ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦੇ ਘਿਰਾਓ ਦੇ ਚੌਥੇ ਦਿਨ ਅਤੇ ਪੱਕੇ ਮੋਰਚੇ ਦੇ ਪੰਦਰਵੇਂ ਦਿਨ ਡਟੇ ਹਜ਼ਾਰਾਂ ਕਿਸਾਨਾਂ ਵੱਲੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਸੱਦੇ ’ਤੇ ਫੁੱਲ ਚੜ੍ਹਾਉਂਦਿਆਂ ਮੋਰਚੇ ’ਤੇ ਹੀ ਡਟੇ ਰਹਿਣ ਅਤੇ ਮੁੱਖ ਮੰਤਰੀ ਦੀ ਕੋਠੀ ਅੱਗੇ ‘ਸੰਘਰਸ਼ੀ ਦੀਵਾਲੀ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ।
ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਦੀਵਾਲੀ ਸੰਘਰਸ਼ਾਂ ਦੇ ਮੈਦਾਨਾਂ ’ਚ ਹੀ ਲੰਘਦੀ ਹੈ। ਇਹ ਚੌਥੀ ਦੀਵਾਲੀ ਹੈ ਜੋ ਕਿਸਾਨ ਸੜਕਾਂ ’ਤੇ ਹੀ ਮਨਾਉਣਗੇ। ਉਨ੍ਹਾਂ ਕਿਹਾ ਕਿ ਭਲਕੇ 24 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਘਰਸ਼ ਜਾਰੀ ਰੱਖਦਿਆਂ ਰਾਤ ਨੂੰ ਨਾਟਕਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਹੋਈ ਦੋ ਗੇੜ ਦੀ ਮੀਟਿੰਗ ਵਿੱਚ ਜੋ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ਦੇ ਜਵਾਬ ਵਿੱਚ ਸਰਕਾਰ ਵੱਲੋਂ ਅਸਿੱਧੇ ਤੌਰ ’ਤੇ ਇਨਕਾਰ ਕਰ ਦਿੱਤਾ ਗਿਆ ਹੈ। ਸੰਘਰਸ਼ੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਗੱਲ ਕਰਦਿਆਂ ਸ੍ਰੀ ਉਗਰਾਹਾਂ ਨੇ ਕਿਹਾ ਕਿ ਜਿਹੜੀ ਸਰਕਾਰ ਆਪਣਿਆਂ ਨੂੰ ਕਰੋੜਾਂ ਰੁਪਏ ਦੇ ਸਕਦੀ ਹੈ, ਉਹ ਸ਼ਹੀਦ ਕਿਸਾਨਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਸੰਘਰਸ਼ ਦੀ ਗੱਲ ਹਾਲੇ ਮੁੱਕੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮਗਰੋਂ ਸੂਬਾ ਕਮੇਟੀ ਦੀ ਮੀਟਿੰਗ ਕਰ ਕੇ ਸੰਘਰਸ਼ ਬਾਰੇ ਅਗਲਾ ਫ਼ੈਸਲਾ ਲਿਆ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਲਕੇ ਸੰਘਰਸ਼ੀ ਦੀਵਾਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ। ਪੱਕੇ ਮੋਰਚੇ ਦੌਰਾਨ ਅੱਜ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵੱਲੋਂ ਹਰਕੇਸ਼ ਚੌਧਰੀ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਨਾਲ ਸਬੰਧਤ ਇਨਕਲਾਬੀ ਨਾਟਕ ‘ਛਿਪਣ ਤੋਂ ਪਹਿਲਾਂ’ ਖੇਡਿਆ ਗਿਆ। ਨਾਟਕ ਦੀ ਜਜ਼ਬਾਤੀ ਪੇਸ਼ਕਾਰੀ ਨੇ ਸਰੋਤਿਆਂ ਨੂੰ ਬੇਹੱਦ ਪ੍ਰਭਾਵਿਤ ਕੀਤਾ।