ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 24 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ਅੱਗੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 92ਵੇਂ ਦਿਨ ਵੀ ਜਾਰੀ ਰਿਹਾ। ਅੱਜ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਨੇ ਨੰਗੇ ਧੜ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿੱਧਵਾਂ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ ਨੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਘਬਰਾ ਕੇ ਕੇਂਦਰ ਦੀ ਮੋਦੀ ਸਰਕਾਰ ਗੱਲਬਾਤ ਦਾ ਸੱਦਾ ਤਾਂ ਦੇ ਰਹੀ ਹੈ ਪਰ ਵਾਰ-ਵਾਰ ਖੇਤੀ ਕਾਨੂੰਨਾਂ ਵਿੱਚ ਸੋਧਾਂ ਕਰਨ ਦੀ ਗੱਲ ਰਾਹੀਂ ਅੰਬਾਨੀ, ਅਡਾਨੀ ਦਾ ਪੱਖ ਪੂਰ ਰਹੀ ਹੈ। ਅੱਜ ਜ਼ੋਨ ਪ੍ਰਧਾਨ ਮਿਹਰ ਸਿੰਘ ਤਲਵੰਡੀ, ਦਿਲਬਾਗ ਸਿੰਘ ਸਭਰਾ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਦਾ ਕਾਫ਼ਲਾ ਰੇਲ ਰੋਕੋ ਅੰਦੋਲਨ ਵਿੱਚ ਸ਼ਾਮਲ ਹੋਇਆ। ਇਸੇ ਦੌਰਾਨ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਇੰਦਰਜੀਤ ਸਿੰਘ ਕੱਲੀਵਾਲਾ, ਰਣਜੀਤ ਸਿੰਘ ਕਲੇਰਬਾਲਾ, ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਵੀ ਧਰਨਾ ਲਗਾਤਾਰ ਜਾਰੀ ਹੈ।
ਦਿੱਲੀ ਮੋਰਚੇ ਲਈ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਅਗਲਾ ਜਥਾ ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਟਰੈਕਟਰ ਟਰਾਲੀਆਂ ਲੈ ਕੇ 25 ਦਸੰਬਰ ਨੂੰ ਰਵਾਨਾ ਹੋਵੇਗਾ।