ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਦਸੰਬਰ
ਕਿਸਾਨ ਸੰਘਰਸ਼ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਘਰਾਂ ਨੂੰ ਪਰਤ ਰਹੇ ਕਿਸਾਨਾਂ ਦਾ ਰਾਜਪੁਰਾ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ, ਪ੍ਰਗਤੀਸ਼ੀਲ ਲੇਖਕ ਸੰਘ ਅਤੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ (ਇਪਟਾ) ਦੇ ਲੇਖਕਾਂ ਅਤੇ ਰੰਗਕਰਮੀਆਂ ਨੇ ਨਿੱਘਾ ਸਵਾਗਤ ਕੀਤਾ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ, ਖੇਤੀ ਮਾਹਿਰ ਡਾ. ਸੁਖਪਾਲ ਸਿੰਘ, ਪ੍ਰਗਤੀਸ਼ੀਲ ਲੇਖਕ ਸੰਘ ਚੰਡੀਗੜ੍ਹ ਦੇ ਸਕੱਤਰ ਡਾ. ਗੁਰਮੇਲ ਸਿੰਘ ਅਤੇ ਇਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਲਗਪਗ 50 ਲੇਖਕ, ਰੰਗਕਰਮੀ ਅਤੇ ਕਲਾਕਾਰ ਸ਼ਾਮਲ ਸਨ।
ਕੇਂਦਰੀ ਪੰਜਾਬੀ ਲੇਖਕ ਸਭਾ, ਪ੍ਰਗਤੀਸ਼ੀਲ ਲੇਖਕ ਸੰਘ ਅਤੇ ਇਪਟਾ ਦੇ ਆਗੂਆਂ ਨੇ ਇੰਗਲੈਂਡ ਦੇ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਛਪਵਾਇਆ ਗਿਆ ਕਿਸਾਨ ਅੰਦੋਲਨ ਨੂੰ ਸਮਰਪਿਤ 2022 ਦਾ ਕੈਲੰਡਰ ਲੋਕ ਅਰਪਣ ਕੀਤਾ। ਪ੍ਰਧਾਨ ਦਰਸ਼ਨ ਬੁੱਟਰ ਤੇ ਡਾ. ਸਿਰਸਾ ਨੇ ਕਿਹਾ ਕਿ ਇਹ ਕਾਰਪੋਰੇਟਸ ਖ਼ਿਲਾਫ਼ ਭਾਰਤੀ ਕਿਸਾਨ-ਮਜ਼ਦੂਰ ਸੰਘਰਸ਼ ਦਾ ਪਹਿਲਾ ਪੜਾਅ ਹੈ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਭਾਰਤੀ ਆਵਾਮ ਦੀ ਸਰਗਰਮ ਭਾਗੀਦਾਰੀ ਨਾਲ ਫ਼ਤਹਿ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸਭਾ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਂਦੀ ਰਹੇਗੀ। ਕਿਸਾਨਾਂ ਦਾ ਸਵਾਗਤ ਕਰਨ ਵਾਲੇ ਲੇਖਕਾਂ ਵਿੱਚ ਕਰਮ ਸਿੰਘ ਵਕੀਲ, ਇੰਦਰਜੀਤ ਰੂਪੋਵਾਲੀ, ਬਲਕਾਰ ਸਿੱਧੂ, ਕੰਵਲਨੈਣ ਸਿੰਘ ਸੇਖੋਂ, ਕੁਲਦੀਪ ਸਿੰਘ ਦੀਪ, ਬਲਵਿੰਦਰ ਸੰਧੂ, ਜੈਨੇਂਦਰ ਚੌਹਾਨ, ਜਗਜੀਤ ਸਿੰਘ, ਕਿਰਪਾਲ ਸਿੰਘ ਹੀਰਾ, ਬਲਵਿੰਦਰ ਚਹਿਲ, ਪ੍ਰੋ. ਮਨਪ੍ਰੀਤ ਜੱਸ, ਡਾ. ਵੀਰਪਾਲ ਕੌਰ, ਡਾ. ਮਲਕੀਤ ਕੌਰ, ਬਲਦੇਵ ਸਪਤਰਿਸ਼ੀ, ਵਿੱਕੀ ਮਹੇਸ਼ਵਰੀ ਅਤੇ ਪ੍ਰੋ. ਸੰਦੀਪ ਕੌਰ ਵੀ ਸ਼ਾਮਲ ਸਨ।