ਗੁਰਿੰਦਰ ਸਿੰਘ
ਲੁਧਿਆਣਾ, 30 ਅਪਰੈਲ
ਇੱਥੋਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਅੱਜ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਬਲਵੰਤ ਸਿੰਘ ਬਹਿਰਾਮਕੇ ਅਤੇ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਹੋਈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਸਾਰੀਆਂ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਅਤੇ ਪੰਜਾਬ ਦੇ ਭਖਦੇ ਮਸਲਿਆਂ ਤੋਂ ਇਲਾਵਾ ਫ਼ੈਸਲਾ ਕੀਤਾ ਗਿਆ ਹੈ ਕਿ 5 ਮਈ ਨੂੰ ਪੰਜਾਬ ਤੋਂ ਇੱਕ ਵੱਡਾ ਕਾਫ਼ਲਾ ਲਖੀਮਪੁਰ ਖੀਰੀ ਜਾਵੇਗਾ, ਜਿੱਥੇ ਸ਼ਹੀਦ ਕਿਸਾਨਾਂ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵੀ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ 17 ਮਈ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣਗੀਆਂ, ਜਿੱਥੇ ਕਣਕ ਦੇ ਬੋਨਸ, ਪ੍ਰੀਪੇਡ ਮੀਟਰਾਂ, ਘੱਟੋ-ਘੱਟ ਸਮਰਥਨ ਮੁੱਲ ਤੇ ਐੱਮਐੱਸਪੀ ਦਾ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 17 ਅਪਰੈਲ ਨੂੰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਤੇ ਜਥੇਬੰਦੀਆਂ ਨੂੰ ਕਣਕ ਦੇ ਘੱਟ ਝਾੜ ’ਤੇ ਬੋਨਸ ਦੇਣ, ਬਿਜਲੀ ਸਪਲਾਈ ਯਕੀਨੀ ਬਣਾਾਉਣ, ਮੂੰਗੀ, ਮੱਕੀ, ਬਾਸਮਤੀ ’ਤੇ ਘੱਟੋ ਘੱਟ ਸਮਰਥਨ ਮੁੱਲ ਅਤੇ ਐੱਮਐੱਸਪੀ ਦੇਣ ਦਾ ਭਰੋਸਾ ਦਿੱਤਾ ਸੀ ਪਰ ਇਸ ਸਬੰਧੀ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਸੁਖਜਿੰਦਰ ਸਿੰਘ ਖੋਸਾ, ਗੁਰਮੀਤ ਸਿੰਘ ਮਹਿਮਾ, ਸੁਰਜੀਤ ਸਿੰਘ ਫੂਲ, ਹਰਦੇਵ ਸਿੰਘ ਸੰਧੂ ਤੇ ਹੋਰ ਆਗੂ ਹਾਜ਼ਰ ਸਨ।