ਦਵਿੰਦਰ ਪਾਲ
ਚੰਡੀਗੜ੍ਹ, 21 ਮਈ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਐਲਾਨ ਕੀਤਾ ਹੈ ਕਿ 26 ਮਈ ਨੂੰ ਮੋਦੀ ਸਰਕਾਰ ਵਿਰੁੱਧ ਦੇਸ਼ ਵਿਆਪੀ ਕਾਲਾ ਦਿਵਸ ਮਨਾਉਣ ਤੋਂ ਬਾਅਦ ਜਥੇਬੰਦੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ’ਚ ਤਿੰਨ ਦਿਨਾਂ ਲਈ (28, 29 ਅਤੇ 30 ਮਈ) ਦਿਨ-ਰਾਤ ਦਾ ਧਰਨਾ ਦਿੱਤਾ ਜਾਵੇਗਾ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਹੋਰਨਾਂ ਆਗੂਆਂ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ’ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਇਸ ਲਈ ਕਿਸਾਨ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਕਿਸਾਨੀ ਮੋਰਚੇ ’ਤੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਵਿੱਢੇ ਘੋਲ ਦੇ ਨਾਲ-ਨਾਲ ਕੈਪਟਨ ਸਰਕਾਰ ਵਿਰੁੱਧ ਵੀ ਸੰਘਰਸ਼ ਚਲਾਇਆ ਜਾਵੇ। ਕੋਕਰੀ ਕਲਾਂ ਨੇ ਕਿਹਾ ਕਿ ਜਥੇਬਦੀ ਵੱਲੋਂ ਹਾਲ ਦੀ ਘੜੀ ਤਿੰਨ ਦਿਨ ਦੇ ਧਰਨੇ ਦਾ ਐਲਾਨ ਕੀਤਾ ਹੈ ਤੇ ਬਾਅਦ ਵਿੱਚ ਅਗਲੇ ਐਕਸ਼ਨ ਬਾਰੇ ਵਿਚਾਰ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਮੋਦੀ ਤੇ ਕੈਪਟਨ ਸਰਕਾਰ ਨੂੰ ਕਰੋਨਾਵਾਇਰਸ ਤੋਂ ਲੋਕਾਂ ਨੂੰ ਬਚਾਉਣ ’ਚ ਪੂਰੀ ਤਰ੍ਹਾਂ ਨਾਕਾਮ ਕਰਾਰ ਦਿੰਦਿਆਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਨੂੰ ਤਰਸਦੇ ਲੋਕ ਦਿਨ-ਰਾਤ ਕਰ ਰਹੇ ਹਨ ਤੇ ਸਰਕਾਰਾਂ ਤਮਾਸ਼ਬੀਨ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ’ਚ ਲੱਗੇ ਮੋਰਚਿਆਂ ’ਤੇ ਵੀ ਕਿਸਾਨਾਂ ਨੂੰ ਕਰੋਨਾ ਤੋਂ ਬਚਾਅ ਲਈ ਖੁਦ ਹੀ ਪ੍ਰਬੰਧ ਕਰਨੇ ਪੈ ਰਹੇ ਹਨ। ਸ੍ਰੀ ਕੋਕਰੀ ਨੇ ਦੱਸਿਆ ਕਿ ਦਿੱਲੀ ਮੋਰਚੇ ’ਚ ਦਵਾਈਆਂ, ਆਕਸੀਜਨ, ਔਕਸੀਮੀਟਰ ਤੇ ਹੋਰ ਸਾਰੇ ਬੰਦੋਬਸਤ ਕੀਤੇ ਗਏ ਹਨ ਪਰ ਕਿਸੇ ਵੀ ਸਰਕਾਰ ਨੇ ਕਿਸਾਨਾਂ ਦਾ ਹਾਲ ਨਹੀਂ ਪੁੱਛਿਆ।
ਆਗੂਆਂ ਨੇ ਕਿਹਾ ਕਿ ਪੁਲੀਸ ਵੱਲੋਂ ਮਾਸਕ ਨਾ ਪਹਿਨਣ ਵਾਲੇ ਆਮ ਬੰਦਿਆਂ ਨੂੰ ਹਵਾਲਾਤ ’ਚ ਡੱਕਿਆ ਜਾ ਰਿਹਾ ਹੈ ਤੇ ਸੜਕਾਂ ’ਤੇ ਕੁੱਟਮਾਰ ਕੀਤੀ ਜਾਂਦੀ ਹੈ ਜਦਕਿ ਸਿਆਸੀ ਲੋਕਾਂ ਨੂੰ ਇਕੱਠ ਕਰਨ ਦੀ ਖੁੱਲ੍ਹ ਦਿੱਤੀ ਜਾਂਦੀ ਹੈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਵੈਕਸੀਨ ਜਬਰੀ ਲਾਉਣ ਦਾ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਵੇਗਾ ਪਰ ਜੇ ਕੋਈ ਵਿਅਕਤੀ ਆਪਣੀ ਇੱਛਾ ਨਾਲ ਟੀਕਾ ਲਵਾਉਣਾ ਚਾਹੁੰਦਾ ਹੈ ਤਾਂ ਜਥੇਬੰਦੀ ਨੂੰ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਮਹਾਮਾਰੀ ਨਾਲ ਨਜਿੱਠਣ ਲਈ ਢੁੱਕਵੇਂ ਬੰਦੋਬਸਤ ਕਰਨ ਦੀ ਥਾਂ ਲੌਕਡਾਊਨ ਤੇ ਕਰਫਿਊ ਵਰਗੀਆਂ ਪਾਬੰਦੀਆਂ ਮੜ੍ਹ ਕੇ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਮਜ਼ਦੂਰਾਂ ਦਾ ਰੁਜ਼ਗਾਰ ਉਜਾੜਨ ’ਤੇ ਤੁਲੀਆਂ ਹੋਈਆਂ ਹਨ। ਆਗੂਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਾਲ ਭਰ ਪਹਿਲਾਂ ਆਏ ਵੈਂਟੀਲੇਟਰ ਚਿੱਟੇ ਹਾਥੀ ਬਣੇ ਹੋਏ ਹਨ ਕਿਉਂਕਿ ਇਨ੍ਹਾਂ ਨੂੰ ਚਲਾਉਣ ਲਈ ਸਟਾਫ ਭਰਤੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਵਿੱਚ ਲਗਾਤਾਰ ਜਥੇ ਭੇਜੇ ਜਾਣਗੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਸੇਵਾਦਾਰ ਨਾ ਹੋ ਕੇ ਕਾਰਪੋਰੇਟ ਦੇ ਸੇਵਾਦਾਰ ਸਾਬਤ ਹੋਏ ਹਨ।