ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਭਰ ’ਚ ਪ੍ਰਦਰਸ਼ਨ ਜਾਰੀ ਹਨ। ਯੂਨੀਅਨ ਦੇ ਆਗੂ ਸਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਰਨਾਲਾ ’ਚ ਡੀਸੀ ਦਫ਼ਤਰ ਤੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਐੱਸਡੀਐੱਮ ਦਫ਼ਤਰ ਤੋਂ ਇਲਾਵਾ ਅੱਜ ਸੰਗਰੂਰ, ਮੋਗਾ, ਮਾਲੇਰਕੋਟਲਾ, ਫ਼ਰੀਦਕੋਟ, ਫ਼ਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਭਲਕੇ ਛੇ ਹੋਰ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨਾਂ ਨੇ ਪ੍ਰਦਰਸ਼ਨ ਕਰਦਿਆਂ ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ ਕੀਤੀ ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ਮੰਗ ਪੱਤਰ ਸਬੰਧਿਤ ਅਧਿਕਾਰੀਆਂ ਨੂੰ ਸੌਂਪੇ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ ਨੇ ਸੰਬੋਧਨ ਕੀਤਾ।