ਦਵਿੰਦਰ ਪਾਲ
ਚੰਡੀਗੜ੍ਹ, 16 ਮਈ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਭਲਕ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣਗੀਆਂ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇੱਕ ਮੀਟਿੰਗ ਕਰਦਿਆਂ ਸਰਕਾਰ ਖ਼ਿਲਾਫ਼ ਸੰਘਰਸ਼ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ’ਤੇ ਚੰਡੀਗੜ੍ਹ ਵੱਲ ਚਾਲੇ ਪਾਉਣਗੇ। ਮੀਟਿੰਗ ’ਚ ਸ਼ਾਮਲ ਕਿਸਾਨ ਆਗੂ ਡਾ. ਦਰਸ਼ਨ ਪਾਲ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਫੂਲ, ਹਰਿੰਦਰ ਸਿੰਘ ਲੱਖੋਵਾਲ, ਜਸਵਿੰਦਰ ਸਿੰਘ ਸਾਈਆਂਵਾਲਾ, ਮੇਜਰ ਸਿੰਘ ਪੁੰਨਾਂਵਾਲ, ਸਤਨਾਮ ਸਿੰਘ ਬਾਗੜੀਆਂ, ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ, ਸੁਖਜਿੰਦਰ ਸਿੰਘ ਖੋਸਾ, ਗੁਰਿੰਦਰ ਸਿੰਘ ਭੰਗੂ, ਸੁਖਦੇਵ ਸਿੰਘ ਭੋਜਰਾਜ, ਹਰਪਾਲ ਸਿੰਘ ਸੰਘਾ, ਸੁਖਪਾਲ ਸਿੰਘ ਡੱਫਰ, ਸੁਖਜੀਤ ਸਿੰਘ ਅਤੇ ਇੰਦਰਜੀਤ ਸਿੰਘ ਕੋਟਬੁੱਢਾ ਨੇ ‘ਆਪ’ ਨੂੰ ਸਿਰਫ਼ ਐਲਾਨਾਂ ਦੀ ਸਰਕਾਰ ਗਰਦਾਨਦਿਆਂ ਕਿਹਾ ਕਿ ਸਰਕਾਰ ਨੇ ਵਾਅਦੇ ਅਤੇ ਐਲਾਨ ਤਾਂ ਅਨੇਕ ਕੀਤੇ ਪਰ ਨਿਭਾਇਆ ਕੋਈ ਵੀ ਨਹੀਂ। ਉਨ੍ਹਾਂ ਕਿਹਾ ਕਿ ਬੀਬੀਐੱਮਬੀ ਮਸਲੇ ’ਤੇ ਕਿਸਾਨ ਜਥੇਬੰਦੀਆਂ ਨੇ 25 ਮਾਰਚ ਨੂੰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਇਸ ਮਸਲੇ ’ਤੇ ਕੋਈ ਬਿਆਨ ਜਾਰੀ ਨਹੀਂ ਕੀਤਾ।
ਇਸ ਤੋਂ ਇਲਾਵਾ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਕਣਕ ਦੇ ਘੱਟ ਝਾੜ ਸਬੰਧੀ ਬੋਨਸ ਦੇਣ ਦਾ ਵਾਅਦਾ ਕੀਤਾ ਪਰ ਹਾਲੇ ਤੱਕ ਇਸ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦੀ ਚਿੱਪ ਵਾਲੇ ਮੀਟਰ ਲਗਾਉਣ ਦਾ ਫ਼ੈਸਲਾ ਰੱਦ ਕਰਨ ਦੀ ਮੰਗ ਵੀ ਹਾਲੇ ਤੱਕ ਪੂਰੀ ਨਹੀਂ ਹੋਈ। ਆਗੂਆਂ ਨੇ ਕਿਹਾ ਕਿ ਪਿਛਲੇ ਹਫ਼ਤੇ ਪੰਜਾਬ ਦੇ ਬਿਜਲੀ ਮੰਤਰੀ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਵਿੱਚ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਬੀਜਣ ਦੀ ਖੁੱਲ੍ਹ ਦੇਣ ਤੇ 10 ਮਈ ਤੋਂ ਲਗਾਤਾਰ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ ਸੀ ਪਰ ਇਨ੍ਹਾਂ ਮੰਗਾਂ ’ਤੇ ਵੀ ਕੋਈ ਸਹਿਮਤੀ ਨਹੀਂ ਬਣੀ ਸੀ, ਜਿਸ ਲਈ ਹੁਣ ਕਿਸਾਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਫ਼ੈਸਲਾ ਲਿਆ ਹੈ।
ਆਗੂਆਂ ਨੇ ਦੱਸਿਆ ਕਿ 17 ਮਈ ਨੂੰ ਕਿਸਾਨ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ। ਇਸ ਮਗਰੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੰਡੀਗੜ੍ਹ ਨੂੰ ਚਾਲੇ ਪਾਏ ਜਾਣਗੇ, ਜਿੱਥੇ ਪ੍ਰਸ਼ਾਸਨ ਕਿਸਾਨਾਂ ਦੇ ਕਾਫ਼ਲੇ ਰੋਕੇਗਾ, ਉੱਥੇ ਹੀ ਪੱਕਾ ਮੋਰਚਾ ਲਾ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿਸਾਨੀ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।