ਹਰਪ੍ਰੀਤ ਕੌਰ
ਹੁਸ਼ਿਆਰਪੁਰ, 13 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਸੂਬੇ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ ਉਤੇ ਸੂਬਾ ਸਰਕਾਰ ਅਤੇ ਇੱਥੋਂ ਦੇ ਲੋਕ ਪਹਿਲਾਂ ਹੀ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਪ੍ਰਦਰਸ਼ਨ ਤੇਜ਼ ਕਰਕੇ ਕੇਂਦਰ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ ਤਾਂ ਜੋ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ’ਚ 113 ਥਾਵਾਂ ’ਤੇ ਪ੍ਰਦਰਸ਼ਨ ਹੋਣ ਕਾਰਨ ਸੂਬੇ ’ਚ ਵਿਕਾਸ ਕਾਰਜ ਰੁਕੇ ਹੋਏ ਹਨ। ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਮੁਖਲਿਆਣਾ ’ਚ ਕੈਪਟਨ ਨੇ ਕਿਹਾ ਕਿ ਵਿਧਾਨ ਸਭਾ ਵਿਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੀ ਥਾਂ ’ਤੇ ਸੂਬਾ ਸਰਕਾਰ ਆਪਣੇ ਖੇਤੀ ਕਾਨੂੰਨ ਪਾਸ ਕਰ ਚੁੱਕੀ ਹੈ ਜਿਨ੍ਹਾਂ ਨੂੰ ਰਾਜਪਾਲ ਦੀ ਸਹਿਮਤੀ ਲਈ ਭੇਜਿਆ ਗਿਆ ਸੀ ਪਰ ਰਾਜਪਾਲ ਨੇ ਉਨ੍ਹਾਂ ਨੂੰ ਅੱਗੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ ਹੈ।