ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਵੱਡਾ ਫੈਸਲਾ ਲੈਂਦਿਆਂ ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਕੇਂਦਰੀ ਪ੍ਰਾਜੈਕਟ ਦਿੱਲੀ-ਕੱਟੜਾ ਐਕਸਪ੍ਰੈਸ ਲਈ ਜ਼ਮੀਨਾਂ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਦਿੱਲੀ-ਕੱਟੜਾ ਐਕਸਪ੍ਰੈਸ ਲਈ ਐਕੁਵਾਇਰ ਹੋਣ ਵਾਲੀਆਂ ਜ਼ਮੀਨਾਂ ਦੇ ਮਾਲਕਾਂ ਤੇ ਕਿਸਾਨਾਂ ਵਲੋਂ ਬਣਾਈ ਕਿਸਾਨ ਸੰਘਰਸ਼ ਕਮੇਟੀ ਵਲੋਂ ਇਹ ਫੈਸਲਾ ਦਿੱਲੀ ਵਿਚ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਜ਼ੁਲਮ ਖ਼ਿਲਾਫ਼ ਰੋਸ ਵਜੋਂ ਲਿਆ ਗਿਆ ਹੈ। ਕਿਸਾਨ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਕਿਸਾਨ ਵਿਰੋਧੀ ਮੋਦੀ ਸਰਕਾਰ ਨੂੰ ਕੇਂਦਰੀ ਪ੍ਰਾਜੈਕਟਾਂ ਲਈ ਜ਼ਮੀਨਾਂ ਨਹੀਂ ਦਿੱਤੀਆਂ ਜਾਣਗੀਆ ਅਤੇ ਇਸ ਕਿਸਾਨ ਮਾਰੂ ਕੇਂਦਰੀ ਪ੍ਰਾਜੈਕਟ ਨੂੰ ਰੱਦ ਕਰਾਉਣ ਲਈ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਿਸਾਨਾਂ ਵਲੋਂ ਦਿੱਲੀ-ਕੱਟੜਾ ਐਕਸਪ੍ਰੈਸ ਖ਼ਿਲਾਫ਼ ਕਾਲੇ ਝੰਡਿਆਂ ਨਾਲ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ ਅਤੇ ਡੀਸੀ ਕੰਪਲੈਕਸ ਦੇ ਤਿੰਨੋਂ ਮੁੱਖ ਗੇਟਾਂ ਅੱਗੇ ਰੋਸ ਧਰਨੇ ਦਿੰਦਿਆਂ ਸ਼ਾਮ ਤੱਕ ਮੁਕੰਮਲ ਘਿਰਾਓ ਰੱਖਿਆ ਗਿਆ। ਤਿੰਨੋਂ ਗੇਟਾਂ ’ਤੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਡਿੱਕੀ ਜੇਜੀ, ਜਗਵਿੰਦਰ ਸਿੰਘ, ਪ੍ਰਦੀਪ ਸਿੰਘ ਹਰਕਿਸ਼ਨਪੁਰਾ, ਸੁਖਦੇਵ ਸਿੰਘ ਸੇਖੋਂ ਅਤੇ ਬਲਵੀਰ ਸਿੰਘ ਬਾਸੀਅਰਖ ਨੇ ਕਿਹਾ ਕਿ ਦਿੱਲੀ ’ਚ ਕਿਸਾਨਾਂ ਨਾਲ ਮੋਦੀ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ ਜਿਸ ਕਰਕੇ ਪੰਜਾਬ ਦੇ ਕਿਸਾਨ ਕੇਂਦਰੀ ਪ੍ਰਾਜੈਕਟ ਦਿੱਲੀ-ਕੱਟੜਾ ਐਕਸਪ੍ਰੈਸ ਲਈ ਜ਼ਮੀਨਾਂ ਨਹੀਂ ਦੇਣਗੇ।