ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 12 ਅਕਤੂਬਰ
ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦੇਵੀਦਾਸਪੁਰਾ ਰੇਲਵੇ ਟਰੈਕ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ 19ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਨੇ 14 ਅਕਤੂਬਰ ਨੂੰ ਕੇਂਦਰ ਸਰਕਾਰ ਦੀ ਮੀਟਿੰਗ ਵਿਚ ਦੇਸ਼ ਅਤੇ ਹਰਿਆਣਾ ਦੀਆਂ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਪੱਤਰ ਨਾ ਮਿਲਣ ’ਤੇ ਮੀਟਿੰਗ ਵਿਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਕਿਸਾਨਾਂ ਅਤੇ ਔਰਤਾਂ ਨੇ ਗੁਲਾਮੀ ਦੀ ਨਿਸ਼ਾਨੀ ਵਜੋਂ ਆਪਣੇ ਹੱਥਾਂ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ।
ਅੱਜ ਰੇਲਵੇ ਟਰੈਕ ਦੇਵੀਦਾਸਪੁਰਾ ਵਿਚ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਿੱਤੇ ਮੀਟਿੰਗ ਦੇ ਸੱਦੇ ’ਚ ਹਰਿਆਣਾ ਅਤੇ ਦੇਸ਼ ਦੀਆਂ ਜਥੇਬੰਦੀਆਂ ਨੂੰ ਸੱਦਾ ਨਾ ਕੇ ਜਥੇਬੰਦੀਆਂ ’ਚ ਫੁੱਟ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਖ਼ੁਦ ਕਿਸਾਨ ਆਗੂਆਂ ਨਾਲ ਮੀਟਿੰਗ ਨਹੀਂ ਕਰ ਰਹੇ। ਕਿਸਾਨ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਗੁਰਬਚਨ ਸਿੰਘ ਚੱਬਾ, ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਉਹ ਗੱਲਬਾਤ ਕਰਨ ਲਈ ਤਿਆਰ ਹਨ, ਮਸਲੇ ਗੱਲਬਾਤ ਨਾਲ ਹੀ ਹੱਲ ਹੁੰਦੇ ਹਨ ਪਰ ਮੋਦੀ ਸਰਕਾਰ ਦੀ ਨੀਤੀ ਠੀਕ ਨਹੀਂ। ਆਗੂਆਂ ਨੇ ਕਿਹਾ ਉਨ੍ਹਾਂ ਨੂੰ ਹੋਰ ਜਥੇਬੰਦੀਆਂ ਦੀ ਮੀਟਿੰਗ ਕਰਨ ’ਤੇ ਕੋਈ ਇਤਰਾਜ਼ ਨਹੀਂ ਹੈ, ਹਰੇਕ ਜਥੇਬੰਦੀ ਦਾ ਆਪਣਾ ਫ਼ੈਸਲਾ ਹੈ। 23 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਤੇ 25 ਅਕਤੂਬਰ ਨੂੰ ਪੰਜਾਬ ਭਰ ਵਿਚ ਕਾਰਪੋਰੇਟਾਂ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।
ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਅੱਜ ਤੋਂ
ਮੋਗਾ (ਮਹਿੰਦਰ ਸਿੰਘ ਰੱਤੀਆਂ): ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾਈ ਆਗੂ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਭਾਜਪਾ ਆਗੂਆਂ ਦੇ ਘਰ ਮੂਹਰੇ ਭਲਕੇ ਤੋਂ ਅਣਮਿੱਥੇ ਸਮੇਂ ਲਈ ਪੱਕੇ ਧਰਨੇ ਦੇਣ ਦਾ ਫ਼ੈਸਲਾ ਲਿਆ ਹੈ। ਉਹ ਇੱਥੇ ਅਡਾਨੀ ਆਧੁਨਿਕ ਤਕਨੀਕ ਕਣਕ ਭੰਡਾਰ ਅੱਗੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਡਾਨੀ ਕਣਕ ਭੰਡਾਰ ਅੱਗੇ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਖ਼ਿਲਾਫ਼ ਵਿੱਢਿਆ ਸੰਘਰਸ਼ ਕਾਨੂੰਨ ਰੱਦ ਹੋਣ ਤਕ ਜਾਰੀ ਰਹੇਗਾ। ਦੂਜੇ ਪਾਸੇ ਇੱਥੇ ਰੇਲਵੇ ਸਟੇਸ਼ਨ ਉੱਤੇ ਕਿਰਤੀ ਕਿਸਾਨ ਯੂਨੀਅਨ, ਬੀਕੇਯੂ ਕਾਦੀਆਂ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਗੁਲਜ਼ਾਰ ਸਿੰਘ ਘੱਲਕਲਾਂ, ਬਲਵੰਤ ਸਿੰਘ ਬ੍ਰਹਮਕੇ, ਸੂਰਤ ਸਿੰਘ ਧਰਮਕੋਟ, ਪਰਗਟ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।