ਦਵਿੰਦਰ ਪਾਲ
ਚੰਡੀਗੜ੍ਹ, 1 ਅਕਤੂਬਰ
ਪੰਜਾਬ ਵਿੱਚ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਅੰਦੋਲਨ ਦੌਰਾਨ ਰੇਲਾਂ ਦਾ ਚੱਕਾ ਜਾਮ ਕਰਨ ਦੇ ਪਹਿਲੇ ਦਿਨ ਅੱਜ ਸੂਬੇ ਵਿੱਚ ਰੇਲ ਮਾਰਗਾਂ ’ਤੇ ਕਿਸਾਨਾਂ ਤੋਂ ਬਿਨਾਂ ਕੁਝ ਹੋਰ ਦਿਖਾਈ ਨਹੀਂ ਦਿੱਤਾ। ਰੇਲਵੇ ਵਿਭਾਗ ਨੇ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਯਾਤਰੂ ਅਤੇ ਮਾਲ ਗੱਡੀਆਂ ਦੀ ਆਵਾਜਾਈ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੀ ਹੈ ਪਰ ਕਿਸਾਨਾਂ ਦਾ ਅੰਦੋਲਨ ਅਣਮਿੱਥੇ ਸਮੇਂ ਦਾ ਹੋਣ ਕਾਰਨ ਰੇਲ ਵਿਭਾਗ ਅਤੇ ਖ਼ੁਫ਼ੀਆ ਏਜੰਸੀਆਂ ਨੂੰ ਚਿੰਤਾ ਹੋਣੀ ਸ਼ੁਰੂ ਹੋ ਗਈ ਹੈ।
ਕਿਸਾਨ ਜਥੇਬੰਦੀਆਂ ਦੇ ਬੁਲਾਰੇ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਅੱਜ 30 ਤੋਂ ਵੱਧ ਥਾਵਾਂ ’ਤੇ ਰੇਲ ਮਾਰਗਾਂ ਉਪਰ ਪੱਕੀ ਮੋਰਚਾਬੰਦੀ ਕੀਤੀ ਗਈ। ਕਿਸਾਨਾਂ ਦੇ ਇਸ ਅੰਦੋਲਨ ਸਦਕਾ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਬਾਕੀ ਪੂਰੇ ਭਾਰਤ ਨਾਲੋਂ ਪੂਰੀ ਤਰ੍ਹਾਂ ਨਾਲ ਕੱਟੇ ਗਏ। ਕਿਸਾਨਾਂ ਨੇ ਕਾਨੂੰਨਾਂ ਦਾ ਪੱਖ ਪੂਰਨ ਵਾਲਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਵੀ ਧਰਨੇ ਦਿੱਤੇ। ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਤਵੰਤ ਸਿੰਘ ਪੂਨੀਆ (ਸੰਗਰੂਰ), ਬਿਕਰਮਜੀਤ ਸਿੰਘ ਚੀਮਾ (ਪਾਇਲ), ਸੁਨੀਤਾ ਗਰਗ (ਕੋਟਕਪੂਰਾ) ਅਤੇ ਅਰੁਣ ਨਾਰੰਗ (ਵਿਧਾਇਕ ਅਬੋਹਰ) ਆਦਿ ਦੇ ਘਰਾਂ ਅੱਗੇ ਰੋਸ ਧਰਨੇ ਸ਼ੁਰੂ ਕੀਤੇ ਗਏ। ਪੂੰਜੀਪਤੀਆਂ ਦੇ ਟਿਕਾਣਿਆਂ ਖਾਸ ਕਰ 15 ਤੋਂ ਵੱਧ ਥਾਵਾਂ ’ਤੇ ਟੋਲ ਪਲਾਜ਼ੇ ਬੰਦ ਕਰਕੇ ਟਰੈਫਿਕ ਨੂੰ ਬਿਨਾਂ ਫੀਸ ਤੋਂ ਲੰਘਣ ਲਈ ਰਾਤ-ਦਿਨ ਦੇ ਧਰਨੇ ਸ਼ੁਰੂ ਕੀਤੇ ਗਏ। ਕਿਸਾਨਾਂ ਨੇ ਮੁਕੇਸ਼ ਅੰਬਾਨੀ ਦੀ ਮਾਲਕੀ ਵਾਲੀ ਕੰਪਨੀ ਰਿਲਾਇੰਸ ਦੇ ਪੈਟਰੋਲ ਪੰਪਾਂ ਅਤੇ ਸ਼ਾਪਿੰਗ ਮਾਲਾਂ ਨੂੰ ਵੀ ਬੰਦ ਕੀਤਾ ਹੋਇਆ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਰੇਲ ਰੋਕੋ ਅੰਦੋਲਨ, ਭਾਜਪਾ ਆਗੂਆਂ ਦਾ ਬਾਈਕਾਟ, ਅਡਾਨੀਆਂ ਤੇ ਅੰਬਾਨੀਆਂ ਦੇ ਕਾਰੋਬਾਰਾਂ ਅਤੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਜਾਂ ਪੰਜਾਬ ਸਰਕਾਰ ਅਸੈਂਬਲੀ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਨਹੀਂ ਕਰਦੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਕਾਰਕੁਨਾਂ ਨੂੰ ਖੇਤੀ ਕਾਨੂੰਨਾਂ ਦੇ ਪੱਖ ’ਚ ਪ੍ਰਚਾਰ ਕਰਨ ਦੇ ਸੱਦੇ ਦਾ ਚੈਲੰਜ ਕਬੂਲ ਕਰਦਿਆਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ-ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਲੇ ਕਾਨੂੰਨ ਛੋਟੀ ਤੇ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਾਰੰਟ ਹਨ। ਬੁਲਾਰਿਆਂ ਨੇ ਕਿਹਾ ਕਿ ਅਣਖੀਲੇ ਜੁਝਾਰੂ ਕਿਸਾਨ, ਮਜ਼ਦੂਰ ਤੇ ਸੰਘਰਸ਼ਸ਼ੀਲ ਲੋਕ ਲੰਬੇ ਸੰਘਰਸ਼ਾਂ ਦੀ ਝੜੀ ਲਾ ਕੇ ਇਹ ਕਾਲੇ ਕਾਨੂੰਨ ਰੱਦ ਕਰਨ ਲਈ ਸਰਕਾਰ ਨੂੰ ਮਜਬੂਰ ਕਰ ਦੇਣਗੇ। ਉਨਾਂ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕੀਤੀਆਂ ਜਾਣ, ਬੇਇਨਸਾਫੀਆਂ ਤੇ ਧੱਕੇਸ਼ਾਹੀਆਂ ਖਿਲਾਫ਼ ਲਿਖਣ-ਬੋਲਣ ਵਾਲੇ ਕਵੀਆਂ, ਬੁੱਧੀਜੀਵੀਆਂ, ਵਕੀਲਾਂ, ਕਲਾਕਾਰਾਂ, ਲੇਖਕਾਂ ਉੱਤੇ ਝੂਠੇ ਕੇਸ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, 90 ਫ਼ੀਸਦੀ ਅੰਗਹੀਣ ਪ੍ਰੋ. ਜੀ ਐਨ ਸਾਈਂਬਾਬਾ, ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਸ਼ਾਂਤਮਈ ਅੰਦੋਲਨਕਾਰੀ ਆਗੂਆਂ ਸਮੇਤ ਸਾਰੇ ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ‘ਕਿਸਾਨਾਂ ਦੇ ਨਾਂ ਸੱਦਾ’ ਪਰਚਾ ਦੋ ਲੱਖ ਦੀ ਗਿਣਤੀ ’ਚ ਛਾਪ ਕੇ ਘਰ-ਘਰ ਵੰਡਿਆ ਜਾ ਰਿਹਾ ਹੈ।
ਕਿਸਾਨਾਂ ਦੇ ਇਕੱਠਾਂ ਨੂੰ ਕੁਲਵੰਤ ਸਿੰਘ ਸੰਧੂ, ਡਾ. ਸਤਨਾਮ ਸਿੰਘ ਅਜਨਾਲਾ, ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ, ਡਾ. ਦਰਸ਼ਨ ਪਾਲ, ਹਰਭਜਨ ਸਿੰਘ ਬੁੱਟਰ, ਬਲਦੇਵ ਸਿੰਘ ਨਿਹਾਲਗੜ੍ਹ, ਭੁਪਿੰਦਰ ਸਿੰਘ ਸਾਂਬਰ, ਨਿਰਭੈ ਸਿੰਘ ਢੁੱਡੀਕੇ, ਜਤਿੰਦਰ ਸਿੰਘ ਛੀਨਾ, ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਭੀਖੀ, ਬਲਬੀਰ ਸਿੰਘ ਰਾਜੇਵਾਲ, ਅਜਮੇਰ ਸਿੰਘ ਲੱਖੋਵਾਲ, ਹਰਿੰਦਰ ਸਿੰਘ ਲੱਖੋਵਾਲ, ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ, ਹਰਮੀਤ ਸਿੰਘ ਕਾਦੀਆਂ, ਸਤਨਾਮ ਸਿੰਘ ਸਾਹਨੀ, ਧਰਮਪਾਲ ਸੀਲ, ਇੰਦਰਜੀਤ ਸਿੰਘ ਕੋਟ ਬੁੱਢਾ, ਹਰਜੀਤ ਸਿੰਘ ਰਵੀ, ਹਰਜਿੰਦਰ ਸਿੰਘ ਟਾਂਡਾ, ਨਿਰਵੈਲ ਸਿੰਘ ਡਾਲੇਕੇ, ਬੋਘ ਸਿੰਘ ਮਾਨਸਾ, ਬਲਵਿੰਦਰ ਸਿੰਘ ਔਲਖ, ਸਤਨਾਮ ਸਿੰਘ ਬਹਿਰੂ, ਗੁਰਬਖ਼ਸ਼ ਸਿੰਘ ਬਰਨਾਲਾ, ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ, ਕੰਵਲਪ੍ਰੀਤ ਸਿੰਘ ਪੰਨੂ, ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ, ਸੁਰਜੀਤ ਸਿੰਘ ਫੂਲ, ਬਲਦੇਵ ਸਿੰਘ ਜੀਰਾ, ਬੂਟਾ ਸਿੰਘ ਸ਼ਾਦੀਪੁਰ, ਬਲਦੇਵ ਸਿੰਘ ਸਿਰਸਾ, ਜੰਗਬੀਰ ਸਿੰਘ ਟਾਂਡਾ, ਮੁਕੇਸ਼ ਚੰਦਰ, ਹਰਪਾਲ ਸਿੰਘ ਸੰਘਾ, ਬਲਵੰਤ ਸਿੰਘ ਬਰਾਮਕੇ ਅਤੇ ਕਿਰਪਾ ਸਿੰਘ ਨੱਥੂਵਾਲਾ ਆਦਿ ਸ਼ਾਮਲ ਹਨ।