ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਅਕਤੂਬਰ
ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਰੇਲ ਆਵਾਜਾਈ ਬੰਦ ਕਰਨ ਦੇ ਸੱਦੇ ਤਹਿਤ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਨੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਪਟੜੀਆਂ ’ਤੇ ਧਰਨੇ ਦਿੱਤੇ। ਇੱਥੇ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵੀ ਕਿਸਾਨਾਂ ਨੇ ਰੇਲ ਪਟੜੀਆਂ ’ਤੇ ਧਰਨਾ ਦੇ ਕੇ ਰੇਲ ਆਵਾਜਾਈ ਰੋਕੀ।
ਕਿਸਾਨਾਂ ਵੱਲੋਂ ਰੇਲ ਪਟੜੀਆਂ ’ਤੇ ਦਿੱਤੇ ਗਏ ਧਰਨਿਆਂ ਕਾਰਨ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਆਉਣ ਜਾਣ ਵਾਲੀਆਂ ਲਗਪਗ 8 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਜਿਸ ਕਾਰਨ ਯਾਤਰੂਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ, ਸਰਯੂ-ਯਮੁਨਾ ਐਕਸਪ੍ਰੈੱਸ, ਸੱਚਖੰਡ ਐਕਸਪ੍ਰੈੱਸ, ਸ਼ਾਨੇ ਪੰਜਾਬ, ਨੰਗਲ ਡੈਮ ਐਕਸਪ੍ਰੈੱਸ ਤੇ ਹੋਰ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਰੇਲ ਪਟੜੀਆਂ ’ਤੇ ਦਿੱਤੇ ਧਰਨੇ ਨੂੰ ਕਿਸਾਨ ਆਗੂ ਰਤਨ ਸਿੰਘ ਰੰਧਾਵਾ, ਬਲਵਿੰਦਰ ਦੁਧਾਲਾ, ਬਲਬੀਰ ਮੂਧਲ, ਸੁੱਚਾ ਸਿੰਘ ਅਜਨਾਲਾ, ਹਰਜੀਤ ਸਿੰਘ ਝੀਤਾ, ਮਹਿਤਾਬ ਸਿੰਘ ਸਿਰਸਾ, ਜਤਿੰਦਰ ਛੀਨਾ, ਦਵਿੰਦਰ ਸਿੰਘ ਚਾਟੀਵਿੰਡ, ਧਨਵੰਤ ਸਿੰਘ ਖਤਰਾਏ ਕਲਾਂ, ਬਲਦੇਵ ਸਿੰਘ ਬੱਲ ਅਤੇ ਕੰਵਲਪ੍ਰੀਤ ਪੰਨੂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਬਾਹਰ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਖੇਤੀ ਕਾਨੂੰਨ ਵਾਪਸ ਲਏ ਜਾਣ, ਪੈਟਰੋਲ-ਡੀਜ਼ਲ ਦੇ ਭਾਅ ਘਟਾਏ ਜਾਣ, ਬੀਐੱਸਐੱਫ ਦਾ ਦਾਇਰਾ ਵਧਾਉਣ ਦਾ ਫ਼ੈਸਲਾ ਵਾਪਸ ਲਿਆ ਜਾਵੇ। ਸਮੂਹ ਕਿਸਾਨ ਜਥੇਬੰਦੀਆਂ ਨੇ 23 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਜੱਲ੍ਹਿਆਂਵਾਲਾ ਬਾਗ ਦਾ ਮੂਲ ਸਰੂਪ ਬਹਾਲ ਕਰਨ ਦੀ ਮੰਗ ਨੂੰ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ-ਦਿੱਲੀ ਮੁੱਖ ਰੇਲ ਮਾਰਗ ’ਤੇ ਧਰਨਾ ਦਿੱਤਾ ਗਿਆ। ਰੇਲ ਰੋਕੋ ਅੰਦੋਲਨ ਨੂੰ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਤੇ ਹੋਰਨਾਂ ਨੇ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ 12 ਜ਼ਿਲ੍ਹਿਆਂ ਵਿੱਚ ਲਗਪਗ 20 ਥਾਵਾਂ ’ਤੇ ਰੇਲਾਂ ਰੋਕਣ ਲਈ ਧਰਨੇ ਦਿੱਤੇ ਗਏ ਹਨ।
ਪਟਿਆਲਾ (ਸਰਬਜੀਤ ਸਿੰਘ ਭੰਗੂ): ‘ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਰਚੇ ਨਾਲ ਸਬੰਧਤ ਕਿਸਾਨ ਧਿਰਾਂ ਨਾਲ ਜੁੜੇ ਕਿਸਾਨਾਂ ਨੇ ਅੱਜ ਪਟਿਆਲਾ ਜ਼ਿਲ੍ਹੇ ’ਚ ਵੱਖ ਵੱਖ ਥਾਈਂ ਰੇਲਾਂ ਰੋਕੀਆਂ ਜਿਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਸਾਨ ਯੂਨੀਅਨ ਡਕੌਂਦਾ, ਕ੍ਰਿਸਾਨ ਯੂਨੀਅਨ ਕ੍ਰਾਂਤੀਕਾਰੀ, ਕਿਸਾਨ ਯੂਨੀਅਨ ਸਿੱਧੂਪੁਰ, ਇੰਡੀਅਨ ਫਾਰਮਰ ਐਸੋਸੀਏਸ਼ਨ, ਕਿਸਾਨ ਮੰਚ ਅਤੇ ਕਿਸਾਨ ਯੂਨੀਅਨ ਚੜੂਨੀ ਸਮੇਤ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੇ ਸ਼ਿਰਕਤ ਕੀਤੀ।
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਦੀ ਕੀਤੀ ਮੰਗ
ਜਲੰਧਰ (ਪਾਲ ਸਿੰਘ ਨੌਲੀ): ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਜੀਪ ਥੱਲੇ ਦਰੜੇ ਜਾਣ ਵਿਰੁੱਧ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਰੇਲਾਂ ਰੋਕਣ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਨੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਰੇਲਵੇ ਲਾਈਨਾਂ ’ਤੇ ਧਰਨੇ ਲਾਈ ਰੱਖੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਅਜੈ ਮਿਸ਼ਰਾ ਮੰਤਰੀ ਦੇ ਅਹੁਦੇ ’ਤੇ ਰਹੇਗਾ ਉਦੋਂ ਤੱਕ ਇਸ ਘਟਨਾ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ। ਦਕੋਹਾ ਰੇਲਵੇ ਫਾਟਕ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਧਰਨਾ ਲਾ ਦਿੱਤਾ ਹੈ ਤੇ ਇੱਕ ਰੇਲ ਨੂੰ ਉਥੇ ਹੀ ਰੋਕ ਲਿਆ। ਪਰਾਗਪੁਰ ਨੇੜੇ ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਅਤੇ ਮਹਿਲਾ ਕਿਸਾਨ ਮੋਰਚੇ ਦੀ ਪ੍ਰਧਾਨ ਰਾਜਵਿੰਦਰ ਕੌਰ ਨੇ ਵੱਡੀ ਗਿਣਤੀ ’ਚ ਔਰਤਾਂ ਸਮੇਤ ਹਿੱਸਾ ਲਿਆ। ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਨੂੰ ਪਰਖ ਦੀ ਆ ਰਹੀ ਹੈ। ਹਰ ਵਾਰ ਅਜਿਹਾ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ ਭੜਕਣ ਤੇ ਹਿੰਸਾ ’ਤੇ ਉਤਾਰੂ ਹੋਣ।