ਆਤਿਸ਼ ਗੁਪਤਾ
ਚੰਡੀਗੜ੍ਹ, 12 ਮਾਰਚ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਮਹਿੰਗਾਈ ਖ਼ਿਲਾਫ਼ ਆਵਾਜ਼ ਵੀ ਗੂੰਜਣ ਲੱਗੀ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚ 125 ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ’ਚ ਭਾਜਪਾ ਆਗੂਆਂ ਦਾ ਵਿਰੋਧ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ। ਬੀਕੇਯੂ ਏਕਤਾ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 15 ਮਾਰਚ ਨੂੰ ‘ਸਰਕਾਰ ਵਿਰੋਧੀ ਦਿਵਸ’ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦਿਨ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਨਾਲ-ਨਾਲ ਦੇਸ਼ ਵਿੱਚ ਤੇਲ ਅਤੇ ਗੈਸ ਕੀਮਤਾਂ ’ਚ ਵਾਧੇ ਅਤੇ ਮਹਿੰਗਾਈ ਖ਼ਿਲਾਫ਼ ਰੋਸ ਪ੍ਰਗਟਾਇਆ ਜਾਵੇਗਾ। ਕਿਸਾਨਾਂ ਨੇ ਮਹਿੰਗਾਈ ਅਤੇ ਸਰਕਾਰੀ ਖੇਤਰ ਦੇ ਨਿੱਜੀਕਰਨ ਖ਼ਿਲਾਫ਼ ਡੀਸੀ ਅਤੇ ਐੱਸਡੀਐਮ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਇਨ੍ਹਾਂ ਪ੍ਰਦਰਸ਼ਨਾਂ ’ਚ ਸੂਬੇ ਦੀਆਂ ਮਜ਼ਦੂਰ ਜਥੇਬੰਦੀਆਂ ਵੀ ਹਿੱਸਾ ਲੈਣਗੀਆਂ।