ਦਵਿੰਦਰ ਪਾਲ
ਚੰਡੀਗੜ੍ਹ, 30 ਅਪਰੈਲ
ਪੰਜਾਬ ਭਰ ’ਚ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਕਿਸਾਨੀ-ਧਰਨਿਆਂ ਦਾ 212ਵਾਂ ਦਿਨ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਿਹਾ। ਕਿਸਾਨਾਂ ਨੇ ਗੁਰੂ ਤੇਗ ਬਹਾਦਰ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਜਬਰ-ਜ਼ੁਲਮ ਖ਼ਿਲਾਫ਼ ਲੜਦੇ ਰਹਿਣ ਦਾ ਅਹਿਦ ਕੀਤਾ।
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਾਡੀ ਮਿੱਟੀ ਨੂੰ ਇਸ ਗੱਲ ਦਾ ਮਾਣ ਹੈ ਕਿ ਇਸ ਧਰਤੀ ਦੇ ਵਾਰਸਾਂ ਨੇ ਹਕੂਮਤੀ ਜਬਰ ਅੱਗੇ ਕਦੇ ਵੀ ਸਿਰ ਨਹੀਂ ਝੁਕਾਇਆ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਵੀ ਮਜ਼ਦੂਰ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦੇ ਸਹਿਯੋਗ ਨਾਲ ਪੰਜਾਬ ਭਰ ਵਿੱਚ ਪਹਿਲੀ ਮਈ ਨੂੰ ‘ਕਿਸਾਨ-ਮਜ਼ਦੂਰ ਏਕਤਾ ਦਿਵਸ’ ਵਜੋਂ ਮਨਾਇਆ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਦਿੱਲੀ ਦੇ ਮੋਰਚਿਆਂ ਵਿੱਚ ‘ਕਿਸਾਨ-ਮਜ਼ਦੂਰ ਏਕਤਾ ਦਿਵਸ’ ਮਨਾਉਣ ਲਈ ਪੰਜਾਬ ਦੇ ਮਾਨਸਾ, ਨਵਾਂਸ਼ਹਿਰ, ਬਠਿੰਡਾ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਜ਼ਿਲ੍ਹਿਆਂ ਤੋਂ ਮਜ਼ਦੂਰਾਂ ਅਤੇ ਕਿਸਾਨਾਂ ਦੇ ਵੱਡੇ ਜਥਿਆਂ ਨੇ ਦਿੱਲੀ ਵੱਲ ਨੂੰ ਕੂਚ ਕੀਤਾ। ਜਥੇਬੰਦੀਆਂ ਨੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ਇਤਿਹਾਸਕ ਦਿਨ ਮੌਕੇ ਦਿੱਲੀ ਮੋਰਚਿਆਂ ’ਤੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨ ਦਾ ਸੱਦਾ ਦਿੱਤਾ।