ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਮਈ
ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਅੱਜ ਕੇਂਦਰ ਸਰਕਾਰ ਵੱਲੋਂ ਡੀਏਪੀ ਅਤੇ ਪੋਟਾਸ਼ ਖਾਦ ਦੀਆਂ ਕੀਮਤਾਂ ’ਚ ਵਾਧੇ ਸਬੰਧੀ ਜਾਰੀ ਕੀਤੇ ਗਏ ਪੱਤਰ ਕਾਰਨ ਕਿਸਾਨਾਂ ਵਿੱਚ ਰੋਸ ਹੈ। ਪੱਤਰ ਅਨੁਸਾਰ 1200 ਰੁਪਏ ’ਚ ਮਿਲਦੇ ਡੀਏਪੀ ਖਾਦ ਦੇ ਥੈਲੇ ਦੀ ਕੀਮਤ ’ਚ 700 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਫਸਲਾਂ ਦੇ ਭਾਅ ਤਾਂ ਕੀ ਵਧਾਉਣੇ ਸੀ, ਸਗੋਂ ਖਾਦ ਤੇ ਤੇਲ ਦੀਆਂ ਕੀਮਤਾਂ ’ਚ ਵਾਧਾ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਪਾਇਆ ਜਾ ਰਿਹਾ ਹੈ। ਕਣਕ ਦੀ ਕੀਮਤ ’ਚ ਮਹਿਜ਼ 50 ਰੁਪਏ ਜਦਕਿ ਡੀਏਪੀ ਖਾਦ ਦੀਆਂ ਕੀਮਤਾਂ ਵਿੱਚ 700 ਰੁਪਏ ਪ੍ਰਤੀ ਥੈਲਾ ਵਾਧਾ ਕਰਨਾ ਸਿੱਧੇ ਤੌਰ ’ਤੇ ਕਿਸਾਨ ਵਿਰੋਧੀ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰੇਲੂ ਖੇਤਰ ’ਚ ਡੀਏਪੀ ਦਾ ਉਤਪਾਦਨ ਘੱਟ ਹੋਣ ਅਤੇ ਕਰੋਨਾ ਕਾਰਨ ਦਰਾਮਦ ਨਾ ਹੋ ਸਕਣ ਕਾਰਨ ਕੀਮਤਾਂ ਵਧਾਉਣ ਦੀਆਂ ਦਿੱਤੀਆਂ ਗਈਆਂ ਦਲੀਲਾਂ ਨਾ-ਵਾਜਬ ਹਨ। ਉਨ੍ਹਾਂ ਸਰਕਾਰ ਤੋਂ ਖਾਦ ’ਤੇ ਕਿਸਾਨਾਂ ਨੂੰ ਮਿਲਣ ਵਾਲੀ ਸਬਸਿਡੀ ਵਧਾਉਣ ਅਤੇ ਪਹਿਲਾਂ ਵਾਲੀ ਕੀਮਤ ’ਤੇ ਹੀ ਕਿਸਾਨਾਂ ਨੂੰ ਖਾਦ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਖਾਦਾਂ ਦੀਆਂ ਕੀਮਤਾਂ ’ਚ ਇਹ ਵਾਧਾ ਵਾਪਸ ਨਾ ਲਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।