Punjab Farmers Protest: ਕਿਸਾਨਾਂ ਵੱਲੋਂ Chandigarh ਵਿੱਚ ਮੋਟਰਸਾਈਕਲ ਮਾਰਚ
ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਲਈ ਸਰਕਾਰਾਂ ਨੂੰ ਘੇਰਿਆ
ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰ ਲਿਆ ਹੈ। ਕਿਸਾਨਾਂ ਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਨੇ ਅੱਜ ਰਾਜਧਾਨੀ ਚੰਡੀਗੜ੍ਹ ’ਚ ਮੋਟਰਸਾਈਕਲ ਮਾਰਚ ਕੱਢਿਆ। ਮਾਰਚ ਮੁਹਾਲੀ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਦੇ ਸੈਕਟਰ 34 ਗਰਾਊਂਡ ਵਿੱਚ ਪਹੁੰਚਿਆ। ਕਿਸਾਨਾਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ, ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਰੱਦ ਕਰਾਉਣ ਅਤੇ ਹੋਰਨਾਂ ਮੰਗਾਂ ਬਾਰੇ ਕੇਂਦਰ ਤੇ ਸੂਬਾ ਸਰਕਾਰ ਦੀ ਘੇਰਾਬੰਦੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪੇ। ਮੰਗ ਪੱਤਰ ਚੰਡੀਗੜ੍ਹ ਦੀ ਐੱਸ ਡੀ ਐੱਮ (ਦੱਖਣੀ) ਈਸ਼ਾ ਕੰਬੋਜ ਨੇ ਹਾਸਲ ਕੀਤਾ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੂੰ ਚਿਤਾਵਨੀ ਦਿੱਤੀ ਕਿ ਜੇ ਭਾਰਤ-ਅਮਰੀਕਾ ਵਪਾਰ ਸਮਝੌਤਾ ਲਾਗੂ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਦੇਸ਼ਿਵਆਪੀ ਅੰਦੋਲਨ ਵਿੱਢਿਆ ਜਾਵੇਗਾ।
ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਕੋਲੋਂ ਵਿਧਾਨ ਸਭਾ ਵਿੱਚ ਪਾਣੀਆਂ ਦੇ ਗੈਰ-ਸੰਵਿਧਾਨਕ ਸਮਝੌਤੇ ਰੱਦ ਕਰਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78, 79 ਤੇ 80 ਰੱਦ ਕਰਨ ਅਤੇ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ’ਤੇ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਦੇਣ ਦਾ ਵਾਧਾ ਕਰ ਕੇ ਗਰੰਟੀ ਨਹੀਂ ਦਿੱਤੀ। ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਤੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨੀ ਕਰਜ਼ੇ ਮੁਆਫ ਕੀਤੇ ਜਾਣ ਅਤੇ ਪਾਕਿਸਤਾਨ ਤੇ ਮੱਧ ਪੂਰਬ ਨਾਲ ਵਪਾਰ ਸ਼ੁਰੂ ਕਰਨ ਲਈ ਵਾਹਗਾ ਤੇ ਹੁਸੈਨੀਵਾਲਾ ਬਾਰਡਰ ਖੋਲ੍ਹੇ ਜਾਣ। 58 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ ਅਤੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਈਆਂ ਜਾਣ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਬਿਜਲੀ ਸੋਧ ਬਿੱਲ ਅਤੇ ਸੀਡ ਬਿੱਲ ਨੂੰ ਸੰਸਦ ਵਿੱਚ ਪੇਸ਼ ਨਾ ਕਰਨ ਦੀ ਮੰਗ ਕੀਤੀ।
ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕੀਤਾ ਜਾਵੇ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ, ਇਸ ਲਈ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹੈ ਅਤੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕੀਤਾ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਆਪਣੀ ਵੱਖਰੀ ਰਾਜਧਾਨੀ ਬਣਾਏ ਅਤੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕੀਤਾ ਜਾਵੇ।

