ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਦਸੰਬਰ
ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਵੀ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਸੂਬੇ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਘਰਾਂ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਰੇਲਵੇ ਸਟੇਸ਼ਨਾਂ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਪਲਾਂਟ ਸਮੇਤ ਪੰਜਾਬ ਭਰ ’ਚ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਅੱਜ ਬੁਲਾਰਿਆਂ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਦੀ ਨਿਖੇਧੀ ਕੀਤੀ।
ਆਗੂਆਂ ਨੇ ਕਿਹਾ ਕਿ ਉਹ ਬਾਕੀ ਦੀਆਂ ਮੰਗਾਂ ਮੰਨਵਾਏ ਬਿਨਾਂ ਅੰਦੋਲਨ ਖਤਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਮੰਗਾਂ ਬਾਰੇ ਟਾਲ-ਮਟੋਲ ਦੀ ਨੀਤੀ ਅਪਣਾਈ ਹੋਈ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਉਹ ਲੰਮੇ ਸੰਘਰਸ਼ ਲਈ ਤਿਆਰ ਹਨ।
ਇਸੇ ਤਰ੍ਹਾਂ ਅੱਜ ਧਰਨਿਆਂ ਵਿੱਚ ਕਿਸਾਨਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਕਿਹਾ ਕਿ ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਵਜੋਂ ਜਾਣੇ ਜਾਂਦੇ ਡਾ. ਅੰਬੇਡਕਰ ਦਾ ਮਹਾ-ਨਿਰਵਾਣ ਦਿਵਸ ਹੈ। ਭਾਰਤ ਦੇ ਆਮ ਲੋਕਾਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਤੇ ਦਲਿਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਵਿਚ ਡਾ. ਅੰਬੇਡਕਰ ਦਾ ਵੱਡਾ ਯੋਗਦਾਨ ਹੈ। ਅੱਜ ਜਦੋਂ ਫਾਸ਼ੀਵਾਦੀ ਤਾਕਤਾਂ ਸਾਡੇ ਸੰਵਿਧਾਨ ’ਤੇ ਸਭ ਪਾਸਿਓਂ ਹਮਲੇ ਕਰ ਰਹੀਆਂ ਹਨ ਤਾਂ ਸਾਨੂੰ ਡਾ. ਅੰਬੇਡਕਰ ਦੇ ਫਲਸਫੇ ਤੋਂ ਸੇਧ ਲੈਣੀ ਚਾਹੀਦੀ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬਾਬਾ ਸਾਹਿਬ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਤੇ ਭਾਰਤ ਦੇ ਸੰਵਿਧਾਨ ਦੀ ਰੱਖਿਆ ਦਾ ਅਹਿਦ ਲਿਆ। ਇਸ ਮੌਕੇ ਕਿਸਾਨਾਂ ਵੱਲੋਂ ਸਿੰਘੂ ਹੱਦ ’ਤੇ ਮਾਰਚ ਵੀ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਦੀ ਅਗਵਾਈ ਹੇਠ ਤਿਆਰ ਕੀਤੇ ਗਏ ਭਾਰਤੀ ਸੰਵਿਧਾਨ ਵਿੱਚ ਹਰ ਨਾਗਰਿਕ ਨੂੰ ਸਨਮਾਨ ਨਾਲ ਜੀਵਨ ਜਿਉਣ ਦਾ ਅਧਿਕਾਰ ਹੈ। ਇਸ ਨੂੰ ਯਕੀਨੀ ਬਣਾਉਣ ਲਈ ਮੋਰਚਾ ਸੰਘਰਸ਼ ਕਰ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੀਆਂ ਸਰਹੱਦਾਂ ਨੇੜੇ ਵੱਸਦੇ ਨਾਗਰਿਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ 26 ਨਵੰਬਰ 2020 ਤੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੇ ਨੇੜਲੇ ਇਲਾਕੇ ’ਚ ਰਹਿੰਦੇ ਲੋਕਾਂ ਨੂੰ ਸੱਤਾਧਾਰੀ ਪਾਰਟੀ ਅਤੇ ਮੀਡੀਆ ਵੱਲੋਂ ਲਗਾਤਾਰ ਭੜਕਾਇਆ ਗਿਆ ਪਰ ਉਹ ਮੋਰਚੇ ਨਾਲ ਰਹੇ ਤੇ ਮਦਦ ਕੀਤੀ। ਕਿਸਾਨ ਇਸ ਮਦਦ ਨੂੰ ਹਮੇਸ਼ਾ ਯਾਦ ਰੱਖਣਗੇ।