ਜਸਬੀਰ ਸਿੰਘ ਚਾਨਾ
ਫਗਵਾੜਾ, 25 ਅਗਸਤ
ਸੰਯੁਕਤ ਕਿਸਾਨ ਮੋਰਚੇ ਦੀਆਂ 31 ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ’ਚ 5 ਸਤੰਬਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਤੇ ਰਿਹਾਇਸ਼ਾਂ ਅੱਗੇ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ। ਇਹ ਐਲਾਨ ਅੱਜ ਜਥੇਬੰਦੀਆਂ ਵਲੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ।
ਮੀਟਿੰਗ ਦੀ ਪ੍ਰਧਾਨਗੀ ਬੂਟਾ ਸਿੰਘ ਬੁਰਜਗਿੱਲ ਨੇ ਕੀਤੀ। ਇਸ ਮੌਕੇ ਨਿਰਭੈ ਸਿੰਘ ਢੁੱਡੀਕੇ, ਅਵਤਾਰ ਸਿੰਘ ਮੇਹਲੋਂ, ਬਖਤਾਵਰ ਸਿੰਘ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਤੇ ਹੋਰ ਕਿਸਾਨੀ ਮਸਲਿਆਂ ’ਤੇ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਤੇ ਲੰਪੀ ਸਕਿਨ ਬਿਮਾਰੀ ਨਾਲ ਮਰ ਰਹੇ ਪਸ਼ੂਆਂ ਦਾ ਮੁਆਵਜ਼ਾ, ਬਿਮਾਰ ਪਸ਼ੂਆਂ ਦਾ ਇਲਾਜ, ਅਵਾਰਾ ਪਸ਼ੂਆਂ ਦੀ ਵੈਕਸੀਨ ਤੇ ਉਨ੍ਹਾਂ ਦੀ ਸੰਭਾਲ ਦੀ ਸਮੱਸਿਆ, ਦੁੱਧ ਦੇ ਰੇਟਾਂ ’ਚ ਵਾਧਾ ਤੇ ਹੜ੍ਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ਾ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਨ੍ਹਾਂ ਮਸਲਿਆਂ ਦਾ ਹੱਲ ਨਾ ਕੱਢਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹਰਮੀਤ ਸਿੰਘ ਕਾਦੀਆਂ, ਰਾਮਿੰਦਰ ਸਿੰਘ ਪਟਿਆਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਜਗਸੀਰ ਸਿੰਘ ਸਾਦਿਕ ਫ਼ਰੀਦਕੋਟ, ਹਰਜੀਤ ਸਿੰਘ ਰਵੀ, ਅਵਤਾਰ ਸਿੰਘ ਮਹਿਮਾ, ਕਿਰਨਜੀਤ ਸਿੰਘ ਸੇਖੋਂ, ਜੰਗਵੀਰ ਸਿੰਘ ਟਾਂਡਾ, ਵੀਰ ਸਿੰਘ ਬੜਵਾ, ਲਖਵਿੰਦਰ ਸਿੰਘ ਆਦਿ ਮੌਜੂਦ ਸਨ।