ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਦਸੰਬਰ
ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਪੰਜ ਦਿਨਾਂ ਪੱਕੇ ਰੋਸ ਧਰਨਿਆਂ ਦੇ ਤੀਜੇ ਦਿਨ ਵੀ ਠੰਡ ਦੇ ਬਾਵਜੂਦ ਹਜ਼ਾਰਾਂ ਕਿਸਾਨ ਰੋਸ ਧਰਨੇ ’ਤੇ ਡਟੇ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਭਾਵੇਂ ਕਿ ਅੱਜ ਵੀ ਡੀ.ਸੀ. ਦਫ਼ਤਰ ਦੇ ਤਿੰਨੋਂ ਗੇਟਾਂ ਦਾ ਘਿਰਾਓ ਕੀਤਾ ਜਾਣਾ ਸੀ ਪਰ ਪੰਜਾਬ ਸਰਕਾਰ ਦੀ ਤਰਫ਼ੋਂ 23 ਦਸੰਬਰ ਨੂੰ ਸਵੇਰੇ 9 ਵਜੇ ਜਥੇਬੰਦੀ ਨੂੰ ਮੀਟਿੰਗ ਦਾ ਲਿਖਤੀ ਪੱਤਰ ਮਿਲਣ ਤੋਂ ਬਾਅਦ ਘਿਰਾਓ ਮੁਲਤਵੀ ਕਰ ਦਿੱਤਾ ਗਿਆ ਪਰ ਰੋਸ ਧਰਨੇ ’ਚ ਸੰਘਰਸ਼ੀ ਜੋਸ਼ ਠਾਠਾਂ ਮਾਰ ਰਿਹਾ ਸੀ। ਧਰਨੇ ਵਿੱਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਚੱਲ ਰਹੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਜਨਕ ਸਿੰਘ ਭੂਟਾਲ, ਜਸਵਿੰਦਰ ਸਿੰਘ ਸੋਮਾ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਮੰਗ ਕੀਤੀ ਕਿ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ ਲਈ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੁਰੰਤ ਦਿੱਤਾ ਜਾਵੇ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਤਿੰਨ ਲੱਖ ਰੁਪਏ ਮੁਆਵਜ਼ਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਗੰਨੇ ਦਾ ਭਾਅ 360/- ਰੁਪਏ ਤੁਰੰਤ ਲਾਗੂ ਕੀਤਾ ਜਾਵੇ, ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦੇ ਦੋ ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕੀਤੇ ਜਾਣ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਪੰਜ ਲੱਖ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦਾ ਵਾਅਦਾ ਅਮਲੀ ਰੂਪ ਵਿਚ ਪੂਰਾ ਕੀਤਾ ਜਾਵੇ, ਮਾਨਸਾ ’ਚ ਬੇਰੁਜ਼ਗਾਰ ਅਧਿਆਪਕਾਂ ਉਪਰ ਜਬਰ ਕਰਨ ਵਾਲੇ ਡੀਐੱਸਪੀ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਟੌਲ ਟੈਕਸ ਰੇਟਾਂ ਵਿਚ ਵਾਧਾ ਵਾਪਸ ਲਿਆ ਜਾਵੇ।