ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨਗੇ ਕਿਸਾਨ

ਕਿਸਾਨਾਂ ਦੀ ਇੰਚ ਜ਼ਮੀਨ ਐਕੁਆਇਰ ਨਹੀਂ ਹੋਣ ਦਿਆਂਗੇ: ੳੁਗਰਾਹਾਂ/ਰਾਜੇਵਾਲ, ਧਨੇਰ ਤੇ ਕਾਦੀਆਂ ਵੱਲੋਂ ਹਮਾਇਤ ਦਾ ਐਲਾਨ
ਜਗਰਾਉਂ ’ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ।
Advertisement

ਜਸਬੀਰ ਸ਼ੇਤਰਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅਰਬਨ ਅਸਟੇਟ ਵਸਾਉਣ ਦੇ ਨਾਂ ’ਤੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਐਕੁਆਇਰ ਕਰਨ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਇਥੇ ਪੀੜਤ ਕਿਸਾਨਾਂ ਦੀ ਮੀਟਿੰਗ ਵਿੱਚ ਪੁੱਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਮੁੱਦੇ ’ਤੇ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਲੜਾਈ ’ਚ ਸਿਆਸੀ ਧਿਰਾਂ ਤੋਂ ਝਾਕ ਛੱਡਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਦੀ ਇਕ ਇੰਚ ਜ਼ਮੀਨ ਵੀ ਧੱਕੇ ਨਾਲ ਖੋਹਣ ਦੀ ਕੋਸ਼ਿਸ਼ ਸਿਰੇ ਨਹੀਂ ਚੜ੍ਹਨ ਦਿੱਤੀ ਜਾਵੇਗੀ। ਇਕੱਤਰਤਾ ਵਿੱਚ ਹੋਰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਉਨ੍ਹਾਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਲੀ ਸੰਘਰਸ਼ ਦੀ ਤਰਜ਼ ’ਤੇ ਹੀ ਲੜਾਈ ਲੜਨ ਦਾ ਅਹਿਦ ਲਿਆ। ਮੀਟਿੰਗ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਬੀਕੇਯੂ (ਰਾਜੇਵਾਲ), ਬੀਕੇਯੂ (ਡਕੌਂਦਾ), ਬੀਕੇਯੂ (ਕਾਦੀਆਂ) ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਜੋਗਿੰਦਰ ਸਿੰਘ ਉਗਰਾਹਾਂ ਨੇ ਪੀੜਤਾਂ ਨੂੰ ਤਕੜੇ ਹੋ ਕੇ ਲੜਾਈ ਦੇ ਮੈਦਾਨ ਵਿੱਚ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਆਪਣੀ ਜਥੇਬੰਦੀ ਵੱਲੋਂ ਪੰਜਾਬ ਪੱਧਰੀ ਹਮਾਇਤ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਜ਼ਮੀਨਾਂ ਦੀ ਲੜਾਈ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਤਬਕਿਆਂ ਦੀ ਵੱਡੀ ਤਾਕਤ ਜੋੜ ਕੇ ਹੀ ਜਿੱਤੀ ਜਾ ਸਕਦੀ ਹੈ, ਨਾ ਕਿ ਸਿਆਸੀ ਪਾਰਟੀਆ ਤੋਂ ਝਾਕ ਰੱਖ ਕੇ। ਬੀਕੇਯੂ (ਡਕੌਂਦਾ) ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਸਾਨ ਜਥੇਬੰਦੀਆਂ ਦੇ ਏਕੇ ’ਤੇ ਜ਼ੋਰ ਦਿੱਤਾ।

Advertisement

ਬਲਬੀਰ ਸਿੰਘ ਰਾਜੇਵਾਲ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਡਟਵੀਂ ਹਮਾਇਤ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਆਲ ਪਾਰਟੀ ਮੀਟਿੰਗ ਵਿੱਚ ਸੱਤਾਧਾਰੀ ਧਿਰ ਨੇ ਸ਼ਾਮਲ ਨਾ ਹੋ ਕੇ ਆਪਣੇ ਇਰਾਦੇ ਸਾਫ ਕਰ ਦਿੱਤੇ ਹਨ। ਇਸ ਮੀਟਿੰਗ ਵਿੱਚ ਪੱਖ ਰੱਖਣ ਦੀ ਥਾਂ ਖਜ਼ਾਨਾ ਮੰਤਰੀ ਬਾਅਦ ਵਿੱਚ ਮੀਡੀਆ ਅੱਗੇ ਨੀਤੀ ਦੇ ਫਾਇਦੇ ਗਿਣਾਉਂਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ 30 ਜੁਲਾਈ ਨੂੰ ਹਜ਼ਾਰਾਂ ਟਰੈਕਟਰਾਂ ’ਤੇ ਸਵਾਰ ਹੋ ਕੇ ਕਿਸਾਨ ਮਜ਼ਦੂਰ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨਗੇ ਅਤੇ 24 ਅਗਸਤ ਨੂੰ ਇਸ ਨੀਤੀ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਪੰਜਾਬ ਪੱਧਰ ਦਾ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਬੀਕੇਯੂ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਪੰਜਾਬ ਕਿਸਾਨ ਯੂਨੀਅਨ ਦੇ ਸ਼ਮਸ਼ੇਰ ਸਿੰਘ ਆਸੀ ਨੇ ਵੀ ਸੰਬੋਧਨ ਕੀਤਾ।

Advertisement