ ਦਾ ਮਾਹੌਲ ਖ਼ਤਮ ਕਰਨ ਲਈ ਦੇਸ਼ ਅੰਦਰ ਲੰਮੇ ਘੋਲ ਚਲਾਉਣ ਦਾ ਸੱਦਾ ਦਿੱਤਾ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਹਕੂਮਤ ਨੇ ਦੇਸ਼ ਵਿਚ ਡਰ ਅਤੇ ਭੈਅ ਦਾ ਮਾਹੌਲ ਸਿਰਜਿਆ ਹੋਇਆ ਹੈ। ਬੁਲਾਰਿਆਂ ਨੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਤਿੱਖਾ ਕਰਦਿਆਂ ਅੰਬਾਨੀ ਤੇ ਅਡਾਨੀ ਦੇ ਸਾਰੇ ਉਤਪਾਦਾਂ ਤੇ ਸੇਵਾਵਾਂ ਦੇ ਬਾਈਕਾਟ ਨੂੰ ਅਮਲੀ ਜਾਮਾ ਪਹਿਨਾਉਣ ਦਾ ਸੱਦਾ ਦਿੱਤਾ। ਕਿਸਾਨਾਂ ਨੇ ਮੋਦੀ ਹਕੂਮਤ ’ਤੇ ਦੋਸ਼ ਲਾਇਆ ਕਿ ਦੇਸ਼ ਵਿਚ ਪਿਛਲੇ ਕਈ ਸਾਲਾਂ ਤੋਂ ਮਨੁੱਖੀ ਅਧਿਕਾਰਾਂ ਤਰਕ ਜਾਂ ਦਲੀਲ ਨਾਲ ਗੱਲ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਕਰੋਨਾ ਦੇ ਦੌਰ ਦੌਰਾਨ ਹੀ ਡਰ ਅਤੇ ਸਹਿਮ ਦੇ ਮਾਹੌਲ ਵਿਚ ਕਾਲੇ ਕਾਨੂੰਨ ਲਿਆਂਦੇ ਗਏ। ਕਿਰਤ ਕਾਨੂੰਨਾਂ ’ਚ ਸੋਧ ਕਰਕੇ ਕਿਰਤੀਆਂ ਦਾ ਗਲਾ ਘੁੱਟ ਦਿੱਤਾ ਗਿਆ ਹੈ ਅਤੇ ਖੇਤੀ ਖੇਤਰ ਦੇ ਤਿੰਨ ਕਾਨੂੰਨ ਬਣਾ ਕੇ ਕਿਸਾਨੀ ਲਈ ਮੌਤ ਦੇ ਵਾਰੰਟ ਜਾਰੀ ਕਰ ਦਿੱਤੇ ਗਏ। ਕਿਸਾਨ ਬੁਲਾਰਿਆਂ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਰਗੀਆਂ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਨੂੰ ਵੀ ਢਾਹ ਲਾਉਣ ਦੇ ਦੋਸ਼ ਲਾਏ । ਵਿਦਿਆਰਥੀਆਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਇਆ। ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ 100 ਤੋਂ ਵੱਧ ਥਾਵਾਂ ’ਤੇ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ।
ਧਰਨਿਆਂ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਦੇਸ਼ਧ੍ਰੋਹੀ ਵਰਗੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਡੱਕੇ ਆਨੰਦ ਤੇਲਤੁੰਬੜੇ, ਵਰਵਰਾ
ਰਾਓ, ਸਟੇਨ ਸਵਾਮੀ, ਸੁਧਾ ਭਾਰਦਵਾਜ, ਗੌਤਮ ਨਵਲੱਖਾ, ਪ੍ਰੋ. ਸਾਈਂ ਬਾਬਾ, ਨਿਤਾਸ਼ਾ ਨਰਵਾਲ ਅਤੇ ਅਰੁਣ ਫਰੇਰਾ ਵਰਗੇ ਅਨੇਕ ਹੋਰ ਬੁੱਧੀਜੀਵੀਆਂ, ਵਕੀਲਾਂ ਅਤੇ ਵਿਦਿਆਰਥੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਵਿੱਚ 40 ਥਾਈਂ ਭਾਜਪਾ ਆਗੂਆਂ ਅਤੇ ਕਾਰਪੋਰੇਟ ਕਾਰੋਬਾਰਾਂ ਮੂਹਰੇ ਦਿਨੇ ਰਾਤ ਪਰਿਵਾਰਾਂ ਸਮੇਤ ਡਟੇ ਹੋਏ ਲੱਖਾਂ ਕਿਸਾਨਾਂ-ਮਜ਼ਦੂਰਾਂ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਦਾ ਅਹਿਦ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਵੱਖ ਵੱਖ ਥਾਂਈਂ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲਜੀਤ ਕੌਰ ਭੱਠਲ ਅਤੇ ਹੋਰ ਜ਼ਿਲ੍ਹਾ ਬਲਾਕ ਪੱਧਰੀ ਆਗੂ ਸ਼ਾਮਲ ਸਨ। ਕਿਸਾਨ ਬੁਲਾਰਿਆਂ ਨੇ ਮੋਦੀ ਭਾਜਪਾ ਹਕੂਮਤ ’ਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਲੱਖਾਂ ਲੋਕ ਸੜਕਾਂ ਉੱਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪ੍ਰੰਤੂ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨਾ ਵੀ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਪੂਰੇ ਦੇਸ਼ ਵਿਚ ਫੈਲ ਰਿਹਾ ਮੌਜੂਦਾ ਸਾਂਝਾ ਕਿਸਾਨ ਘੋਲ ਹੋਰ ਵਧੇਰੇ ਰੋਹ ਤੇ ਜੋਸ਼ ਨਾਲ ਦਿਨ-ਰਾਤ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁਧ ਸ਼ੁਰੂ ਹੋਇਆ ਅੰਦੋਲਨ ਦੇਸ਼-ਵਿਆਪੀ ਰੂਪ ਧਾਰਣ ਕਰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਮੂਹਰੇ ਮੋਦੀ ਅਤੇ ਉਸ ਦੇ ਜੋਟੀਦਾਰਾਂ ਦਾ ਹੰਕਾਰ ਹਰ ਹਾਲ ਟੁੱਟੇਗਾ। ਇਸੇ ਦੌਰਾਨ 30 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੀ ਕਿਸਾਨਾਂ ਨੇ ਸੂਬੇ ਵਿੱਚ 40 ਤੋਂ ਵੱਧ ਥਾਵਾਂ ’ਤੇ ਧਰਨੇ ਦਿੱਤੇ ਹਨ, ਜਿਸ ਦੌਰਾਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੀ ਸੂਬੇ ਵਿੱਚ ਧਰਨਿਆਂ ਦੌਰਾਨ ਮੋਦੀ ਸਰਕਾਰ ਨੂੰ ਝੁਕਾਉਣ ਦਾ ਅਹਿਦ ਕੀਤਾ ਗਿਆ।