ਜੋਗਿੰਦਰ ਸਿੰਘ ਮਾਨ
ਮਾਨਸਾ, 8 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਭੈਣੀਬਾਘਾ ਵਿੱਚ ਜਗਦੇਵ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 15 ਤੋਂ 21 ਅਗਸਤ ਤੱਕ ਬਲਾਕ ਦੇ ਪਿੰਡਾਂ ਵਿੱਚ ਅਕਾਲੀ-ਭਾਜਪਾ ਆਗੂਆਂ,ਐਮਐਲਏ ਤੇ ਮੈਂਬਰ ਪਾਰਲੀਮੈਂਟਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ। ਜਥੇਬੰਦੀ ਨੇ ਹਰ ਪਿੰਡ ਦੀ ਮੀਟਿੰਗ ਕਰਾਉਣ, ਲੋਕਾਂ ਨੂੰ ਲਾਮਬੰਦ ਕਰਨ ਅਤੇ ਹਰ ਪਿੰਡ ਵਲੋਂ ਲਾਏ ਜਾਣ ਵਾਲੇ ਨਾਕਿਆਂ ਦੀ ਰੂਪ ਰੇਖਾ ਉਲੀਕੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪਿੰਡਾਂ ਦੇ ਨਾਕਿਆਂ ’ਤੇ ਅਕਾਲੀ-ਭਾਜਪਾ ਲੀਡਰਾਂ ਨੂੰ ਸੁਆਲ ਕੀਤੇ ਜਾਣਗੇ ਅਤੇ ਪਿੰਡਾਂ ਵਿੱਚ ਵੜਨ ਤੋਂ ਰੋਕਿਆ ਜਾਵੇਗਾ। ਇਸ ਮੌਕੇ ਮਾਸਟਰ ਸੁਖਦੇਵ ਸਿੰਘ, ਹਰਿੰਦਰ ਟੋਨੀ, ਭਾਨ ਸਿੰਘ ਬਰਨਾਲਾ, ਦਰਸ਼ਨ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ਭੁੱਚੋ ਖੁਰਦ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ, ਅਮਰੀਕ ਸਿੰਘ ਸਿਵੀਆ, ਰਾਜਵਿੰਦਰ ਸਿੰਘ, ਜਗਦੇਵ ਸਿੰਘ, ਗੁਲਾਬ ਸਿੰਘ ਅਤੇ ਪਰਮਜੀਤ ਕੌਰ ਨੇ ਸੰਬੋਧਨ ਕੀਤਾ।
ਟੱਲੇਵਾਲ (ਲਖਵੀਰ ਸਿੰਘ ਚੀਮਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਕਨਵੀਨਰ ਜਰਨੈਲ ਸਿੰਘ ਬਦਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾ, ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ,ਬਲੌਰ ਸਿੰਘ ਛੰਨਾ, ਦਰਸ਼ਨ ਸਿੰਘ ਚੀਮਾ, ਮਲਕੀਤ ਸਿੰਘ ਹੇੜੀਕੇ , ਰਣਜੀਤ ਸਿੰਘ ਟਿੱਬਾ, ਰਾਜਵਿੰਦਰ ਸਿੰਘ ਚੀਮਾ, ਕਰਨੈਲ ਸਿੰਘ ਚੀਮਾ ਹਾਜ਼ਰ ਸਨ।
ਕੋਟਕਪੂਰਾ (ਟ੍ਰਿਬਿਊਨ ਨਿਊਜ਼ ਸਰਵਿਸ): ਭਾਕਿਯੂ ਏਕਤਾ ਉਗਰਾਹਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕਾਰਜਕਾਰੀ ਸੂਬਾ ਕਮੇਟੀ ਦੀ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਦੀ ਪ੍ਰਧਾਨਗੀ ਹੇਠ ਮਿਉਂਸਿਪਲ ਪਾਰਕ ਵਿੱਚ ਹੋਈ।
ਪਿੰਡਾਂ ਵਿੱਚ ਨੁੱਕੜ ਰੈਲੀਆਂ
ਮਾਨਸਾ (ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ 10 ਅਗਸਤ ਨੂੰ ਐੱਮਐੱਲਏ ਨੂੰ ਮੰਗ ਪੱਤਰ ਦੇਣ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਰੈਲੀਆਂ ਕੀਤੀਆਂ ਗਈਆਂ। ਜਮਹੂਰੀ ਕਿਸਾਨ ਸਭਾ ਦੇ ਮੇਜਰ ਸਿੰਘ ਦੂਲੋਵਾਲ ਨੇ ਦੱਸਿਆ ਕਿ ਪਿੰਡ ਮੂਸਾ, ਖੋਖਰ ਖੁਰਦ, ਖੋਖਰ ਕਲਾਂ, ਦੁਲੋਵਾਲ, ਰਾਮਦਿੱਤੇ ਵਾਲਾ, ਖਿਆਲਾ ਮਲਕਪੁਰ, ਬੱਪੀਆਣਾ ਵਿੱਚ ਨੁੱਕੜ ਰੈਲੀਆਂ ਦੌਰਾਨ ਕਿਸਾਨਾਂ ਨੂੰ ਮੋਟਰਸਾਈਕਲ ਮਾਰਚ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ।
ਛੱਤਿਆਣਾ ਵਿੱਚ ਮੀਟਿੰਗ
ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਪਤਸਰ ਸਾਹਿਬ ਛੱਤਿਆਣਾ ਵਿੱਚ ਹੋਈ। ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਸੱਤਾਧਾਰੀ ਨੁਮਾਇੰਦਿਆਂ ਲਈ ਪਿੰਡਾਂ ਵਿੱਚ ‘ਕੋਈ ਦਾਖਲਾ ਨਹੀਂ’ ਦੇ ਬੈਨਰ ਲਟਕਾ ਕੇ ਨਾਕਾਬੰਦੀ ਕੀਤੀ ਜਾਵੇਗੀ।
ਕਿਸਾਨਾਂ ਨੇ ਵਿਧਾਇਕ ਪੰਡੋਰੀ ਨੂੰ ਮੰਗ ਪੱਤਰ ਸੌਂਪਿਆ
ਮਹਿਲ ਕਲਾਂ (ਨਵਕਿਰਨ ਸਿੰਘ): ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਇਕਾਈ ਨੇ ਹਲਕਾ ਮਹਿਲ ਕਲਾਂ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਜਿਤਾਉਂਦਿਆਂ ਹਲਕਾ ਵਿਧਾਇਕ ਨੇ ਮੰਗ ਪੱਤਰ ਅੱਗੇ ਸਰਕਾਰ ਤੱਕ ਪਹੁੰਚਾਉਣ ਦਾ ਵਾਅਦਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰੇਗੀ ਕਿ ਪੰਜਾਬ ਵਿਧਾਨ ਸਭਾ ਖੇਤੀ ਆਰਡੀਨੈਂਸ ਖ਼ਿਲਾਫ਼ ਬਿੱਲ ਪਾਸ ਕਰੇ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ, ਮੀਤ ਪ੍ਰਧਾਨ ਜਗਤਾਰ ਸਿੰਘ, ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਅਜਮੇਰ ਸਿੰਘ ਹੁੰਦਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਖਿਲਾਫ 15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਕਾਲੀਆਂ ਝੰਡੀਆਂ ਅਤੇ ਕਾਲੀਆਂ ਪੱਟੀਆਂ ਨਾਲ ਮਹਿਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।