ਦਵਿੰਦਰ ਪਾਲ
ਚੰਡੀਗੜ੍ਹ, 2 ਮਈ
ਪੰਜਾਬ ਦੀਆਂ 16 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਸੂਬੇ ਭਰ ’ਚ ਨਹਿਰੀ ਵਿਭਾਗ ਦੇ ਕਾਰਜਕਾਰੀ ਇੰਜਨੀਅਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ। ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਮੰਗ ਪੱਤਰ ਵਿੱਚ ਦੱਸਿਆ ਕਿ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਟੇਲਾਂ ਤੱਕ ਢੁੱਕਵੀਂ ਵਿਵਸਥਾ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨਹਿਰੀ ਪਾਣੀ ਸਬੰਧੀ ਸਰਕਾਰ ਦੀ ਦੇਰੀ ਦਾ ਨੋਟਿਸ ਲੈ ਰਹੀਆਂ ਹਨ। ਇਸ ਨਾਲ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਗੰਭੀਰਤਾ ਉੱਪਰ ਸਵਾਲ ਖੜ੍ਹੇ ਹੁੰਦੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਨੇ ਰੋਸ ਵਜੋਂ ਨਹਿਰੀ ਵਿਭਾਗ ਦੇ ਦਫ਼ਤਰਾਂ ਅੱਗੇ ਧਰਨੇ ਦਿੰਦਿਆਂ ‘ਆਪ’ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਨਹਿਰਾਂ ਨੂੰ ਫੌਰੀ ਚਾਲੂ ਕਰ ਕੇ ਪਾਣੀ ਦੀ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ। ਜਥੇਬੰਦੀਆਂ ਨੇ ਇਹ ਵੀ ਮੰਗ ਕੀਤੀ ਕਿ ਕੱਸੀਆਂ ਅਤੇ ਰਜਬਾਹਿਆਂ ਦੀ ਸਫ਼ਾਈ ਕਰਵਾ ਕੇ ਟੇਲਾਂ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾਵੇ। ਪੰਜਾਬ ਭਰ ’ਚ ਵੱਖ-ਵੱਖ ਥਾਵਾਂ ’ਤੇ ਧਰਨਿਆਂ ਨੂੰ ਭਾਰਤੀ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ ਤੇ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖੋਂ ਸਣੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।
ਕਿਸਾਨਾਂ ਵੱਲੋਂ ਸੰਘਰਸ਼ ਦੀ ਚਿਤਾਵਨੀ
ਪਟਿਆਲਾ (ਸਰਬਜੀਤ ਸਿੰਘ ਭੰਗੂ): ਨਹਿਰੀ ਪਾਣੀ ਦੀ ਘਾਟ ਕਾਰਨ ਰੋਹ ਵਿੱਚ ਆਏ ਕਿਸਾਨਾਂ ਨੇ ਪੁੱਡਾ ਗਰਾਊਂਡ ਵਿੱਚ ਧਰਨਾ ਦਿੱਤਾ। ਇੱਥੇ ਬੀਕੇਯੂ (ਡਕੌਂਦਾ) ਵੱਲੋਂ ਦਿੱਤੇ ਧਰਨੇ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਨਹਿਰੀ ਪਾਣੀ ਦੀ ਸਪਲਾਈ ਨਾ ਸੁਧਾਰੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਢਕੜੱਬਾ, ਸੂਬਾਈ ਖਜ਼ਾਨਚੀ ਰਾਮ ਸਿੰਘ ਮਟੋਰੜਾ, ਜਗਮੇਲ ਸਿੰਘ ਸੁੱਧੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਕਨਸੂਹਾ ਤੇ ਟਹਿਲ ਸਿੰਘ ਕੱਕੇਪੁਰ ਆਦਿ ਨੇ ਕਿਹਾ ਕਿ ਇਸ ਮੌਸਮ ਵਿੱਚ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਲਈ ਲਗਾਤਾਰ ਨਹਿਰੀ ਪਾਣੀ ਤੇ ਬਿਜਲੀ ਸਪਲਾਈ ਦੀ ਲੋੜ ਹੈ ਜੋ ਮਿਲ ਨਹੀਂ ਰਹੇ।
ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਹਰਿਆਣਾ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਦੀ ਹਮਾਇਤ
ਚੰਡੀਗੜ੍ਹ (ਟਨਸ): ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਗੰਨਾ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ, ਸਤਨਾਮ ਸਿੰਘ ਸਾਹਨੀ, ਮਨਜੀਤ ਸਿੰਘ ਰਾਏ, ਕੁਲਦੀਪ ਸਿੰਘ ਵਜੀਦਪੁਰ ਤੇ ਮੁਕੇਸ਼ ਚੰਦਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਗੰਨੇ ਦੀ ਫ਼ਸਲ ਦਾ ਬਕਾਇਆ ਲੈਣ ਲਈ ਪੰਚਕੂਲਾ ’ਚ ਹਰਿਆਣਾ ਦੇ ਗੰਨਾ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਾ ਕੇ ਬੈਠੇ ਹਨ। ਪ੍ਰਸ਼ਾਸਨ ਤੇ ਕਿਸਾਨਾਂ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।