ਜੋਗਿੰਦਰ ਸਿੰਘ ਓਬਰਾਏ
ਖੰਨਾ, 2 ਨਵੰਬਰ
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਲਈ ਮਾਲ ਗੱਡੀਆਂ ਚਾਲੂ ਕਰਕੇ ਪੰਜਾਬ ਦੀ ਆਰਥਿਕ ਘੇਰਾਬੰਦੀ ਖ਼ਤਮ ਨਾ ਕੀਤੀ ਤਾਂ ਪੰਜਾਬ ਦੇ ਕਿਸਾਨ ਹਰਿਆਣਾ, ਯੂਪੀ, ਰਾਜਸਥਾਨ ਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਦਿੱਲੀ ਨੂੰ ਦੁੱਧ, ਸਬਜ਼ੀਆਂ, ਚਾਰਾ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਸਪਲਾਈ ਬੰਦ ਕਰਨਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਮੰਜੀ ਸਾਹਿਬ ਕੋਟਾਂ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ। ਸ੍ਰੀ ਰਾਜੇਵਾਲ ਨੇ ਕਿਹਾ ਕਿ 5 ਨਵੰਬਰ ਨੂੰ ਕਿਸਾਨ ਅੰਦੋਲਨ ਲਈ ਦੁਪਹਿਰ 12 ਤੋਂ 4 ਵਜੇ ਤੱਕ ਚੱਕਾ ਜਾਮ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਅਤੇ 26 ਨਵੰਬਰ ਨੂੰ ‘ਦਿੱਲੀ ਚੱਲੋ’ ਦੇ ਸੱਦੇ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ।