ਪਾਲ ਸਿੰਘ ਨੌਲੀ
ਜਲੰਧਰ, 26 ਦਸੰਬਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਕਿਸਾਨਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਓ ਕੀਤਾ। ਪੁਲੀਸ ਨੇ ਬੈਰੀਕੇਡ ਲਾ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਬੀਕੇਯੂ ਰਾਜੇਵਾਲ ਦੇ ਮੁੱਖ ਬੁਲਾਰੇ ਕਿਸਾਨ ਆਗੂ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਪਿੰਡਾਂ ਤੋਂ ਆਏ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਸੜਕ ’ਤੇ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਤੇ ਭਾਜਪਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹੰਸ ਰਾਜ ਹੰਸ ਦਾ ਘਰ ਘੇਰਨ ਮਗਰੋਂ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਦੇ ਹੁਕਮ ਚੰਦ ਕਲੋਨੀ ਵਿਚਲੇ ਘਰ ਅੱਗੇ ਵੀ ਧਰਨਾ ਦਿੱਤਾ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਭਾਜਪਾ ਆਗੂ ਦੇ ਘਰ ਅੱਗੇ ਜਿੱਥੇ ਬੈਰੀਕੇਡ ਲਗਾਏ ਹੋਏ ਸਨ ਉਥੇ ਨਾਲ ਹੀ ਮਨੁੱਖੀ ਕੰਧ ਵੀ ਬਣਾਈ ਹੋਈ ਸੀ ਪਰ ਕਿਸਾਨਾਂ ਨੇ ਕਿਸੇ ਤਰ੍ਹਾਂ ਦੀ ਵੀ ਕੋਈ ਹੁਲੜਬਾਜ਼ੀ ਨਹੀਂ ਕੀਤੀ। ਕਿਸਾਨ ਭਾਜਪਾ ਆਗੂ ਦੇ ਘਰ ਅੱਗੇ ਲਗਭਗ ਇੱਕ ਘੰਟੇ ਤਕ ਰੋਸ ਧਰਨੇ ’ਤੇ ਬੈਠੇ ਰਹੇ। ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਉਦੋਂ ਤਕ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਜਾਰੀ ਰਹੇਗਾ। ਇਸੇ ਦੇ ਨਾਲ-ਨਾਲ ਰਿਲਾਇੰਸ, ਗੌਤਮ ਅਡਾਨੀ ਅਤੇ ਬਾਬਾ ਰਾਮਦੇਵ ਦੇ ਸਮਾਨ ਦਾ ਬਾਈਕਾਟ ਵੀ ਜਾਰੀ ਰਹੇਗਾ। ਇਸੇ ਦੌਰਾਨ ਕਿਸਾਨਾਂ ਨੇ ਪਠਾਨਕੋਟ ਚੌਕ ਨੇੜੇ ਰਿਲਾਇੰਸ ਦਾ ਗੋਦਾਮ ਵੀ ਬੰਦ ਕਰਵਾਇਆ। ਕਿਸਾਨ ਆਗੂਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ, ਜਿਸ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਮਛਿਆਣਾ, ਰੁੜਕਾ ਕਲਾਂ ਬਲਾਕ ਪ੍ਰਧਾਨ ਪਰਗਟ ਸਿੰਘ ਸਰਹਾਲੀ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੰਡਿਆਲਾ ਤੇ ਗੁਰਵਿੰਦਰ ਸਿੰਘ ਭੱਟੀ ਨੇ ਸੰਬੋਧਨ ਕੀਤਾ।
ਜਿਆਣੀ ਦੇ ਘਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
ਫਾਜ਼ਿਲਕਾ (ਪਰਮਜੀਤ ਸਿੰਘ): ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪਿੰਡ ਕਟਹਿੜਾ ’ਚ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੀ ਕੋਠੀ ਸਾਹਮਣੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਸੁਰਜੀਤ ਕੁਮਾਰ ਜਿਆਣੀ ਹੁਣ ਮੋਦੀ ਦੀ ਬੋਲੀ ਬੋਲ ਰਹੇ ਹਨ ਜਿਸ ਕਾਰਨ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਜ਼ਾਹਰ ਕੀਤਾ। ਕਿਸਾਨਾਂ ਨੇ ਐਲਾਨ ਕੀਤਾ ਕਿ ਰਾਤ ਨੂੰ ਇੱਥੇ ਬਾਕਾਇਦਾ ਲੰਗਰ ਬਣੇਗਾ ਅਤੇ ਕਿਸਾਨ ਇੱਥੇ ਧਰਨਾ ਲਾ ਕੇ ਸੌਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸੁਰਜੀਤ ਕੁਮਾਰ ਜਿਆਣੀ ਪਹਿਲਾਂ ਕਿਸਾਨਾਂ ਦੇ ਪੱਖ ’ਚ ਖੜ੍ਹੇ ਹੋ ਕੇ ਦਾਅਵਾ ਕਰਦੇ ਸਨ ਕਿ ਉਹ ਕਿਸਾਨ ਹਿਤੈਸ਼ੀ ਹਨ ਪਰ ਉਹ ਅੱਜ ਕਿਸਾਨਾਂ ਖਿਲਾਫ਼ ਬੋਲ ਰਹੇ ਹਨ ਜਿਸ ਨਾਲ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਿਆਣੀ ਕਿਸਾਨਾਂ ਦਾ ਸੱਚਾ ਹਿਤੈਸ਼ੀ ਹੈ ਤਾਂ ਉਹ ਉਨ੍ਹਾਂ ਨਾਲ ਧਰਨੇ ’ਚ ਬੈਠੇ ਅਤੇ ਭਾਜਪਾ ਦੇ ਅਹੁਦੇ ਤੋਂ ਅਸਤੀਫਾ ਦੇਵੇ। ਕਿਸਾਨ ਆਗੂਆਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਅਨੁਸਾਰ ਕਾਰਪੋਰੇਟ ਘਰਾਣੇ ਜਿੰਨੀ ਮਰਜ਼ੀ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਕਰ ਸਕਦੇ ਹਨ ਜਿਸ ਨਾਲ ਕਾਲਾਬਾਜ਼ਾਰੀ ਵਧੇਗੀ ਤੇ ਮੰਡੀ ਦਾ ਢਾਂਚਾ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀ ਟੈਕਸ ਦੇ ਰੂਪ ’ਚ ਸੂਬਿਆਂ ਨੂੰ ਮਿਲਣ ਵਾਲਾ ਮਾਲੀਆ ਵੀ ਬੰਦ ਹੋ ਜਾਵੇਗਾ। ਨਵੇਂ ਐਕਟ ਨਾਲ ਕਿਸਾਨ ਵੱਡੇ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਜਾਲ ਵਿਚ ਫਸ ਜਾਣਗੇ ਅਤੇ ਦੂਰ-ਦੂਰ ਤੱਕ ਫਸਲ ਵੇਚਣ ਕਾਰਨ ਕਿਸਾਨਾਂ ਦੇ ਖਰਚ ਵੱਧ ਜਾਣਗੇ ਅਤੇ ਕਿਸਾਨ ਵਪਾਰਕ ਘਰਾਣਿਆਂ ਦੀ ਲੁੱਟ ਦਾ ਸ਼ਿਕਾਰ ਹੋਵੇਗਾ। ਇਸ ਮੌਕੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀ ਲੁੱਟ ਵਧੇਗੀ।
ਦੋ ਭਾਜਪਾ ਆਗੂਆਂ ਵੱਲੋਂ ਅਸਤੀਫੇ
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਸੂਬਾਈ ਕਾਰਜਕਾਰਨੀ ਦੇ ਮੈਂਬਰ ਤੇ ਸੀਨੀਅਰ ਵਕੀਲ ਕਿਸ਼ਨ ਸਿੰਘ ਰਾਜਪੁਰਾ ਨੇ ਪਾਰਟੀ ਦੀ ਕਾਰਜਕਾਰਨੀ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਪੁਸ਼ਟੀ ਕਰਦਿਆਂ ਐਡਵੋਕੇਟ ਕਿਸ਼ਨ ਸਿੰਘ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਆਖਿਆ ਕਿ ਉਨ੍ਹਾਂ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ’ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸੰਵਿਧਾਨਿਕ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ ’ਤੇ ਨਿਰਭਰ ਕਰਦੀ ਹੈ ਪਰ ਪੰਜਾਬ ਨੂੰ ਕਿਸੇ ਹੋਰ ਦੇਸ਼ ਦਾ ਸੂਬਾ ਸਮਝ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਏ ਭਾਜਪਾ ਆਗੂ ਕਿਸਾਨਾਂ ਨੂੰ ਨਕਸਲਵਾੜੀ ਤੇ ਖਾਲਿਸਤਾਨੀ ਕਹਿ ਕੇ ਭੰਡ ਰਹੇ ਹਨ, ਜੋ ਦੇਸ਼ ਦੇ ਹਿੱਤ ਵਿੱਚ ਨਹੀਂ।
ਫਗਵਾੜਾ (ਜਸਬੀਰ ਸਿੰਘ ਚਾਨਾ): ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਖਲਿਆਣ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਪਿੰਡ ਚਚਰਾੜੀ ਲਾਗੇ ਕਿਸਾਨ ਯੂਨੀਅਨ ਵੱਲੋਂ ਲਗਾਏ ਗਏ ਲੰਗਰ ਮੌਕੇ ਉਨ੍ਹਾਂ ਕਿਹਾ ਕਿ ਉਹ ਪਿਛਲੇ 3 ਮਹੀਨਿਆਂ ਤੋਂ ਬੜੇ ਭਰੇ ਮਨ ਨਾਲ ਆਪਣਾ ਸਮਾਂ ਕੱਢ ਰਹੇ ਸਨ ਤੇ ਅੱਜ ਉਨ੍ਹਾਂ ਕਿਸਾਨਾਂ ਨਾਲ ਖੜ੍ਹੇ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਅਹੁਦੇ ਬਾਅਦ ਵਿੱਚ ਆਉਂਦੇ ਹਨ, ਪਹਿਲਾਂ ਉਹ ਕਿਸਾਨ ਹਨ।